- ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਵਸ ਮਨਾਉਣ ਬਾਰੇ ਬੱਚਤ ਭਵਨ ਵਿਖੇ ਕੀਤੀ ਮੀਟਿੰਗ
ਫਤਹਿਗੜ੍ਹ ਸਾਹਿਬ, 20 ਜੁਲਾਈ : ਜਲ੍ਹਿਆਂ ਵਾਲੇ ਬਾਗ ਦੇ ਖੂਨੀ ਸਾਕੇ ਦਾ ਬਦਲਾ ਦੁਸ਼ਮਣ ਦੇ ਘਰ ਜਾ ਕੇ ਲੈਣ ਵਾਲੇ ਮਹਾਨ ਦੇਸ਼ ਭਗਤ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਰੋਜ਼ਾ ਸ਼ਰੀਫ ਨੇੜੇ ਉਨ੍ਹਾਂ ਦੇ ਸਮਾਰਕ ਤੇ ਜ਼ਿਲ੍ਹਾ ਪੱਧਰੀ ਸ਼ਰਧਾਂਜਲੀ ਸਮਾਰੋਹ ਦਾ ਆਯੋਜਨ ਕੀਤਾ ਜਾਵੇਗਾ ਜਿਸ ਵਿੱਚ ਜ਼ਿਲ੍ਹੇ ਦੀਆਂ ਪ੍ਰਮੁੱਖ ਸਖਸ਼ੀਅਤਾਂ ਮਹਾਨ ਦੇਸ਼ ਭਗਤ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀਆਂ ਭੇਂਟ ਕਰਨਗੀਆਂ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਬੱਚਤ ਭਵਨ ਵਿਖੇ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਉਨ੍ਹਾਂ ਕਿਹਾ ਕਿ ਸ਼ਹੀਦ ਸਾਡੀ ਕੌਮ ਦਾ ਸਰਮਾਇਆ ਹੁੰਦੇ ਹਨ ਇਸ ਲਈ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਉਨ੍ਹਾਂ ਮਹਾਨ ਸ਼ਹੀਦਾਂ ਵੱਲੋਂ ਵਿਖਾਏ ਮਾਰਗ ਤੇ ਚੱਲਦੇ ਹੋਏ ਦੇਸ਼ ਅਤੇ ਸੂਬੇ ਦੇ ਵਿਕਾਸ ਵਿੱਚ ਯੋਗਦਾਨ ਪਾਈਏ। ਡਿਪਟੀ ਕਮਿਸ਼ਨਰ ਨੇ ਨਗਰ ਕੌਂਸਲ ਸਰਹਿੰਦ ਦੇ ਕਾਰਜ ਸਾਧਕ ਅਫਸਰ ਨੂੰ ਕਿਹਾ ਕਿ ਸ਼ਹੀਦ ਊਧਮ ਸਿੰਘ ਦੇ ਸਮਾਰਕ ਦੇ ਆਲੇ ਦੁਆਲੇ ਦੀ ਸਾਫ ਸਫਾਈ ਯਕੀਨੀ ਬਣਾਈ ਜਾਵੇ । ਉਨ੍ਹਾਂ ਬਾਗਬਾਨੀ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ 31 ਜੁਲਾਈ ਨੂੰ ਸ਼ਹੀਦੀ ਸਮਾਰਕ ਸਜਾਵਟ ਅਤੇ ਫੁੱਲਾਂ ਦਾ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੁੰ ਕਿਹਾ ਕਿ ਸ਼ਹੀਦੀ ਸਮਾਰਕ ਤੇ ਸੁਰੱਖਿਆ ਤੇ ਸੁਚੱਜੀ ਟਰੈਫਿਕ ਵਿਵਸਥਾ ਦੇ ਪ੍ਰਬੰਧ ਕੀਤੇ ਜਾਣ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀਮਤੀ ਹਰਜੋਤ ਕੌਰ, ਐਸ.ਪੀ. (ਐਚ) ਸ਼੍ਰੀ ਰਮਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਸੁਰਿੰਦਰ ਸਿੰਘ ਧਾਲੀਵਾਲ, ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਸ਼੍ਰੀ ਹਰਪ੍ਰੀਤ ਸਿੰਘ ਅਟਵਾਲ, ਸਹਾਇਕ ਕਮਿਸ਼ਨਰ (ਜ) ਸ਼੍ਰੀ ਅਭਿਸ਼ੇਕ ਸ਼ਰਮਾ, ਡੀ.ਐਸ.ਪੀ. ਜਸਵਿੰਦਰ ਸਿੰਘ, ਤਹਿਸੀਲਦਾਰ ਫ਼ਤਹਿਗੜ੍ਹ ਸਾਹਿਬ ਨਵਦੀਪ ਸਿੰਘ ਭੋਗਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।