ਸ਼ਹੀਦ ਕਰਤਾਰ ਸਿੰਘ ਸਰਾਭਾ ਲਈ ਸਾਡਾ ਸਤਿਕਾਰ ਤੇ ਸ਼ਰਧਾ ਸਿਆਸਤ ਤੋਂ ਉੱਪਰ ਉੱਠ ਕੇ ਹੈ : ਵਿਧਾਇਕ ਇਆਲੀ

ਲੁਧਿਆਣਾ : ਸੂਬੇ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਤਤਕਾਲੀ ਸਰਕਾਰ ਸਮੇਂ ਵੀ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਸਮਾਗਮਾਂ ਮੌਕੇ ਹੋਣ ਵਾਲੇ ਰਾਜ ਪੱਧਰੀ ਸਮਾਗਮਾਂ 'ਚ ਬਤੌਰ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਹਰ ਵਾਰ ਹਾਜ਼ਰੀ ਲਗਵਾਈ ਜਾਂਦੀ ਰਹੀ ਹੈ। ਉਨ੍ਹਾਂ ਦੇ ਹੀ ਸਹਿਯੋਗ ਨਾਲ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜੱਦੀ ਘਰ ਦਾ ਨਵੀਨੀਕਰਨ, ਯਾਦਗਾਰ, ਛੱਪੜ ਦਾ ਨਵੀਨੀਕਰਨ, ਨੈਸ਼ਨਲ ਪੱਧਰ ਦਾ ਆਧੁਨਿਕ ਖੇਡ ਮੈਦਾਨ ਕਮ ਪਾਰਕ, ਪਿੰਡ ਦੀਆਂ ਫਿਰਨੀਆਂ 18’ ਚੌੜੀਆਂ ਕਰਨ ਦੇ ਨਾਲ ਕਰੋੜਾਂ ਦੀਆਂ ਗ੍ਰਾਂਟਾਂ ਦਿੱਤੀਆਂ ਗਈਆਂ ਪਰ ਪਿਛਲੀ ਕਾਂਗਰਸ ਸਰਕਾਰ ਦੇ ਮੁੱਖ ਮੰਤਰੀ ਕਦੇ ਵੀ ਸ਼ਹੀਦ ਸਰਾਭਾ ਨੂੰ ਸਿਜਦਾ ਕਰਨ ਲਈ ਨਹੀਂ ਆਏ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ 'ਚ ਅਕਾਲੀ-ਬਸਪਾ ਵਿਧਾਇਕ ਦਲ ਦੇ ਨੇਤਾ ਤੇ ਹਲਕਾ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਬਿਆਨ ਉਤੇ ਪ੍ਰਤੀਕਿਰਿਆ ਦਿੰਦਿਆ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਛੋਟੀ ਉਮਰੇ ਸ਼ਹੀਦੀ ਪ੍ਰਾਪਤ ਕਰਨ ਵਾਲੇ ਸ਼ਹੀਦ ਕਰਤਾਰ ਸਿੰਘ ਸਰਾਭਾ ਲਈ ਸਾਡਾ ਸਤਿਕਾਰ ਤੇ ਸ਼ਰਧਾ ਸਿਆਸਤ ਤੋਂ ਉੱਪਰ ਉੱਠ ਕੇ ਹੈ ਅਤੇ ਸਾਡੀ ਤਤਕਾਲੀ ਅਕਾਲੀ ਸਰਕਾਰ ਵੱਲੋਂ ਜਿਥੇ ਸ਼ਹੀਦੀ ਸਮਾਗਮ ਮੌਕੇ ਪਿੰਡ ਦੀ ਗ੍ਰਾਮ ਪੰਚਾਇਤ ਤੇ ਸਪੋਰਟਸ ਕਲੱਬ ਵੱਲੋਂ ਰੱਖੀਆਂ ਜਾਂਦੀਆਂ ਸਮੁੱਚੀਆਂ ਮੰਗਾਂ ਨੂੰ ਪੂਰਾ ਕੀਤਾ ਜਾਂਦਾ ਰਿਹਾ ਹੈ ਉਥੇ ਸ਼ਹੀਦ ਦੇ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਸਰਕਾਰ ਵੱਲੋਂ ਛੁੱਟੀ ਦਾ ਨੋਟੀਫਿਕੇਸ਼ਨ ਵੀ ਕੀਤਾ ਗਿਆ ਸੀ, ਜੋ ਸੂਬੇ ਦੀ ਤਤਕਾਲੀ ਕਾਂਗਰਸ ਦੀ ਸਰਕਾਰ ਸਮੇਂ ਰੱਦ ਕਰ ਦਿੱਤਾ ਗਿਆ ਸੀ। ਵਿਧਾਇਕ ਇਆਲੀ ਨੇ ਕਿਹਾ ਕਿ ਉਹ ਦੋ ਵਾਰ ਸ਼ਹੀਦ ਸਰਾਭਾ ਦੇ ਪਿੰਡ ਨੂੰ ਜਾਂਦੀ ਖਸਤਾਹਾਲ ਸੜਕ ਦਾ ਮੁੱਦਾ ਉਠਾ ਚੁੱਕੇ ਹਨ ਪਰ ਸਰਕਾਰ ਵੱਲੋਂ ਇਸ ਪਾਸੇ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ। ਉਨ੍ਹਾਂ ਮੁੱਖ ਮੰਤਰੀ ਮਾਨ ਨੂੰ ਅਪੀਲ ਕੀਤੀ ਕਿ ਉਹ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਪਿੰਡ ਨੂੰ ਜਾਂਦੀ ਸੜਕ ਦਾ ਨਵੀਨੀਕਰਨ ਕਰਵਾ ਕੇ ਸ਼ਹੀਦ ਪ੍ਰਤੀ ਆਪਣੇ ਸਤਿਕਾਰ ਦਾ ਪ੍ਰਗਟਾਵਾ ਕਰਨ ਤਾ ਜੋ ਸ਼ਹੀਦਾਂ ਦੇ ਸਤਿਕਾਰ ਨੂੰ ਆਉਣ ਵਾਲੀਆਂ ਪੀੜੀਆਂ ਤੱਕ ਲਿਜਾਇਆ ਜਾ ਸਕੇ।