ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਸਫਲਤਾ ਲਈ ਪੰਚਾਇਤਾਂ/ ਪਿੰਡ ਵਾਸੀ ਅੱਗੇ ਆਉਣ- ਡਿਪਟੀ ਕਮਿਸ਼ਨਰ

  • ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਕੀਤਾ ਜਾਵੇਗਾ ਪੂਰਨ ਸਹਿਯੋਗ-ਪੂਨਮਦੀਪ ਕੌਰ
  • ਨਸ਼ਿਆਂ ਤੋਂ ਪੀੜਤ ਲੋਕਾਂ ਦੇ ਇਲਾਜ, ਪੁਨਰਵਾਸ ਲਈ ਪ੍ਰਸ਼ਾਸ਼ਨ ਦੇਵੇਗਾ ਪੂਰਨ ਸਹਿਯੋਗ
  • ਡਿਪਟੀ ਕਮਿਸ਼ਨਰ ਵੱਲੋਂ ਕੋਟਕਪੂਰਾ ਅਤੇ ਜੈਤੋਂ ਬਲਾਕ ਦੀਆਂ ਪੰਚਾਇਤਾਂ ਨਾਲ ਕੀਤੀ ਗਈ ਵਿਸ਼ੇਸ਼ ਮੀਟਿੰਗ
  • ਪੰਚਾਇਤਾਂ ਨੂੰ ਵੱਖ-ਵੱਖ ਭਲਾਈ ਸਕੀਮਾਂ ਯੋਜਨਾਵਾਂ ਬਾਰੇ ਦਿੱਤੀ ਗਈ ਜਾਣਕਾਰੀ

ਫਰੀਦਕੋਟ 21 ਮਾਰਚ 2025 : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਰਾਜ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਕਰਨ, ਨਸ਼ਿਆਂ ਅਤੇ ਨਸ਼ਿਆਂ ਦੇ ਤਸਕਰਾਂ ਦੇ ਖਾਤਮੇ ਲਈ ਯੁੱਧ ਨਸ਼ਿਆਂ ਵਿਰੁੱਧ ਸ਼ੁਰੂ ਕੀਤਾ ਗਿਆ ਹੈ ਅਤੇ ਇਸ ਮੁਹਿੰਮ ਨੂੰ ਹੇਠਲੇ ਪੱਧਰ ਤੇ ਕਾਮਯਾਬ ਬਣਾਉਣ ਲਈ ਪਿੰਡਾਂ ਦੀਆਂ ਪੰਚਾਇਤਾਂ ਤੇ ਆਮ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਜਿਲ੍ਹੇ ਦੇ ਬਲਾਕ ਕੋਟਕਪੂਰਾ ਅਤੇ ਜੈਤੋ ਦੀਆਂ ਪੰਚਾਇਤਾਂ ਨਾਲ ਮੁਹਿੰਮ ਦੀ ਸਫਲਤਾ ਲਈ ਵਿਸ਼ੇਸ਼ ਮੀਟਿੰਗ ਦੌਰਾਨ ਕੀਤਾ। ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਕਿਹਾ ਕਿ ਨਸ਼ਾ ਸਾਡੇ ਸਮਾਜ ਨੂੰ ਘੁਣ ਵਾਂਗ ਖਾ ਰਿਹਾ ਹੈ ਅਤੇ ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਫਰੀਦਕੋਟ ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ, ਨਸ਼ਿਆਂ ਦਾ ਸ਼ਿਕਾਰ ਲੋਕਾਂ ਦੇ ਇਲਾਜ ਅਤੇ ਪੁਨਰਵਾਸ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਸਾਰੇ ਵਰਗਾਂ ਦਾ ਸਹਿਯੋਗ ਲੈ ਰਿਹਾ ਹੈ ਤੇ ਇਸ ਮੁਹਿੰਮ ਦੀ ਸਫਲਤਾ ਲਈ ਪੰਚਾਇਤਾਂ ਨੂੰ ਵੱਧ ਚੜ੍ਹ ਕੇ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਜਿਹੜੇ ਲੋਕ ਨਸ਼ਿਆਂ ਦਾ ਸ਼ਿਕਾਰ ਹਨ, ਉਨ੍ਹਾਂ ਦਾ ਸਰਕਾਰੀ ਓਟ ਸੈਂਟਰਾਂ, ਨਸ਼ਾ ਛੁਡਾਊ ਕੇਂਦਰਾਂ ਵਿੱਚੋਂ ਇਲਾਜ ਕਰਵਾਇਆ ਜਾਵੇ ਤੇ ਪ੍ਰਸ਼ਾਸ਼ਨ ਇਨ੍ਹਾਂ ਲੋਕਾਂ ਦੇ ਪੁਨਰਵਾਸ ਵਿੱਚ ਪੂਰਨ ਸਹਿਯੋਗ ਦੇਵੇਗਾ। ਉਨ੍ਹਾਂ ਪੰਚਾਇਤਾਂ ਨੂੰ ਇਹ ਵੀ ਕਿਹਾ ਕਿ ਉਹ ਨਸ਼ਾ ਤਸਕਰਾਂ ਦੀ ਸੂਚਨਾ ਪੁਲਿਸ ਨੂੰ ਦੇਣ ਤੇ ਉਨ੍ਹਾਂ ਦਾ ਨਾਮ ਗੁਪਤ ਰੱਖਿਆ ਜਾਵੇਗਾ। ਇਸ ਤੋਂ ਇਲਾਵਾ ਨਸ਼ੇ ਦੇ ਧੰਦੇ ਵਿਚ ਲੱਗੇ ਲੋਕਾਂ ਦਾ ਸਮਾਜਿਕ ਬਾਈਕਾਟ ਕੀਤਾ ਜਾਵੇ ਅਤੇ ਪਿੰਡਾਂ ਦੀਆਂ ਪੰਚਾਇਤਾਂ ਇਸ ਸਬੰਧੀ ਮਤੇ ਵੀ ਪਾਉਣ। ਇਸ ਮੌਕੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਸਿਹਤ ਵਿਭਾਗ ਵੱਲੋਂ ਨਸ਼ਾ ਪੀੜਤਾਂ ਦੇ ਇਲਾਜ, ਰੋਜ਼ਗਾਰ ਵਿਭਾਗ ਵੱਲੋਂ ਨੋਜਵਾਨਾਂ ਨੂੰ ਰੁਜਗਾਰ ਸਬੰਧੀ, ਏ.ਡੀ.ਸੀ ਦਫਤਰ ਵੱਲੋਂ ਵਿਕਾਸ ਸਕੀਮਾਂ ਸਬੰਧੀ ਜਿਵੇਂ ਕਿ ਮਨਰੇਗਾ, ਆਰਸੇਟੀ, ਪ੍ਰਧਾਨ ਮੰਤਰੀ ਵਿਸ਼ਵਕਰਮਾ ਸਕੀਮ, ਪ੍ਰਧਾਨ ਮੰਤਰੀ ਆਵਾਸ ਗ੍ਰਾਮੀਣ ਯੋਜਨਾ ਸਮੇਤ ਵੱਖ ਵੱਖ ਸਕੀਮਾਂ/ਯੋਜਨਾਵਾਂ ਦੀ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਡਿਜੀਟਲ ਵੈਰੀਫਿਕੇਸ਼ਨ , ਈ ਸੇਵਾ ਐਪ ਅਤੇ ਮੋਬਾਇਲ ਰਾਹੀਂ ਆਨਲਾਈਨ ਕਰਨ ਸਬੰਧੀ ਟ੍ਰੇਨਿੰਗ ਦਿੱਤੀ ਗਈ। ਇਸ ਮੌਕੇ ਦੋਵਾਂ ਬਲਾਕਾਂ ਦੇ ਪਿੰਡਾਂ ਦੀਆਂ ਪੰਚਾਇਤਾਂ ਨੇ ਡਿਪਟੀ ਕਮਿਸ਼ਨਰ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਇਸ ਨੇਕ ਕੰਮ ਵਿਚ ਪ੍ਰਸ਼ਾਸ਼ਨ ਨੂੰ ਪੂਰਨ ਸਹਿਯੋਗ ਦੇਣਗੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਦੋ ਮਹੀਨੇ ਬਾਅਦ ਦੁਬਾਰਾ ਮੀਟਿੰਗ ਅਤੇ ਟਰੇਨਿੰਗ ਆਯੋਜਿਤ ਕੀਤੀ ਜਾਵੇਗੀ। ਜਿਸ ਦਾ ਪੰਚਾਇਤਾਂ ਨੇ ਸਵਾਗਤ ਕੀਤਾ ਅਤੇ ਉਨ੍ਹਾਂ ਦਾ ਧੰਨਵਾਦ ਕੀਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ. ਨਰਭਿੰਦਰ ਸਿੰਘ ਗਰੇਵਾਲ, ਐਸ.ਐਮ.ਓ ਸ. ਪਰਮਜੀਤ ਸਿੰਘ ਬਰਾੜ ਜਿਲ੍ਹਾ ਖੇਡ ਅਫਸਰ ਬਲਜਿੰਦਰ ਸਿੰਘ, ਬੀ.ਡੀ.ਪੀ.ਓ ਕੋਟਕਪੂਰਾ/ਜੈਤੋ ਅਭਿਨਵ ਗੋਇਲ, ਬੀ.ਡੀ.ਪੀ.ਓ ਜੈਤੋ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਪਿੰਡਾਂ ਦੀਆਂ ਪੰਚਾਇਤਾ ਅਤੇ ਨੁੰਮਾਇੰਦੇ ਹਾਜ਼ਰ ਸਨ।