ਜਲਾਲਾਬਾਦ ਵਿਧਾਨ ਸਭਾ ਹਲਕੇ ਵਿੱਚ ਪੰਜਾਬ ਸਿੱਖਿਆ ਕ੍ਰਾਂਤੀ ਪ੍ਰੋਗਰਾਮ

  • ਜਲਾਲਾਬਾਦ ਵਿਧਾਨ ਸਭਾ ਹਲਕੇ ਵਿੱਚ ਪੰਜਾਬ ਸਰਕਾਰ ਨੇ ਸਕੂਲਾਂ ਤੇ ਖਰਚੇ 50 ਕਰੋੜ ਰੁਪਏ-  ਜਗਦੀਪ ਕੰਬੋਜ ਗੋਲਡੀ -ਵਿਧਾਇਕ ਵੱਲੋਂ ਤਿੰਨ ਪਿੰਡਾਂ ਦੇ ਸਕੂਲਾਂ ਵਿੱਚ ਇਕ ਕਰੋੜ 40 ਲੱਖ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ

ਜਲਾਲਾਬਾਦ 15 ਅਪ੍ਰੈਲ 2025 : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਲਾਲਾਬਾਦ ਵਿਧਾਨ ਸਭਾ ਹਲਕੇ ਵਿੱਚ ਸਕੂਲਾਂ ਦੇ ਵਿਕਾਸ ਲਈ 50 ਕਰੋੜ 30 ਲੱਖ ਰੁਪਏ ਦੀਆਂ ਗਰਾਂਟਾਂ ਜਾਰੀ ਕੀਤੀਆਂ ਗਈਆਂ ਹਨ ।ਇਹ ਗੱਲ ਹਲਕੇ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਪਿੰਡ ਸਜਰਾਣਾ, ਟਾਹਲੀਵਾਲਾ ਬੋਦਲਾ ਅਤੇ ਚੱਕ ਖਿਓ ਵਾਲੀ ਵਿੱਚ ਵੱਖ-ਵੱਖ ਸਕੂਲਾਂ ਵਿੱਚ ਇਕ ਕਰੋੜ 40 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੇ ਉਦਘਾਟਨ ਕਰਨ ਮੌਕੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਆਖੀ। ਇਸ ਮੌਕੇ ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ ਨੇ ਆਖਿਆ ਕਿ ਜਲਾਲਾਬਾਦ ਹਲਕੇ ਵਿੱਚ ਦੋ ਸਕੂਲ ਆਫ ਐਮੀਨੈਂਸ ਬਣਾਏ ਗਏ ਹਨ। ਉਹਨਾਂ ਨੇ ਕਿਹਾ ਕਿ ਰਾਜ ਦੇ 17 ਹਜਾਰ ਸਕੂਲਾਂ ਵਿੱਚ ਵਾਈਫਾਈ ਇੰਟਰਨੈਟ ਸੁਵਿਧਾ ਦਿੱਤੀ ਗਈ ਹੈ। ਉਹਨਾਂ ਨੇ ਕਿਹਾ ਕਿ ਅਧਿਆਪਕਾਂ ਨੂੰ ਵਿਸ਼ਵ ਪੱਧਰੀ ਸਿਖਲਾਈ ਦੇਣ ਦੀ ਵਿਵਸਥਾ ਕੀਤੀ ਗਈ ਹੈ ਤਾਂ ਜੋ ਸਾਡੇ ਬੱਚਿਆਂ ਨੂੰ ਮਿਆਰੀ ਸਿੱਖਿਆ ਯਕੀਨੀ ਬਣਾਇਆ ਜਾ ਸਕੇ। ਉਨਾਂ ਨੇ ਇਸ ਮੌਕੇ ਕਿਹਾ ਕਿ ਪਿਛਲੀਆਂ ਸਰਕਾਰਾਂ ਸਮੇਂ ਸੈਸ਼ਨ ਦੇ ਅਖੀਰ ਤੱਕ ਬੱਚਿਆਂ ਨੂੰ ਕਿਤਾਬਾਂ ਅਤੇ ਵਰਦੀਆਂ ਨਹੀਂ ਮਿਲਦੀਆਂ ਸਨ ਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਸੈਸ਼ਨ ਦੀ ਸ਼ੁਰੂਆਤ ਵਿੱਚ ਹੀ ਕਿਤਾਬਾਂ ਅਤੇ ਵਰਦੀਆਂ ਦਿੱਤੀਆਂ ਜਾਂਦੀਆਂ ਹਨ। ਉਹਨਾਂ ਦੱਸਿਆ ਕਿ ਪਿਛਲੀ ਸਰਕਾਰ ਸਮੇਂ ਸਿਰਫ ਐਸਸੀ ਵਿਦਿਆਰਥੀਆਂ ਨੂੰ ਹੀ ਵਰਦੀਆਂ ਮਿਲਦੀਆਂ ਸੀ ਜਦਕਿ ਹੁਣ ਸਾਰੇ ਵਿਦਿਆਰਥੀਆਂ ਨੂੰ ਵਰਦੀਆਂ ਦਿੱਤੀਆਂ ਜਾ ਰਹੀਆਂ ਹਨ। ਇਸ ਦੌਰਾਨ ਵਿਧਾਇਕ ਜਗਦੀਪ ਕੰਬੋਜ ਗੋਲਡੀ ਵੱਲੋਂ ਪਿੰਡ ਸਜਰਾਣਾ ਦੇ ਪ੍ਰਾਈਮਰੀ ਸਕੂਲ ਵਿੱਚ 23 ਲੱਖ 54 ਹਜਾਰ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਗਿਆ । ਇਸ ਪਿੰਡ ਦੇ ਸੀਨੀਅਰ ਸਕੈਂਡਰੀ ਸਕੂਲ ਵਿੱਚ 46 ਲੱਖ 30 ਹਜਾਰ ਰੁਪਏ ਦੇ ਵਿਕਾਸ ਪ੍ਰੋਜੈਕਟ ਲੋਕ ਸਮਰਪਿਤ ਕੀਤੇ ਗਏ ।ਪਿੰਡ ਟਾਹਲੀ ਵਾਲਾ ਬੋਦਲਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ 21.17 ਲੱਖ ਅਤੇ ਸੀਨੀਅਰ ਸੈਕੈਂਡਰੀ ਸਕੂਲ ਵਿੱਚ 26 ਲੱਖ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਉਹਨਾਂ ਵੱਲੋਂ ਕੀਤਾ ਗਿਆ। ਇਸੇ ਤਰ੍ਹਾਂ ਚੱਕ ਖਿਓਵਾਲੀ ਦੇ ਪ੍ਰਾਈਮਰੀ ਸਕੂਲ ਵਿੱਚ ਵੀ 23.67 ਲੱਖ ਰੁਪਏ ਦੇ ਕੰਮਾਂ ਦਾ ਉਦਘਾਟਨ ਵਿਧਾਇਕ ਵੱਲੋਂ ਕੀਤਾ ਗਿਆ। ਇਸ ਮੌਕੇ ਜਿਲ੍ਹਾ ਸਿੱਖਿਆ ਕੋਆਰਡੀਨੇਟਰ ਦੇਵਰਾਜ ਸ਼ਰਮਾ ਨੇ ਸੰਬੋਧਨ ਕਰਦਿਆਂ ਵਿਦਿਆਰਥੀਆਂ ਨੂੰ ਮਿਹਨਤ ਨਾਲ ਜੀਵਨ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਉਨਾਂ ਦੇ ਨਾਲ ਉਪ ਜ਼ਿਲਾ ਸਿੱਖਿਆ ਅਫਸਰ ਪਰਵਿੰਦਰ ਸਿੰਘ, ਮਨਜਿੰਦਰ ਸਿੰਘ ਖੇੜਾ ਸਿੱਖਿਆ ਵਿਭਾਗ ਤੋਂ ਡੀਐਨਓ ਵਿਜੇਪਾਲ, ਪ੍ਰਿੰਸੀਪਲ ਕੰਚਨ ਨਾਗਪਾਲ ਤੇ ਹੋਰ ਪਤਵੰਤੇ ਵੀ ਹਾਜ਼ਰ ਸਨ। ਇਸ ਦੌਰਾਨ ਵਿਧਾਇਕ ਵੱਲੋਂ ਵੱਖ-ਵੱਖ ਜਮਾਤਾਂ ਵਿੱਚ ਚੰਗਾ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ।