ਮਾਨਸਾ : ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਮਾਪੇ ਪੰਜਾਬੀ ਗਾਇਕੀ ਜੈਨੀ ਜੌਹਲ ਦੇ ਹੱਕ ਵਿੱਚ ਡਟ ਗਏ ਹਨ। ਮੂਸੇਵਾਲਾ ਦੇ ਮਾਪਿਆਂ ਨੇ ਕਿਹਾ ਹੈ ਕਿ ਪੰਜਾਬੀ ਗਾਇਕਾ ਜੈਨੀ ਜੌਹਲ ਨੇ ਆਪਣੇ ਗੀਤ ਵਿੱਚ ਸੱਚ ਬੋਲਿਆ ਹੈ ਤੇ ਇਨਸਾਫ਼ ਦੀ ਮੰਗ ਕੀਤੀ ਹੈ। ਅੱਜ ਉਸ ਖ਼ਿਲਾਫ਼ ਕੇਸ ਦਰਜ ਕਰਨ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਉਸ ਲੜਕੀ ਨੂੰ ਕੋਈ ਨੁਕਸਾਨ ਪਹੁੰਚਦਾ ਹੈ ਤਾਂ ਉਸ ਲਈ ਅਸੀਂ ਸਾਰੇ ਜ਼ਿੰਮੇਵਾਰ ਹੋਵਾਂਗੇ, ਕਿਉਂਕਿ ਸਾਡੇ ਵਿੱਚ ਸੱਚ ਬੋਲਣ ਦੀ ਹਿੰਮਤ ਨਹੀਂ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸਾਡੇ ਤੋਂ 20 ਦਿਨ ਦਾ ਸਮਾਂ ਮੰਗਿਆ ਸੀ ਪਰ 5 ਮਹੀਨੇ ਹੋ ਗਏ ਹਨ। ਅੱਜ ਤੱਕ ਇਨਸਾਫ਼ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਵਾਲਿਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਦੇਣ ਲਈ ਸਰਕਾਰ ਪੁਲਿਸ ਨੂੰ ਸ਼ਕਤੀ ਦੇਵੇ। ਦੱਸ ਦਈਏ ਕਿ ਗਾਇਕਾ ਜੈਨੀ ਜੌਹਲ ਦਾ ਗੀਤ 'ਲੈਟਰ ਟੂ CM' ਇੰਟਰਨੈੱਟ ਤੋਂ ਹਟਾ ਦਿੱਤਾ ਗਿਆ ਹੈ। ਇਸ ਗੀਤ ਰਾਹੀਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ 'ਚ ਇਨਸਾਫ਼ ਦੀ ਮੰਗ ਕੀਤੀ ਗਈ ਸੀ। ਇਹ ਗੀਤ ਸ਼ਨੀਵਾਰ ਨੂੰ ਰਿਲੀਜ਼ ਹੋਇਆ ਸੀ ਤੇ ਚਰਚਾ ਵਿੱਚ ਆ ਗਿਆ ਸੀ। ਅੱਜ ਇਹ ਗੀਤ ਇੰਟਰਨੈੱਟ ਤੋਂ ਗਾਇਬ ਹੈ। ਯਾਦ ਰਹੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ 'ਚ ਇਨਸਾਫ਼ ਦੀ ਮੰਗ ਕਰਦਿਆਂ ਪੰਜਾਬੀ ਗਾਇਕਾ ਜੈਨੀ ਜੌਹਲ ਦੇ ਨਵੇਂ ਗੀਤ ਨੇ ਸਿਆਸਤ 'ਚ ਹਲਚਲ ਮਚਾ ਦਿੱਤੀ ਹੈ। ਜੈਨੀ ਦੇ ਇਸ ਗੀਤ ਦਾ ਟਾਈਟਲ 'ਲੈਟਰ ਟੂ CM' ਹੈ। ਇਸ ਗੀਤ 'ਚ ਜੈਨੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿੱਧਾ ਸਵਾਲ ਕੀਤਾ ਹੈ ਕਿ ਸਿੱਧੂ ਦੇ ਕਤਲ ਨੂੰ 4 ਮਹੀਨੇ ਬੀਤ ਚੁੱਕੇ ਹਨ, ਦੱਸੋ ਇਨਸਾਫ਼ ਕਿੱਥੇ ਹੈ?