ਫ਼ਤਹਿਗੜ੍ਹ ਸਾਹਿਬ, 28 ਦਸੰਬਰ : ਸਾਹਿਬ-ਏ-ਕਮਾਲ ਦਸਮਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ ਕੀਤੀ ਗਈ ਸ਼ਹੀਦੀ ਸਭਾ ਦੇ ਅੰਤਿਮ ਦਿਨ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਭੋਰਾ ਸਾਹਿਬ ਦੇ ਦਰਸ਼ਨ ਵੀ ਕੀਤੇ। ਮੀਡੀਆ ਨਾਲ ਗੱਲਬਾਤ ਕਰਦਿਆਂ ਰਾਜਪਾਲ ਨੇ ਕਿਹਾ ਕਿ ਦਸਮਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਅਦੁੱਤੀ ਸ਼ਹਾਦਤ ਦੀ ਮਿਸਾਲ ਦੁਨੀਆ ਵਿੱਚ ਕਿਧਰੇ ਨਹੀਂ ਮਿਲਦੀ। ਉਨ੍ਹਾਂ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਬਾਬਾ ਜੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਨੇ 9 ਸਾਲ ਤੇ 7 ਸਾਲ ਦੀ ੳਮੁਰ ਵਿੱਚ ਜਿਸ ਬਹਾਦਰੀ ਨਾਲ ਜਾਲਮ ਮੁਗਲ ਹਕੁਮਤ ਦਾ ਟਾਕਰਾ ਕੀਤਾ ਅਤੇ ਨਿਡਰਤਾ ਤੇ ਦ੍ਰਿੜਤਾ ਨਾਲ ਧਰਮ ਤੇ ਅਡੋਲ ਰਹੇ ਤੇ ਮਹਾਨ ਸ਼ਹਾਦਤ ਦੇ ਕੇ ਇੱਕ ਵਿਲੱਖਣ ਮਿਸਾਲ ਕਾਇਮ ਕੀਤੀ। ਉਨ੍ਹਾਂ ਹੋਰ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਕਾਰਨ ਉਨ੍ਹਾਂ ਦਾ ਨਾਮ ਇਤਿਹਾਸ ਦੇ ਪੰਨ੍ਹਿਆਂ ਤੇ ਸੁਨਿਹਰੀ ਅੱਖਰਾਂ ਨਾਲ ਲਿਖਿਆ ਜਾਵੇਗਾ ਅਤੇ ਇਸ ਮਹਾਨ ਸ਼ਹਾਦਤ ਨੂੰ ਦੇਸ਼ ਵਾਸੀ ਅਨੰਤਕਾਲ ਤੱਕ ਯਾਦ ਰੱਖਣਗੇ। ਇਸ ਮੌਕੇ ਰਾਜਪਾਲ ਪੰਜਾਬ ਦੀ ਪ੍ਰਮੁੱਖ ਸਕੱਤਰ ਸ਼੍ਰੀਮਤੀ ਰਾਖੀ ਗੁਪਤਾ ਭੰਡਾਰੀ, ਰਾਜਪਾਲ ਦੇ ਏ.ਡੀ.ਸੀ. ਸ਼੍ਰੀ ਪੀ.ਐਸ. ਪਰਮਾਰ, ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ, ਜ਼ਿਲ੍ਹਾ ਪੁਲਿਸ ਮੁਖੀ ਡਾ: ਰਵਜੋਤ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ (ਜ) ਅਨੁਪ੍ਰਿਤਾ ਜੋਹਲ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।