- ਪਿਛਲੇ 15 ਦਿਨਾਂ ਵਿੱਚ ਸੈਂਪਲਿੰਗ ਵਿਚ ਢਾਈ ਗੁਣਾ ਵਾਧਾ
- ਜ਼ਿਲ੍ਹਾ ਪ੍ਰਸ਼ਾਸਨ ਕਿਸੇ ਵੀ ਸਥਿਤੀ ਲਈ ਪੂਰੀ ਤਰ੍ਹਾਂ ਤਿਆਰ
ਐਸ ਏ ਐਸ ਨਗਰ, 17 ਅਪਰੈਲ : ਜ਼ਿਲ੍ਹੇ ਵਿੱਚ ਕੋਵਿਡ-19 ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਲੋਕਾਂ ਨੂੰ ਜਨਤਕ ਥਾਵਾਂ 'ਤੇ ਮਾਸਕ ਪਹਿਨਣ ਲਈ ਕਿਹਾ ਹੈ। ਉਨ੍ਹਾਂ ਦੱਸਿਆ ਕਿ ਜਦੋਂ ਤੋਂ ਕੇਸਾਂ ਵਿੱਚ ਵਾਧਾ ਦੇਖਿਆ ਗਿਆ ਹੈ, ਸਿਹਤ ਟੀਮਾਂ ਨੂੰ ਸੈਂਪਲਿੰਗ ਵਧਾਉਣ ਦੇ ਨਿਰਦੇਸ਼ ਦਿੱਤੇ ਗਏ ਹਨ ਅਤੇ ਪਿਛਲੇ 15 ਦਿਨਾਂ ਵਿੱਚ ਸੈਂਪਲਿੰਗ ਵਿੱਚ ਢਾਈ ਗੁਣਾ ਵਾਧਾ ਕੀਤਾ ਗਿਆ ਹੈ। ਸਾਰੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਉਹ ਸਾਰੇ ਦਾਖਲ ਮਰੀਜ਼ਾਂ ਦੀ ਜਾਂਚ ਨੂੰ ਯਕੀਨੀ ਬਣਾਉਣ ਅਤੇ ਓ.ਪੀ.ਡੀਜ਼ ਵਿੱਚ ਆਉਣ ਵਾਲੇ ਮਰੀਜ਼ਾਂ ਦੀ ਜਾਂਚ ਵਿੱਚ ਵਾਧਾ ਕਰਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਾਲ ਹੁਣ ਤੱਕ 22,323 ਸੈਂਪਲ ਲਏ ਗਏ ਹਨ, ਜਿਨ੍ਹਾਂ ਵਿੱਚੋਂ 763 ਪਾਜ਼ੇਟਿਵ ਪਾਏ ਗਏ ਹਨ। ਅਪ੍ਰੈਲ ਮਹੀਨੇ ਵਿੱਚ 4,845 ਸੈਂਪਲ ਲਏ ਗਏ ਹਨ ਅਤੇ 611 ਪਾਜ਼ੇਟਿਵ ਪਾਏ ਗਏ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਵਿਡ ਨਾਲ ਲੜਨ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਕਿਹਾ ਹੈ ਕਿ ਜੇਕਰ ਉਨ੍ਹਾਂ ਵਿੱਚ ਇਸ ਬਿਮਾਰੀ ਸਬੰਧੀ ਕੋਈ ਲੱਛਣ ਦਿਖਾਈ ਦਿੰਦੇ ਹਨ ਤਾਂ ਉਹ ਆਰ.ਏ.ਟੀ. ਦੀ ਥਾਂ ਆਰ.ਟੀ.ਪੀ.ਸੀ.ਆਰ. ਟੈਸਟ ਲਈ ਅੱਗੇ ਆਉਣ। ਉਸਨੇ ਲੋਕਾਂ ਨੂੰ ਸਮਾਜਿਕ ਦੂਰੀ ਦੇ ਨਿਯਮਾਂ ਦੀ ਪੂਰੀ ਪਾਲਣਾ ਨੂੰ ਯਕੀਨੀ ਬਣਾਉਣ ਅਤੇ ਸਾਰੀਆਂ ਲੋੜੀਂਦੀਆਂ ਸਾਵਧਾਨੀਆਂ ਵਰਤਣ ਅਤੇ ਕੋਵਿਡ ਦੇ ਢੁਕਵੇਂ ਵਿਵਹਾਰ ਦੀ ਪਾਲਣਾ ਕਰਨ ਦੀ ਅਪੀਲ ਕੀਤੀ। ਕੋਵਿਡ ਨਾਲ ਸਬੰਧਤ ਕਿਸੇ ਵੀ ਪੁੱਛਗਿੱਛ ਲਈ ਹੈਲਪਲਾਈਨ ਨੰਬਰ 06239116649 ਜ਼ਿਲ੍ਹੇ ਦੇ ਸਾਰੇ ਵਸਨੀਕਾਂ ਲਈ ਉਪਲਬਧ ਹੈ।