ਸਮਰਾਲਾ, 21 ਫਰਵਰੀ : ਪੁਲਿਸ ਵੱਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਦੇ ਤਹਿਤ ਸਮਰਾਲਾ ਪੁਲਿਸ ਨੇ ਦੋ ਵਿਅਕਤੀਆਂ ਨੂੰ ਅਫੀਮ ਸਮੇਤ ਕਾਬੂ ਕੀਤਾ ਹੈ। ਇਸ ਸਬੰਧੀ ਅੱਜ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਬ-ਡਵੀਜ਼ਨ ਸਮਰਾਲਾ ਦੇ ਡੀ.ਐਸ.ਪੀ.ਵਰਿਆਮ ਸਿੰਘ ਨੇ ਦੱਸਿਆ ਕਿ ਐਸਐਸਪੀ ਅਮਨੀਤ ਕੌਂਡਲ ਅਤੇ ਡਾ: ਪ੍ਰਗਿਆ ਜੈਨ ਆਈ.ਪੀ.ਐਸ. ਕਪਤਾਨ ਪੁਲਿਸ ਜ਼ਿਲ੍ਹਾ ਖੰਨਾ ਦੀ ਅਗਵਾਈ ਹੇਠ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਚਲਾਈ ਜਾ ਰਹੀ ਹੈ। ਡੀਐਸਪੀ ਨੇ ਦੱਸਿਆ ਕਿ ਭਿੰਦਰ ਸਿੰਘ ਖੰਗੂੜਾ ਐਸਐਚਓ ਸਮਰਾਲਾ ਦੀ ਟੀਮ ਨਸ਼ਾ ਤਸਕਰਾਂ ਨੂੰ ਫੜਨ ਲਈ ਸਖ਼ਤ ਮਿਹਨਤ ਕਰ ਰਹੀ ਹੈ ਤੇ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਹੇਡੋਂ ਪੁਲੀਸ ਚੌਕੀ ਦੇ ਇੰਚਾਰਜ ਚਰਨਜੀਤ ਸਿੰਘ ਆਪਣੀ ਪੁਲਿਸ ਪਾਰਟੀ ਸਮੇਤ ਚੌਕੀ ਦੇ ਸਾਹਮਣੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਚੈਕਿੰਗ ਕਰ ਰਹੇ ਸਨ। ਚੈਕਿੰਗ ਦੌਰਾਨ ਇਕ ਸਿਲਵਰ ਰੰਗ ਦੀ ਵੋਲਕਸਵੈਗਨ ਕਾਰ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਵਿਚੋਂ ਡੇਢ ਕਿੱਲੋ ਅਫੀਮ ਬਰਾਮਦ ਹੋਈ, ਜਿਸ 'ਤੇ ਪੁਲਸ ਨੇ ਅਨੂ ਕੁਮਾਰ ਅੰਕੂ ਪੁੱਤਰ ਨਰੇਸ਼ ਕੁਮਾਰ ਵਾਸੀ ਬਾਜੇਕੀ, ਜ਼ਿਲਾ ਮੋਗਾ ਤੇ ਹਰਜੀਤ ਸਿੰਘ ਪੁੱਤਰ ਰੇਸ਼ਮ ਸਿੰਘ ਵਾਸੀ ਘੱਲ ਕਲਾਂ ਜ਼ਿਲ੍ਹਾ ਮੋਗਾ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਦੋਵਾਂ ਵਿਅਕਤੀਆਂ ਦੇ ਖ਼ਿਲਾਫ਼ ਐਨਡੀਪੀਸੀ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।