ਸ਼੍ਰੋਮਣੀ ਕਮੇਟੀ ਵੱਲੋਂ ਜੈਤੋ ਮੋਰਚੇ ਦੀ 100 ਸਾਲਾ ਸ਼ਤਾਬਦੀ ਦੇ ਸਮਾਗਮਾਂ ਦੀਆਂ ਤਿਆਰੀਆਂ ਮੁਕੰਮਲ

  • 19 ਨੂੰ ਨਗਰ ਕੀਰਤਨ ਨਾਲ ਹੋਵੇਗੀ ਸਮਾਗਮਾਂ ਦੀ ਸ਼ੁਰੂਆਤ

ਜੈਤੋ, 18 ਫ਼ਰਵਰੀ : ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜੈਤੋ ਮੋਰਚੇ ਦੀ 100 ਸਾਲਾ ਸ਼ਤਾਬਦੀ ਸਬੰਧੀ ਜੈਤੋ ਵਿਖੇ ਕੀਤੇ ਜਾ ਰਹੇ ਸਮਾਗਮਾਂ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ,ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਤੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਅੱਜ ਵਿਸ਼ੇਸ ਤੌਰ ਤੇ ਪਹੁੰਚ ਕੇ ਪ੍ਰਬੰਧਾਂ ਦਾ ਜਾਇਜਾ ਲਿਆ।ਸਮਾਗਮਾਂ ਸਬੰਧੀ ਜਾਣਕਾਰੀ ਦਿੰਦਿਆ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਕਿਹਾ ਕਿ 19 ਫ਼ਰਵਰੀ ਨੂੰ ਗੁਰਦੁਆਰਾ ਸ੍ਰੀ ਟਿੱਬੀ ਸਾਹਿਬ ਜੈਤੋ ਵਿਖੇ ਸ੍ਰੀ ਅਖੰਡਪਾਠ ਸਾਹਿਬ ਆਰੰਭ ਹੋਣਗੇ, ਜਿਸ ਉਪਰੰਤ ਨਗਰ ਕੀਰਤਨ (ਸ਼ਹੀਦੀ ਮਾਰਚ) ਨਾਲ ਜੈਤੋ ਮੋਰਚੇ ਦੀ 100 ਸਾਲਾ ਸ਼ਤਾਬਦੀ ਦੇ ਸਮਾਗਮਾ ਦੀ ਸ਼ੁਰੂਆਤ ਹੋਵੇਗੀ। ਇਹ ਨਗਰ ਕੀਰਤਨ ਸ਼ਹਿਰ ਦੇ ਵੱਖ-ਵੱਖ ਬਜ਼ਾਰਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਅੰਗੀਠਾ ਸਾਹਿਬ ਵਿਖੇ ਸੰਪੂਰਨ ਹੋਵੇਗਾ।ਉਨ੍ਹਾ ਦੱਸਿਆ ਕਿ 20 ਫ਼ਰਵਰੀ ਨੂੰ ਗੁਰਮਤਿ ਮਿਸ਼ਨਰੀ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਤੰਤੀ ਸਾਜਾ ਨਾਲ ਗੁਰਬਾਣੀ ਕੀਰਤਨ ਸਰਵਣ ਕਰਵਾਇਆ ਜਾਵੇਗਾ ਅਤੇ ਸਕੂਲਾਂ/ਕਾਲਜਾਂ ਦੇ ਵਿਦਿਆਰਥੀ ਭਾਸ਼ਣ, ਕਵਿਤਾ ਤੇ ਕਵੀਸ਼ਰੀ ਰਾਹੀ ਇਤਿਹਾਸ ਸਰਵਣ ਕਰਵਾਉਣਗੇ। ਇਸੇ ਦਿਨ ਦੁਪਹਿਰ 12 ਵਜੇ ਗੁਰਦੁਆਰਾ ਸ੍ਰੀ ਗੰਗਸਰ ਸਾਹਿਬ ਜੈਤੋ ਵਿਖੇ ਅੰਮ੍ਰਿਤ ਸੰਚਾਰ ਸਮਾਗਮ ਹੋਵੇਗਾ। ਜਿਸ ਵਿਚ ਅੰਮ੍ਰਿਤ ਅਭਿਲਾਖੀਆਂ ਨੂੰ ਕਕਾਰ ਧਰਮ ਪ੍ਰਚਾਰ ਕਮੇਟੀ ਵੱਲੋਂ ਭੇਟਾ ਰਹਿਤ ਦਿੱਤੇ ਜਾਣਗੇ। ਉਨ੍ਹਾ ਦੱਸਿਆ ਕਿ 20 ਫ਼ਰਵਰੀ ਨੂੰ ਹੀ ਗਤਕੇ ਦੇ ਮੁਕਾਬਲੇ ਕਰਵਾਏ ਜਾਣਗੇ ਅਤੇ ਰਾਤ ਨੂੰ ਜੈਤੋ ਮੋਰਚੇ ਦੇ ਇਤਿਹਾਸ ਨਾਲ ਸਬੰਧਤ ਵਿਸੇਸ਼ ਤੌਰ ਤੇ ਤਿਆਰ ਕਰਵਾਈ ਗਈ ਡਾਕੂਮੈਂਟਰੀ ਫਿਲਮ ਵੀ ਦਿਖਾਈ ਜਾਵੇਗੀ।ਭਾਈ ਮਹਿਤਾ ਨੇ ਕਿਹਾ ਕਿ ਸ਼ਤਾਬਦੀ ਦਾ ਮੁੱਖ ਸਮਾਗਮ 21 ਫ਼ਰਵਰੀ ਨੂੰ ਗੁਰਦੁਆਰਾ ਟਿੱਬੀ ਸਾਹਿਬ ਨਜਦੀਕ ਸਜਾਏ ਗਏ ਪੰਡਾਲ ਵਿੱਚ ਹੋਵੇਗਾ, ਜਿਸ ਵਿਚ ਪੰਥ ਪ੍ਰਸਿੱਧ ਕਥਾਵਾਚਕ, ਰਾਗੀ, ਢਾਡੀ ਤੇ ਕਵੀਸ਼ਰ ਜਥੇ ਸੰਗਤਾਂ ਨੂੰ ਗੁਰੂ-ਜਸ ਨਾਲ ਜੋੜਨਗੇ ਅਤੇ ਸਿੰਘ ਸਾਹਿਬਾਨ, ਤਖ਼ਤ ਸਾਹਿਬਾਨ ਜਥੇਦਾਰ ਤੇ ਪ੍ਰਮੁੱਖ ਸਿੱਖ ਸ਼ਖ਼ਸੀਅਤਾਂ ਸੰਗਤਾਂ ਨਾਲ ਵਿਚਾਰ ਸਾਂਝੇ ਕਰਨਗੀਆਂ। ਉਨ੍ਹਾ ਕਿਹਾ ਕਿ ਜੈਤੋ ਮੋਰਚੇ ਵਿਚ ਹਿੱਸਾ ਲੈਣ ਵਾਲਿਆਂ ਦੇ ਪਰਿਵਾਰਾਂ ਨੂੰ ਸਮਾਗਮ ਸਮੇਂ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾ ਸੰਗਤ ਨੂੰ ਸਮਾਗਮਾਂ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।ਇਸ ਮੌਕੇ ਇੰਚਾਰਜ ਸ. ਕਰਤਾਰ ਸਿੰਘ ਮੈਨੇਜਰ ਸ. ਸੁਖਰਾਜ ਸਿੰਘ, ਸ. ਲਖਵਿੰਦਰ ਸਿੰਘ ਰਸੀਵਰ ਗੁਰਦੁਆਰਾ ਗੁਰੂ ਕੀ ਢਾਬ, ਸ. ਗੁਰਬਚਨ ਸਿੰਘ ਜੈਤੋ ਅਤੇ ਹੋਰ ਹਾਜ਼ਰ ਸਨ।