ਪੰਜਾਬ ਸਿੱਖਿਆ ਕ੍ਰਾਂਤੀ ਪ੍ਰੋਗਰਾਮ  12700   ਅਧਿਆਪਕ ਪੱਕੇ ਕੀਤੇ, 20 ਹਜਾਰ ਨਵੇਂ ਅਧਿਆਪਕ ਭਰਤੀ ਹੋਏ- ਨਰਿੰਦਰ ਪਾਲ ਸਿੰਘ ਸਵਨਾ

ਫਾਜ਼ਿਲਕਾ,15 ਅਪ੍ਰੈਲ 2025 : ਫਾਜ਼ਿਲਕਾ ਦੇ ਵਿਧਾਇਕ ਵੱਲੋਂ ਤਿੰਨ ਪਿੰਡਾਂ ਵਿੱਚ ਚਾਰ ਸਕੂਲਾਂ ਦੇ 87 ਲੱਖ ਤੋਂ ਵੱਧ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਫਾਜਿਲਕਾ 15 ਅਪ੍ਰੈਲ 2025 : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਪੰਜਾਬ ਸਿੱਖਿਆ ਕ੍ਰਾਂਤੀ ਪ੍ਰੋਗਰਾਮ ਦੇ ਤਹਿਤ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਅੱਜ ਹਲਕੇ ਦੇ ਤਿੰਨ ਪਿੰਡਾਂ ਦੇ ਚਾਰ ਸਕੂਲਾਂ ਵਿੱਚ 87 ਲੱਖ 42 ਹਜਾਰ ਰੁਪਏ ਦੇ ਵਿਕਾਸ ਕੰਮਾਂ ਦਾ ਉਦਘਾਟਨ ਕੀਤਾ। ਇਸ ਦੌਰਾਨ ਸੰਬੋਧਨ ਕਰਦਿਆਂ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਿੱਥੇ 12700 ਕੱਚੇ ਅਧਿਆਪਕਾਂ ਨੂੰ ਪੱਕੇ ਕੀਤਾ ਗਿਆ ਹੈ ਉਥੇ ਹੀ 20 ਹਜਾਰ ਅਧਿਆਪਕਾਂ ਦੀ ਨਵੀਂ ਭਰਤੀ ਕੀਤੀ ਗਈ ਹੈ ਤਾਂ ਜੋ ਸਕੂਲਾਂ ਵਿੱਚ ਬਿਹਤਰ ਪੜ੍ਹਾਈ ਕਰਵਾਈ ਜਾ ਸਕੇ। ਉਹਨਾਂ ਨੇ ਕਿਹਾ ਕਿ ਹੁਣ ਟੀਚਰਾਂ ਦੀ ਕੋਈ ਘਾਟ ਨਹੀਂ ਹੈ ਅਤੇ ਸਕੂਲਾਂ ਵਿੱਚ ਸਕਿਉਰਟੀ ਗਾਰਡ, ਕੈਂਪਸ ਮੈਨੇਜਰ, ਸੇਵਾਦਾਰ , ਚੌਂਕੀਦਾਰ ਆਦਿ ਦੀ ਵੀ ਵਿਵਸਥਾ ਕੀਤੀ ਜਾ ਰਹੀ ਹੈ। ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਸਿੱਖਿਆ ਖੇਤਰ ਦੇ ਨਾਲ ਨਾਲ ਸਿਹਤ ਖੇਤਰ ਨੂੰ ਵੀ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ ਅਤੇ 50 ਕਰੋੜ ਰੁਪਏ ਨਾਲ ਫਾਜ਼ਿਲਕਾ ਦੇ ਕੈਂਸਰ ਹਸਪਤਾਲ ਨੂੰ ਵਿਵਸਥਿਤ ਕੀਤਾ ਜਾ ਰਿਹਾ ਹੈ ਜਦਕਿ 23 ਕਰੋੜ ਰੁਪਏ ਦੀ ਲਾਗਤ ਨਾਲ ਫਾਜ਼ਿਲਕਾ ਵਿਖੇ ਕ੍ਰਿਟੀਕਲ ਕੇਅਰ ਸੈਂਟਰ ਬਣ ਰਿਹਾ ਹੈ । ਉਹਨਾਂ ਨੇ ਕਿਹਾ ਕਿ ਫਾਜ਼ਿਲਕਾ ਦੇ ਸਿਵਲ ਹਸਪਤਾਲ ਵਿੱਚ ਡਾਕਟਰਾਂ ਦੀ ਘਾਟ ਪੂਰੀ ਕੀਤੀ ਗਈ ਹੈ ਅਤੇ 39 ਡਾਕਟਰ ਇੱਥੇ ਉਪਲਬਧ ਕਰਵਾਏ ਗਏ ਹਨ। ਇਸ ਮੌਕੇ ਉਨਾਂ ਦੇ ਧਰਮ ਪਤਨੀ ਖੁਸ਼ਬੂ ਸਾਵਨ ਸੁੱਖਾ ਸਵਨਾ ਨੇ ਵੀ ਸੰਬੋਧਨ ਕਰਦਿਆਂ ਪਿੰਡਾਂ ਦੇ ਲੋਕਾਂ ਨੂੰ ਧੀਆਂ ਨੂੰ ਪੜਾਉਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਪੜਾਂਗੇ ਤਾਂ ਅੱਗੇ ਵਧਾਂਗੇ । ਉਹਨਾਂ ਕਿਹਾ ਕਿ ਸਰਕਾਰ ਸਕੂਲਾਂ ਵਿੱਚ ਸੁਧਾਰ ਕਰ ਰਹੀ ਹੈ ਅਤੇ ਸਰਕਾਰੀ ਸਕੂਲਾਂ ਵਿੱਚ ਕਿਸੇ ਚੀਜ਼ ਦੀ ਘਾਟ ਨਹੀਂ ਹੈ ।ਉਹਨਾਂ ਨੇ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਪੌਦੇ ਲਗਾਉਣ ਅਤੇ ਖੇਡਾਂ ਅਤੇ ਪੜ੍ਹਾਈ ਵੱਲ ਧਿਆਨ ਦੇਣ ਦੀ ਅਪੀਲ ਕੀਤੀ ।ਇਸ ਦੌਰਾਨ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਸਰਕਾਰੀ ਪ੍ਰਾਇਮਰੀ ਸਕੂਲ ਚਵਾੜਿਆਂਵਾਲੀ ਵਿੱਚ 18 ਲੱਖ 28 ਹਜਾਰ ਰੁਪਏ ਸਰਕਾਰੀ ਹਾਈ ਸਕੂਲ ਚਵਾੜਿਆਂਵਾਲੀ ਵਿੱਚ 43 ਲੱਖ 27 ਹਜਾਰ ਰੁਪਏ ਸਰਕਾਰੀ ਮਿਡਲ ਸਕੂਲ ਅਭੁਨ ਵਿੱਚ 16  ਲੱਖ  23 ਹਜਾਰ ਰੁਪਏ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਜੋੜਕੀ ਕੰਕਰ ਵਾਲੀ ਵਿੱਚ 9.64 ਲੱਖ ਰੁਪਏ ਦੇ ਵਿਕਾਸ ਕੰਮਾਂ ਦਾ ਉਦਘਾਟਨ ਕੀਤਾ ਇਸ ਤੋਂ ਬਿਨਾਂ ਉਹਨਾਂ ਦੱਸਿਆ ਕਿ ਪਿੰਡ ਚਵਾੜਿਆਂਵਾਲੀ ਵਿੱਚ 27 ਲੱਖ ਰੁਪਏ ਨਾਲ ਖੇਡ ਮੈਦਾਨ ਅਤੇ 5 ਲੱਖ ਰੁਪਏ ਨਾਲ ਵਾਲੀਬਾਲ ਗਰਾਊਂਡ ਵੀ ਬਣਾਇਆ ਗਿਆ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਿੱਖਿਆ ਕੋਆਰਡੀਨੇਟਰ ਸੁਰਿੰਦਰ ਕੰਬੋਜ, ਉਪ ਜਿਲ੍ਹਾ ਸਿੱਖਿਆ ਅਫਸਰ ਪਰਵਿੰਦਰ ਸਿੰਘ, ਬਲਾਕ ਪ੍ਰਧਾਨ ਗੁਰਪਾਲ ਸਿੰਘ, ਸਿੱਖਿਆ ਵਿਭਾਗ ਦੇ ਡੀ ਐਨ ਓ ਵਿਜੇ ਪਾਲ ਅਤੇ ਹੋਰ ਪਤਵੰਤੇ ਹਾਜ਼ਰ ਸਨ।