- ਸਕੂਲ ਆਫ ਐਮੀਨੈਂਸ ‘ਚ 75 ਫ਼ੀਸਦ ਵਿਦਿਆਰਥੀ ਸਰਕਾਰੀ ਸਕੂਲਾਂ ਦੇ ਹੋਣਗੇ : ਸਿੱਖਿਆ ਮੰਤਰੀ
- ਦਾਖਲੇ ਨੂੰ ਵਧਾਉਣ ਲਈ ਆਮ ਲੋਕਾਂ ਨੂੰ ਜਾਗਰੂਕ ਕਰਨ ਵਾਸਤੇ ਵੈਨਾਂ ਨੂੰ ਹਰੀ ਝੰਡੀ
- ਸੂਬੇ ਦੇ ਸਕੂਲਾਂ ਵਿਚ 1800 ਦੇ ਕਰੀਬ ਨਵੇਂ ਕਮਰੇ ਤਿਆਰ ਕੀਤੇ ਗਏ ਤੇ 300 ਨਵੇਂ ਸਕੂਲ ਖੋਲ੍ਹੇ ਗਏ
ਐਸ.ਏ.ਐਸ. ਨਗਰ, 22 ਫਰਵਰੀ : ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਮਿਆਰੀ ਸਕੁਲੀ ਸਿੱਖਿਆ ਦੇਣ ਲਈ ਵਚਨਬੱਧਤਾ ਦੁਹਰਾਉਂਦੇ ਹੋਏ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਕਿਹਾ ਇਸ ਦੇ ਵਾਸਤੇ ਸੂਬੇ ਵਿੱਚ 117 ਸਕੂਲ ਆਫ ਐਮੀਨੈਂਸ ਸਕੂਲ ਖੋਲ੍ਹੇ ਗਏ ਹਨ ਅਤੇ ਇਨ੍ਹਾਂ ਸਕੂਲਾਂ ਵਿਚ ਦਾਖਲੇ ਲਈ ਪੋਰਟਲ ਦੀ ਸ਼ੁਰੂਆਤ ਕੀਤੀ ਜਾ ਚੁੱਕੀ ਹੈ ਜੋ ਕਿ 10 ਮਾਰਚ ਤੱਕ ਖੁੱਲ੍ਹੇ ਰਹਿਣਗੇ। ਇਨ੍ਹਾਂ ਸਕੂਲਾਂ ਵਿਚ 75 ਫ਼ੀਸਦ ਵਿਦਿਆਰਥੀ ਸਰਕਾਰੀ ਸਕੂਲਾਂ ਦੇ ਹੋਣਗੇ। ਉਨ੍ਹਾਂ ਬੱਚਿਆਂ ਦੇ ਦਾਖਲੇ ਸਕੂਲ ਆਫ ਐਮੀਨੈਂਸ ਵਿਚ ਕਰਵਾਉਣ ਲਈ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਤਾਂ ਜੋ ਬੱਚਿਆਂ ਦਾ ਭਵਿੱਖ ਬਿਹਤਰ ਬਣਾਇਆ ਜਾ ਸਕੇ। ਬੈਂਸ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਦੇ ਦਾਖਲੇ ਨੂੰ ਵੱਧ ਤੋਂ ਵੱਧ ਯਕੀਨੀ ਕਰਨ ਲਈ ਨੇ ਅੱਜ ਨਵੇਂ ਸੈਸ਼ਨ ਦੇ ਦਾਖਲਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਾਰੇ ਜ਼ਿਲਿਆਂ ਵਿੱਚ ਸਰਕਾਰੀ ਸਕੂਲਾਂ ਵਿਖੇ ਵਿਦਿਆਰਥੀਆਂ ਦੇ ਦਾਖਲੇ ਨੂੰ ਵਧਾਉਣ ਲਈ ਅਤੇ ਆਮ ਲੋਕਾਂ ਨੂੰ ਇਸ ਬਾਰੇ ਜਾਣਕਾਰੀ ਦੇਣ ਲਈ ਵੈਨਾਂ ਸ਼ਹਿਰਾਂ ਅਤੇ ਪਿੰਡਾਂ ਵਿਚ ਪ੍ਰਚਾਰ ਕਰਨਗੀਆਂ। ਇਸ ਮੌਕੇ ਉਨ੍ਹਾਂ ਨੇ ਪ੍ਰਚਾਰ ਵੈਨਾਂ ਨੂੰ ਹਰੀ ਝੰਡੀ ਵੀ ਦਿੱਤੀ। ਉਨ੍ਹਾਂ ਕਿਹਾ ਕਿ ਅਜੇ ਤੱਕ ਕੇਵਲ ਪ੍ਰਾਈਵੇਟ ਸਕੂਲਾਂ ਵੱਲੋਂ ਹੀ ਆਪਣਾ ਪ੍ਰਚਾਰ ਕੀਤਾ ਜਾਂਦਾ ਰਿਹਾ ਹੈ ਪਰ ਹੁਣ ਸਿੱਖਿਆ ਵਿਭਾਗ ਵੀ ਸਰਕਾਰੀ ਸਕੂਲਾਂ ਦੇ ਦਾਖਲੇ ਪ੍ਰਕਿਰਿਆ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਣੂ ਕਰਵਾਉਣ ਲਈ ਸੂਬੇ ਦੇ ਕੋਨੇ ਕੋਨੇ ਵਿਚ ਪ੍ਰਚਾਰ ਕਰੇਗਾ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸਿੱਖਿਆ ਦੇ ਖੇਤਰ ਵਿਚ ਲਈ ਗਏ ਇਤਹਾਸਿਕ ਫੈਸਲੇ ਅਤੇ ਨੀਤੀਆਂ ਦੀ ਜਾਣਕਾਰੀ ਦਿੰਦੇ ਹੋਏ ਸਿੱਖਿਆ ਮੰਤਰੀ ਨੇ ਕਿਹਾ ਕਿ ਪਹਿਲੀ ਵਾਰ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਸਿਖਲਾਈ ਦਿਵਾਈ ਗਈ ਹੈ ਤਾਂ ਜੋ ਸਰਕਾਰੀ ਸਕੂਲਾਂ ਵਿਚ ਸਿੱਖਿਆ ਪ੍ਰਣਾਲੀ ਵਿਚ ਵਿਆਪਕ ਪੱਧਰ ਉੱਤੇ ਸੁਧਾਰ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਆਧਿਆਪਕਾਂ ਤੇ ਮਾਪਿਆਂ ਦੀ ਮਿਲਣੀ ਹੋਈ ਜਿਸ ਵਿਚ 19 ਲੱਖ ਦੇ ਕਰੀਬ ਮਾਪਿਆਂ ਨੇ ਹਿੱਸਾ ਲੈ ਕੇ ਇਤਹਾਸ ਰੱਚ ਦਿੱਤਾ। ਹਰਜੋਤ ਬੈਂਸ ਨੇ ਅੱਗੇ ਕਿਹਾ ਕਿ ਇਸ ਸਾਲ ਸੂਬੇ ਦੇ ਸਕੂਲਾਂ ਵਿਚ 1800 ਦੇ ਕਰੀਬ ਨਵੇਂ ਕਮਰੇ ਤਿਆਰ ਕੀਤੇ ਗਏ ਹਨ ਅਤੇ 300 ਨਵੇਂ ਸਕੂਲ ਖੋਲ੍ਹੇ ਗਏ ਹਨ। ਅਗਲੇ ਸਾਲ ਤੱਕ ਰਾਜ ਦੇ ਸਕੂਲਾਂ ਵਿਚ ਸ਼ਾਨਦਾਰ ਫਰਨੀਚਰ ਵੀ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਵਿਸ਼ਵਾਸ ਦਿਵਾਉਂਦਿਆਂ ਕਿਹਾ ਸਰਕਾਰੀ ਸਕੂਲਾਂ ਵਿੱਚ ਪੜਦੇ ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਜਲਦ ਸਰਕਾਰੀ ਸਕੂਲਾਂ ਦੀ ਕਾਰਗੁਜਾਰੀ ਤੋਂ ਬੇਹੱਦ ਸੰਤੁਸ਼ਟ ਹੋਣਗੇ। ਸਰਕਾਰੀ ਸਕੂਲਾਂ ਦੀ ਦਿੱਖ, ਸਿੱਖਣ ਸਿਖਾਉਣ ਲਈ ਡਿਜੀਟਲ ਤਕਨੀਕ ਦੀ ਵਰਤੋਂ, ਵਿਦਿਆਰਥੀਆਂ ਨੂੰ ਮਿਲਦੀਆਂ ਸਹੂਲਤਾਂ ਅਤੇ ਉੱਚ ਯੋਗਤਾ ਪ੍ਰਾਪਤ ਅਧਿਆਪਕਾਂ ਕਾਰਨ ਅੱਜ ਸਰਕਾਰੀ ਸਕੂਲ ਨਿੱਜੀ ਸਕੂਲਾਂ ਤੋਂ ਕਿਤੇ ਅੱਗੇ ਜਾ ਰਹੇ ਹਨ। ਇਸ ਸਮੇਂ ਉਨ੍ਹਾਂ ਨਿੱਜੀ ਸਕੂਲ ਨੂੰ ਪਛਾੜ ਚੁੱਕੇ ਸਰਕਾਰੀ ਸਕੂਲਾਂ ਵਿੱਚ ਆਪਣੇ ਬੱਚਿਆਂ ਨੂੰ ਦਾਖਲ ਕਰਵਾਉਣ ਦੀ ਮਾਪਿਆਂ ਨੂੰ ਅਪੀਲ ਕੀਤੀ। ਇਸ ਮੌਕੇ ਡੀ.ਈ.ਓ. ਬਲਜਿੰਦਰ ਸਿੰਘ ਅਤੇ ਡਿਪਟੀ ਡੀ.ਈ.ਓ. ਕੰਚਨ ਸ਼ਰਮਾ ਹਾਜ਼ਰ ਸਨ।