- 4.28 ਕਰੋੜ ਰੁਪਏ ਦੀ ਲਾਗਤ ਨਾਲ 73 ਸਕੂਲਾਂ ਦੀ ਬਾਊਂਡਰੀ ਵਾਲ ਦੀ ਕੀਤੀ ਜਾਵੇਗੀ ਉਸਾਰੀ
ਫਰੀਦਕੋਟ 24 ਜੁਲਾਈ : ਵਿਧਾਇਕ ਫਰੀਦਕੋਟ ਗੁਰਦਿੱਤ ਸਿੰਘ ਸੇਖੋਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਿੱਖਿਆ ਸੰਸਥਾਵਾਂ ਤੇ ਵਿਸ਼ੇਸ਼ ਤਵੱਜੋਂ ਦਿੱਤੀ ਜਾ ਰਹੀ ਹੈ ਜਿਸ ਤਹਿਤ ਸਰਕਾਰੀ ਸਕੂਲਾਂ ਨੂੰ ਪੰਜਾਬ ਸਰਕਾਰ ਵੱਲੋਂ ਗਰਾਂਟਾਂ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾ ਰਹੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਉਨ੍ਹਾਂ ਦੱਸਿਆ ਕਿ ਸਮੱਗਰਾ ਸਿੱਖਿਆ ਅਧੀਨ ਸਾਲ 2023-24 ਲਈ ਫਰੀਦਕੋਟ ਹਲਕੇ ਵਿੱਚ ਪੈਂਦੇ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਲਈ ਮਿਸ਼ਰਿਤ ਸਕੂਲ ਗਰਾਂਟ ਜਾਰੀ ਹੋ ਚੁੱਕੀ ਹੈ। ਜਿਸ ਵਿੱਚ ਫਰੀਦਕੋਟ ਹਲਕੇ ਦੇ ਹਿੱਸੇ ਵਿੱਚ 4 ਕਰੋੜ 28 ਲੱਖ 68 ਹਜ਼ਾਰ ਰੁਪਏ ਦੀ ਗ੍ਰਾਂਟ ਆਈ ਹੈ। ਉਨ੍ਹਾਂ ਕਿਹਾ ਕਿ ਇਸ ਗ੍ਰਾਂਟ ਦੀ ਵਰਤੋਂ ਨਾਲ 73 ਸਕੂਲਾਂ ਦੀ ਬਾਊਂਡਰੀ ਵਾਲ ਦੀ ਨਵੀਂ ਉਸਾਰੀ/ ਮੁੜ ਉਸਾਰੀ ਕਰਵਾਈ ਜਾਵੇਗੀ। ਜਿਸ ਨਾਲ ਸਕੂਲਾਂ ਦੀ ਹੋਰ ਸੁਰੱਖਿਆ ਵਧੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਵਿੱਚ ਸਿੱਖਿਆ ਦੇ ਪੱਧਰ ਨੂੰ ਹੋਰ ਉੱਚਾ ਚੁੱਕਣਾ ਚਾਹੁੰਦੀ ਹੈ ਤਾਂ ਜੋ ਕੋਈ ਵੀ ਬੱਚਾ ਅਸਿੱਖਿਅਤ ਨਾ ਰਹਿ ਸਕੇ। ਉਨ੍ਹਾਂ ਕਿਹਾ ਕਿ ਪਹਿਲਾਂ ਹੀ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਸਕੂਲ ਆਫ ਐਮੀਨਾਂਸ ਵਿੱਚ ਬਦਲਿਆ ਜਾ ਰਿਹਾ ਹੈ। ਉਨ੍ਹਾਂ ਮੁੜ ਦੁਹਰਾਇਆ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਫੰਡਾਂ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ।