- ਹਰ ਸਰਕਾਰੀ ਹਸਪਤਾਲ 'ਚ ਡਾਕਟਰਾਂ, ਦਵਾਈਆਂ ਅਤੇ ਟੈਸਟਿੰਗ ਸਹੂਲਤਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣਾ ਮੇਰੀ ਮੁੱਖ ਤਰਜੀਹ - ਸਿਹਤ ਤੇ ਪਰਿਵਾਰ ਭਲਾਈ ਮੰਤਰੀ
- ਲੁਧਿਆਣਾ 'ਚ 30 ਨਵੇਂ ਆਮ ਆਦਮੀ ਕਲੀਨਿਕ, 110 'ਸੀ.ਐਮ. ਕੀ ਯੋਗਸ਼ਾਲਾ' ਖੋਲ੍ਹੀਆਂ ਜਾਣਗੀਆਂ
- ਕੈਬਨਿਟ ਮੰਤਰੀ ਵਲੋਂ ਹਸਪਤਾਲਾਂ, ਆਮ ਆਦਮੀ ਕਲੀਨਿਕਾਂ ਦੇ ਕੰਮਕਾਜ ਅਤੇ ਵੱਖ-ਵੱਖ ਪ੍ਰੋਗਰਾਮਾਂ ਦੀ ਸਥਿਤੀ ਦੀ ਸਮੀਖਿਆ
ਲੁਧਿਆਣਾ, 19 ਮਾਰਚ : ਸੂਬੇ ਦੇ ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ ਦੀ ਘਾਟ ਨੂੰ ਪੂਰਾ ਕਰਨ ਲਈ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵਲੋਂ ਕਿਹਾ ਗਿਆ ਕਿ ਸਰਕਾਰ ਵੱਲੋਂ ਜਲਦ ਹੀ ਇੱਕ ਨਵਾਂ ਪ੍ਰੋਗਰਾਮ 'ਸਿੱਖਣ ਦੇ ਨਾਲ ਕਮਾਓ' ਸ਼ੁਰੂ ਕੀਤਾ ਜਾਵੇਗਾ ਜਿਸਦੇ ਤਹਿਤ ਐਮ.ਬੀ.ਬੀ.ਐਸ. ਪਾਸ ਵਿਦਿਆਰਥੀ ਸਿਹਤ ਸੰਸਥਾਵਾਂ ਵਿੱਚ ਤਾਇਨਾਤ ਕੀਤੇ ਜਾਣਗੇ ਜਿਨ੍ਹਾਂ ਨੂੰ ਹਸਪਤਾਲ ਵਿੱਚ ਪ੍ਰੈਕਟਿਸ ਕਰਨ ਦੇ ਨਾਲ-ਨਾਲ ਚੰਗੀਆਂ ਤਨਖ਼ਾਹਾਂ ਵੀ ਦਿੱਤੀਆਂ ਜਾਣਗੀਆਂ। ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ ਦੀ ਘਾਟ ਨੂੰ ਸਵੀਕਾਰ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਇਸ ਪ੍ਰੋਗਰਾਮ ਤਹਿਤ ਐਮ.ਬੀ.ਬੀ.ਐਸ. ਪਾਸ ਵਿਦਿਆਰਥੀਆਂ ਨੂੰ 70000 ਰੁਪਏ ਮਹੀਨਾ ਤਨਖ਼ਾਹ ਤੋਂ ਇਲਾਵਾ ਰਿਹਾਇਸ਼ ਅਤੇ ਹੋਰ ਸਹੂਲਤਾਂ ਸਰਕਾਰ ਵੱਲੋਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਹ ਪ੍ਰੋਗਰਾਮ ਪੰਜਾਬ ਵਿੱਚ ਸੈਕੰਡਰੀ ਸਿਹਤ ਸੇਵਾਵਾਂ ਨੂੰ ਵਧਾਉਣ ਲਈ ਇੱਕ ਕ੍ਰਾਂਤੀਕਾਰੀ ਸੰਕਲਪ ਹੈ ਜਿਸਨੂੰ ਜਲਦ ਹੀ ਲਾਗੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਐਮ.ਬੀ.ਬੀ.ਐਸ. ਪਾਸ ਨੌਜਵਾਨਾਂ ਨੂੰ ਆਨਲਾਈਨ ਮਾਧਿਅਮ ਰਾਹੀਂ ਮੈਡੀਕਲ ਕਾਲਜਾਂ ਦੇ ਸਾਡੇ ਅਧਿਆਪਕਾਂ ਰਾਹੀਂ ਡਿਊਟੀ ਦੌਰਾਨ ਪ੍ਰੈਕਟੀਕਲ ਅਤੇ ਥਿਊਰੈਟੀਕਲ ਸਿਖਲਾਈ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੁਪਰ ਸਪੈਸ਼ਲਿਸਟਾਂ ਦੀਆਂ ਤਨਖਾਹਾਂ ਵਿੱਚ ਵੀ ਸੋਧ ਕੀਤੀ ਜਾ ਰਹੀ ਹੈ ਤਾਂ ਜੋ ਵੱਧ ਤੋਂ ਵੱਧ ਡਾਕਟਰ ਸਰਕਾਰੀ ਸੇਵਾਵਾਂ ਵਿੱਚ ਸ਼ਾਮਲ ਹੋ ਸਕਣ। ਗਾਇਨੀਕੋਲੋਜਿਸਟਸ ਅਤੇ ਹੋਰ ਮਾਹਿਰਾਂ ਦੀ ਘਾਟ ਨਾਲ ਨਜਿੱਠਣ ਲਈ, ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਰਕਾਰ ਸਰਜਰੀ-ਅਧਾਰਤ ਪ੍ਰਕਿਰਿਆਵਾਂ ਲਈ ਸਥਾਨਕ ਪ੍ਰਾਈਵੇਟ ਉੱਚ ਯੋਗਤਾ ਪ੍ਰਾਪਤ ਡਾਕਟਰਾਂ ਨੂੰ ਨਿਯੁਕਤ ਕਰਨ ਲਈ ਇੱਕ ਨੀਤੀ ਲਿਆਉਣ 'ਤੇ ਵਿਚਾਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੈਡੀਕਲ ਕਾਲਜਾਂ ਦੇ ਡਾਕਟਰਾਂ ਅਤੇ ਪ੍ਰਾਈਵੇਟ ਹਸਪਤਾਲਾਂ ਦੇ ਡਾਕਟਰਾਂ ਦੇ ਸਹਿਯੋਗ ਨਾਲ ਮਿਆਰੀ ਇਲਾਜ ਦੇਣ ਲਈ ਜਲਦ ਹੀ ਜ਼ਿਲ੍ਹਾ ਰੈਜ਼ੀਡੈਂਸੀ ਪ੍ਰੋਗਰਾਮ ਵੀ ਸ਼ੁਰੂ ਕਰੇਗੀ। ਸਿਹਤ ਤੇ ਪਰਿਵਾਰ ਭਲਾਈ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ, ਦਵਾਈਆਂ ਅਤੇ ਟੈਸਟਿੰਗ ਸਹੂਲਤਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣਾ ਸਭ ਤੋਂ ਵੱਡੀ ਤਰਜੀਹ ਹੈ ਅਤੇ ਸੂਬੇ ਵਿੱਚ ਸਿਹਤ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ, ਹਾਲ ਹੀ ਬਜਟ ਵਿੱਚ ਵੀ ਚੋਖਾ ਵਾਧਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪ੍ਰਾਇਮਰੀ ਸਿਹਤ ਖੇਤਰ ਨੂੰ ਹੁਲਾਰਾ ਦੇਣ ਲਈ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਉਨ੍ਹਾਂ ਦੇ ਘਰ-ਘਰ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ 504 ਆਮ ਆਦਮੀ ਕਲੀਨਿਕਾਂ ਦੇ ਸਫਲ ਸੰਚਾਲਨ ਦੇ ਨਾਲ, ਜਲਦ ਹੀ 142 ਹੋਰ ਕਲੀਨਿਕ ਖੋਲ੍ਹੇ ਜਾਣੇ ਹਨ। ਉਨ੍ਹਾਂ ਕਿਹਾ ਕਿ ਵੈਲਨੈਸ ਸੈਂਟਰ ਪਹਿਲਾਂ ਹੀ ਕੰਮ ਕਰ ਰਹੇ ਹਨ ਅਤੇ ਆਮ ਆਦਮੀ ਕਲੀਨਿਕਾਂ ਨਾਲ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮਿਲ ਰਹੀਆਂ ਹਨ ਜਿੱਥੇ 80 ਵੱਖ-ਵੱਖ ਦਵਾਈਆਂ ਅਤੇ 41 ਟੈਸਟ ਮੁਫ਼ਤ ਕੀਤੇ ਜਾ ਰਹੇ ਹਨ। ਸਿਹਤ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਲੁਧਿਆਣਾ ਵਿੱਚ 30 ਨਵੇਂ ਆਮ ਆਦਮੀ ਕਲੀਨਿਕ ਅਤੇ 110 'ਸੀ.ਐਮ. ਕੀ ਯੋਗਸ਼ਾਲਾ' ਖੋਲ੍ਹੀਆਂ ਜਾਣਗੀਆਂ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਦਾ ਸਰਕਟ ਹਾਊਸ ਪਹੁੰਚਣ 'ਤੇ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਅਤੇ ਹੋਰਨਾਂ ਵੱਲੋਂ ਗਾਰਡ ਆਫ਼ ਆਨਰ ਦਿੱਤਾ ਗਿਆ। ਇਸ ਮੌਕੇ ਵਿਧਾਇਕ ਸਰਵਜੀਤ ਕੌਰ ਮਾਣੂੰਕੇ, ਮਦਨ ਲਾਲ ਬੱਗਾ, ਦਲਜੀਤ ਸਿੰਘ ਭੋਲਾ ਗਰੇਵਾਲ, ਜੀਵਨ ਸਿੰਘ ਸੰਗੋਵਾਲ, ਰਜਿੰਦਰਪਾਲ ਕੌਰ ਛੀਨਾ, ਹਰਦੀਪ ਸਿੰਘ ਮੁੰਡੀਆਂ, ਅਸ਼ੋਕ ਪਰਾਸ਼ਰ ਪੱਪੀ, ਗੁਰਪ੍ਰੀਤ ਬੱਸੀ ਗੋਗੀ, ਮਾਰਕਫੈੱਡ ਦੇ ਚੇਅਰਮੈਨ ਅਮਨਦੀਪ ਸਿੰਘ ਮੋਹੀ, ਜੈਨਕੋ ਦੇ ਚੇਅਰਮੈਨ ਨਵਜੋਤ ਸਿੰਘ ਜਰਗ, ਜ਼ਿਲ੍ਹਾ ਪ੍ਰਧਾਨ ਹਰਭੁਪਿੰਦਰ ਸਿੰਘ ਧਰੌੜ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ਼ਰਨਪਾਲ ਸਿੰਘ ਮੱਕੜ, ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਸੁਰੇਸ਼ ਗੋਇਲ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਮਿਤ ਕੁਮਾਰ ਪੰਚਾਲ, ਸਿਵਲ ਸਰਜਨ ਡਾ. ਹਿਤਿੰਦਰ ਕੌਰ ਤੋਂ ਇਲਾਵਾ ਸਿਹਤ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਇਸ ਦੌਰਾਨ ਕੈਬਨਿਟ ਮੰਤਰੀ ਵਲੋਂ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ, ਨਸ਼ਾ ਛੁਡਾਊ ਕੇਂਦਰਾਂ, ਆਮ ਆਦਮੀ ਕਲੀਨਿਕਾਂ ਦੇ ਕੰਮਕਾਜ ਅਤੇ ਹੋਰਾਂ ਸਮੇਤ ਵੱਖ-ਵੱਖ ਪ੍ਰੋਗਰਾਮਾਂ ਅਤੇ ਸਕੀਮਾਂ ਦੀ ਸਮੀਖਿਆ ਵੀ ਕੀਤੀ।