ਪੰਜਾਬ ਸਰਕਾਰ ਦੀਆਂ ਭਲਾਈ ਯੋਜਨਾਵਾਂ ਤੇ ਲੋਕ ਪੱਖੀ ਫੈਸਲਿਆਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕੀਤਾ ਜਾਵੇ: ਜਤਿੰਦਰ ਜੋਰਵਾਲ

  • ਡਿਪਟੀ ਕਮਿਸ਼ਨਰ ਵੱਲੋਂ ਨਾਗਰਿਕਾਂ ਨੂੰ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ’ਚ ਬਿਨਾਂ ਵਜ੍ਹਾ ਦੇਰੀ ਕਰਨ ਵਾਲਿਆਂ ਨੂੰ ਸਖ਼ਤ ਤਾੜਨਾ
  • ਸਮੂਹ ਉਪ ਮੰਡਲ ਮੈਜਿਸਟਰੇਟ ਨੂੰ ਵਿਕਾਸ ਕਾਰਜਾਂ ਦਾ ਨਿਯਮਤ ਜਾਇਜ਼ਾ ਲੈਣ ਦੇ ਆਦੇਸ਼

ਸੰਗਰੂਰ, 11 ਜੂਨ : ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ਤੇ ਭਲਾਈ ਯੋਜਨਾਵਾਂ ਨੂੰ ਜ਼ਿਲ੍ਹਾ ਸੰਗਰੂਰ ਵਿਖੇ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਪੱਖੀ ਯੋਜਨਾਵਾਂ ਨੂੰ ਸਫ਼ਲਤਾ ਨਾਲ ਲਾਗੂ ਕਰਨ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰ,  ਨਾਗਰਿਕਾਂ ਨੂੰ ਸਰਵੋਤਮ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਦੇ ਦਿਸ਼ਾ ਵਿੱਚ ਅਨੇਕਾਂ ਅਹਿਮ ਉਪਰਾਲੇ ਕਰ ਰਹੀ ਹੈ ਅਤੇ ਜੇਕਰ ਕੋਈ ਵਿਭਾਗੀ ਅਧਿਕਾਰੀ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ ਵਿੱਚ ਅਸਫ਼ਲ ਰਹੇਗਾ ਤਾਂ ਉਸ ਖਿਲਾਫ਼ ਕਾਰਵਾਈ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਆਮ ਲੋਕਾਂ ਨੂੰ ਪਾਰਦਰਸ਼ੀ ਤੇ ਸਮਾਂਬੱਧ ਸੇਵਾਵਾਂ ਪ੍ਰਦਾਨ ਕਰਨ ਦੀ ਪ੍ਰਕਿਰਿਆ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ ਇਸ ਲਈ ਨਾਗਰਿਕਾਂ ਦਾ ਸਮਾਂ ਅਜਾਈਂ ਨਸ਼ਟ ਕਰਨ ਤੋਂ ਗੁਰੇਜ਼ ਕਰਦੇ ਹੋਏ ਲੋਕ ਪੱਖੀ ਸੋਚ ਨੂੰ ਅਪਣਾਇਆ ਜਾਵੇ। ਡਿਪਟੀ ਕਮਿਸ਼ਨਰ ਨੇ ਸਮੂਹ ਉਪ ਮੰਡਲ ਮੈਜਿਸਟਰੇਟ ਨੂੰ ਹਦਾਇਤ ਕੀਤੀ ਕਿ ਆਮ ਆਦਮੀ ਕਲੀਨਿਕਾਂ ਦੀ ਕਾਰਗੁਜ਼ਾਰੀ, ਜਲ ਸਪਲਾਈ ਸਕੀਮਾਂ, ਸੀਵਰੇਜ ਕਾਰਜਾਂ, ਇਰੀਗੇਸ਼ਨ ਦੇ ਕਾਰਜਾਂ, ਮਿਡ ਡੇਅ ਮੀਲ, ਜਨਤਕ ਸ਼ਿਕਾਇਤ ਨਿਵਾਰਨ ਪ੍ਰਣਾਲੀ ਤੇ ਈ-ਸੇਵਾ ’ਤੇ ਬਕਾਇਆ ਸ਼ਿਕਾਇਤਾਂ ਦੇ ਨਿਪਟਾਰੇ ਸਬੰਧੀ ਨਿਯਮਤ ਸਮੀਖਿਆਵਾਂ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤੁਹਾਡੇ ਦੁਆਰ ਤਹਿਤ ਲੱਗਣ ਵਾਲੇ ਕੈਂਪਾਂ ਵਿੱਚ ਵੱਖ-ਵੱਖ ਸਰਕਾਰੀ ਸੇਵਾਵਾਂ ਲੋਕਾਂ ਨੂੰ ਸਮੇਂ ਸਿਰ ਮੁਹੱਈਆ ਕਰਵਾਉਣ ਲਈ ਵੀ ਕਦਮ ਪੁੱਟੇ ਜਾਣ। ਮੀਟਿੰਗ ਦੌਰਾਨ ਐਸ.ਡੀ.ਐਮ ਸੰਗਰੂਰ ਚਰਨਜੋਤ ਸਿੰਘ ਵਾਲੀਆ, ਐਸ.ਡੀ.ਐਮ ਧੂਰੀ ਅਮਿਤ ਗੁਪਤਾ, ਐਸ.ਡੀ.ਐਮ ਭਵਾਨੀਗੜ੍ਹ ਵਿਨੀਤ ਕੁਮਾਰ, ਐਸ.ਡੀ.ਐਮ ਦਿੜ੍ਰਬਾ ਰਾਜੇਸ਼ ਸ਼ਰਮਾ, ਐਸ.ਡੀ.ਐਮ ਸੁਨਾਮ ਪ੍ਰਮੋਦ ਸਿੰਗਲਾ, ਸਹਾਇਕ ਕਮਿਸ਼ਨਰ ਉਪਿੰਦਰਜੀਤ ਕੌਰ ਬਰਾੜ ਸਮੇਤ ਵੱਖ-ਵੱਖ ਵਿਭਾਗਾਂ ਦੇ ਮੁਖੀ ਵੀ ਹਾਜ਼ਰ ਸਨ।