- ਪ੍ਰਭਾਵਿਤ ਇਲਾਕਿਆਂ ਵਿੱਚ ਬਿਮਾਰੀਆਂ ਤੋਂ ਬਚਾਅ ਲਈ ਖੜ੍ਹੇ ਪਾਣੀ ’ਤੇ ਕਰਵਾਈ ਜਾ ਰਹੀ ਹੈ ਲਾਰਵੀਸਾਈਡ ਦਵਾਈ ਦੀ ਸਪਰੇਅ : ਸਿਵਲ ਸਰਜਨ
ਪਟਿਆਲਾ 12 ਜੁਲਾਈ : ਸਿਵਲ ਸਰਜਨ ਡਾ. ਰਮਿੰਦਰ ਕੌਰ ਨੇ ਬਰਸਾਤੀ ਮੌਸਮ ਅਤੇ ਮੌਜੂਦਾ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਰੈਪਿਡ ਰੈਸਪਾਂਸ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ ਅਤੇ ਸਾਰੇ ਸਿਹਤ ਕੇਂਦਰਾਂ ਵਿੱਚ ਐਮਰਜੈਂਸੀ ਸੇਵਾਵਾਂ ਮੁਹੱਈਆ ਕਰਵਾਉਣੀਆਂ ਯਕੀਨੀ ਬਣਾਈਆਂ ਜਾ ਰਹੀਆਂ ਹਨ। ਉਨ੍ਹਾਂ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਨੂੰ ਜਾਗਰੂਕ ਕਰਦੇ ਹੋਏ ਦੱਸਿਆ ਕਿ ਦੂਸ਼ਿਤ ਭੋਜਨ ਅਤੇ ਦੂਸ਼ਿਤ ਪਾਣੀ ਪੀਣ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਸਾਫ਼ ਸਫ਼ਾਈ ਦਾ ਖ਼ਾਸ ਧਿਆਨ ਰੱਖਿਆ ਜਾਵੇ ਅਤੇ ਕੁਝ ਵੀ ਖਾਣ ਤੋਂ ਪਹਿਲਾਂ ਹੱਥਾਂ ਨੂੰ ਸਾਬਣ ਨਾਲ ਧੋਇਆ ਜਾਵੇ। ਪਾਣੀ ਦੀ ਸੇਫ਼ ਸਪਲਾਈ ਸ਼ੁਰੂ ਹੋਣ ਤੋਂ ਪਹਿਲਾਂ ਮਿਊਂਸੀਪਲ ਕਾਰਪੋਰੇਸ਼ਨ ਵੱਲੋਂ ਟੈਂਕਰਾਂ ਰਾਹੀਂ ਦਿੱਤੇ ਜਾਣ ਵਾਲੇ ਪਾਣੀ ਦੀ ਵਰਤੋਂ ਕੀਤੀ ਜਾਵੇ। ਪੀਣ ਵਾਲੇ ਪਾਣੀ ਨੂੰ ਚੰਗੀ ਤਰ੍ਹਾਂ ਉਬਾਲ ਕੇ, ਠੰਡਾ ਕਰਕੇ ਪੀਤਾ ਜਾਵੇ। ਉਨ੍ਹਾਂ ਦੱਸਿਆ ਕਿ ਪ੍ਰਭਾਵਿਤ ਇਲਾਕਿਆਂ ਵਿੱਚ ਪੀਣ ਵਾਲੇ ਪਾਣੀ ਨੂੰ ਰੋਗਾਣੂ ਮੁਕਤ ਕਰਨ ਲਈ ਕਲੋਰੀਨ ਦੀਆਂ ਗੋਲੀਆਂ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਉਹਨਾਂ ਗੋਲੀਆਂ ਦਾ ਇਸਤੇਮਾਲ ਕਰਕੇ ਪੀਣ ਵਾਲੇ ਪਾਣੀ ਨੂੰ ਵਰਤੋਂ ਵਿੱਚ ਲਿਆਂਦਾ ਜਾਵੇ। ਖਾਣ ਪੀਣ ਵਾਲੀਆਂ ਚੀਜ਼ਾਂ ਨੂੰ ਢੱਕ ਕੇ ਰੱਖਿਆ ਜਾਵੇ। ਉਲਟੀਆਂ ਜਾਂ ਦਸਤ ਲੱਗਣ ਤੇ ਹੈਲਪ ਲਾਈਨ ਨੰਬਰ 01755128793 ਜਾਂ ਮੈਡੀਕਲ ਕੈਂਪ ਜਾਂ ਨੇੜੇ ਦੇ ਸਰਕਾਰੀ ਸਿਹਤ ਸੰਸਥਾ ਨਾਲ ਸੰਪਰਕ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਦੂਸ਼ਿਤ ਪਾਣੀ ਅਤੇ ਕੀੜਿਆਂ ਦੇ ਕੱਟਣ ਨਾਲ ਆਮ ਤੌਰ ਤੇ ਚਮੜੀ ਤੇ ਬੈਕਟੀਰੀਅਲ ਇਨਫੈਕਸ਼ਨ (ਲਾਗ) ਹੋ ਜਾਂਦੀ ਹੈ। ਚਮੜੀ ਦੀ ਲਾਗ ਨੂੰ ਰੋਕਣ ਲਈ ਰਬੜ ਦੇ ਬੂਟ ਅਤੇ ਪੂਰੀਆਂ ਬਾਹਾਂ ਵਾਲੇ ਕੱਪੜੇ ਪਾਏ ਜਾਣ, ਇਨਫੈਕਸ਼ਨ (ਲਾਗ) ਹੋਣ ’ਤੇ ਨਜ਼ਦੀਕੀ ਸਿਹਤ ਸੰਸਥਾ ਨਾਲ ਸੰਪਰਕ ਕੀਤਾ ਜਾਵੇ। ਪਾਣੀ ਆਉਣ ਦੌਰਾਨ ਸੱਪ ਦੇ ਕੱਟਣ ਦੀਆਂ ਘਟਨਾਵਾਂ ਆਮ ਹਨ, ਜੇਕਰ ਸੱਪ ਕੱਟ ਜਾਂਦਾ ਹੈ ਤਾਂ ਤੁਰੰਤ ਨਜ਼ਦੀਕੀ ਸਿਹਤ ਸੰਸਥਾ ਨਾਲ ਸੰਪਰਕ ਕੀਤਾ ਜਾਵੇ। ਇਸ ਤੋਂ ਇਲਾਵਾ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਪ੍ਰਭਾਵਿਤ ਇਲਾਕਿਆਂ ਵਿੱਚ ਡੇਂਗੂ ਤੋਂ ਬਚਾਅ ਲਈ ਬਾਬਾ ਦੀਪ ਸਿੰਘ ਨਗਰ, ਸ਼ਾਂਤੀ ਨਗਰ ਅਤੇ ਐਲ ਆਈ ਫਲੈਟ, ਅਰਬਨ ਅਸਟੇਟ ਵਿੱਚ ਉਹਨਾਂ ਇਲਾਕਿਆਂ ਵਿੱਚ ਜਿੱਥੋਂ ਪਾਣੀ ਦੀ ਨਿਕਾਸੀ ਹੋ ਰਹੀ ਹੈ, ਉਥੇ ਖੜੇ ਪਾਣੀ ਤੇ ਲਾਰਵੀਸਾਈਡ ਦਵਾਈ ਦੀ ਸਪਰੇਅ ਕਰਵਾਈ ਗਈ ਅਤੇ ਲੋੜਵੰਦ ਲੋਕਾਂ ਨੂੰ ਓ. ਆਰ.ਐਸ ਦੇ ਪੈਕਟਾਂ ਦੀ ਵੰਡ ਅਤੇ ਪਾਣੀ ਨੂੰ ਸੁੱਧ ਕਰਕੇ ਪੀਣ ਲਈ ਕਲੋਰੀਨ ਦੀਆਂ ਗੋਲੀਆਂ ਦੀ ਵੰਡ ਕੀਤੀ ਗਈ।