- ਲੋਕਾਂ ਦੇ ਰਹਿਣ ਤੇ ਖਾਣੇ ਦਾ ਪ੍ਰਬੰਧ
- ਮੈਡੀਕਲ ਸਹੂਲਤਾਂ ਵੀ ਮੁਹਈਆ ਕਰਵਾਈਆਂ
ਫ਼ਤਹਿਗੜ੍ਹ ਸਾਹਿਬ,11 ਜੁਲਾਈ : ਭਾਰੀ ਮੀਂਹ ਕਾਰਨ ਪੈਦਾ ਹੋਈ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਬਲਾਕ ਪੱਧਰ ਤੋਂ ਲੈਕੇ ਵੱਖੋ ਵੱਖ ਪੱਧਰਾਂ 'ਤੇ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਲਈ ਰਾਹਤ ਕੇਂਦਰ ਸਥਾਪਤ ਕੀਤੇ ਗਏ ਹਨ, ਜਿਥੇ ਕਿ ਲੋਕਾਂ ਦੀ ਹਰ ਸੰਭਵ ਮਦਦ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਫ਼ਤਹਿਗੜ੍ਹ ਸਾਹਿਬ ਵਿਖੇ ਮਾਤਾ ਸ੍ਰੀ ਨੈਣਾ ਦੇਵੀ ਮੰਦਿਰ ਸਰਹਿੰਦ ਅਤੇ ਸ੍ਰੀ ਵਿਸ਼ਵਕਰਮਾ ਮੰਦਿਰ ਵਿਖੇ ਰਾਹਤ ਕੇਂਦਰਾਂ ਵਿੱਚ ਲੋਕਾਂ ਦੀ ਮਦਦ ਕੀਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹਨਾਂ ਰਾਹਤ ਕੇਂਦਰਾਂ ਵਿੱਚ ਲੋਕਾਂ ਨੂੰ ਪਿਛਲੇ 2-3 ਦਿਨਾਂ ਤੋਂ ਲਗਾਤਾਰ ਲੰਗਰ ਤੇ ਰਹਿਣ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਨਾਲ ਲੋਕਾਂ ਲਈ ਮੈਡੀਕਲ ਸਹੂਲਤਾਂ ਦਾ ਵੀ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ। ਜ਼ਿਲ੍ਹੇ ਵਿੱਚ ਵੱਖ-ਵੱਖ ਬਲਾਕਾਂ ਵਿੱਚ ਸਰਕਾਰੀ ਸਕੂਲਾਂ, ਧਰਮਸ਼ਾਲਾਵਾਂ ਅਤੇ ਦਾਣਾ ਮੰਡੀਆਂ ਵਿੱਚ ਰਾਹਤ ਕੇਂਦਰ ਬਣਾਏ ਗਏ ਹਨ। ਡਿਪਟ ਕਮਿਸ਼ਨਰ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਪ੍ਰਸ਼ਾਸਨ ਵੱਲੋਂ ਹੜ੍ਹਾਂ ਦੀ ਸਥਿਤੀ 'ਤੇ ਨਿਰੰਤਰ ਨਜ਼ਰ ਰੱਖੀ ਜਾ ਰਹੀ ਹੈ ਅਤੇ ਲੋਕਾਂ ਦੀ ਸਹੂਲਤ ਲਈ ਸਾਰੇ ਪ੍ਰਬੰਧ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਵੀ ਕੀਤੀ ਕਿ ਅਫਵਾਹਾਂ 'ਤੇ ਯਕੀਨ ਨਾ ਕੀਤਾ ਜਾਵੇ ਅਤੇ ਜੇਕਰ ਕਿਸੇ ਕਿਸਮ ਦੀ ਜਾਣਕਾਰੀ ਦੀ ਲੋੜ ਹੈ ਤਾਂ ਹੜ੍ਹ ਕੰਟਰੋਲ ਰੂਮਾਂ ਦੇ ਟੈਲੀਫੋਨ ਨੰਬਰਾਂ 'ਤੇ ਸੰਪਰਕ ਕੀਤਾ ਜਾਵੇ। ਲੋਕਾਂ ਨੂੰ ਇਹ ਵੀ ਅਪੀਲ ਕੀਤੀ ਗਈ ਹੈ ਕਿ ਉਹ ਸੁਰੱਖਿਅਤ ਥਾਵਾਂ 'ਤੇ ਚਲੇ ਜਾਣ ਅਤੇ ਆਪਣੇ ਬੱਚਿਆਂ ਨੂੰ ਇਕੱਲੇ ਬਾਹਰ ਨਾ ਜਾਣ ਦੇਣ।