- ਬਰਨਾਲਾ ਦੇ ਚੌਕਾਂ ਦੇ ਨਵੀਨੀਕਰਨ, ਪੌਦੇ ਲਾਉਣ ਸਮੇਤ ਹੋਰ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ
- ਜ਼ਿਲ੍ਹੇ ਵਿੱਚ ਮੌਜੂਦਾ ਸੀਜ਼ਨ ਦੌਰਾਨ ਸਵਾ ਲੱਖ ਪੌਦੇ ਲਾਉਣ ਦਾ ਟੀਚਾ
ਬਰਨਾਲਾ, 21 ਅਗਸਤ : ਡਿਪਟੀ ਕਮਿਸ਼ਨਰ ਬਰਨਾਲਾ ਮੈਡਮ ਪੂਨਮਦੀਪ ਕੌਰ ਵਲੋਂ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹੇ ਦੇ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਜਾਇਜ਼ਾ ਲੈਣ ਲਈ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਬਰਨਾਲਾ ਸਮੇਤ ਹੋਰ ਸ਼ਹਿਰੀ ਇਕਾਈਆਂ ਵਿੱਚ ਕੂੜਾ ਪ੍ਰਬੰਧਨ 'ਤੇ ਜ਼ੋਰ ਦਿੱਤਾ। ਉਨ੍ਹਾਂ ਬਰਨਾਲਾ ਸ਼ਹਿਰ ਦੇ ਚੌਕਾਂ ਦੇ ਸੁੰਦਰੀਕਰਨ ਦੇ ਪ੍ਰੋਜੈਕਟ ਦੀ ਵੀ ਸਮੀਖਿਆ ਕੀਤੀ, ਜਿਸ 'ਤੇ ਕਾਰਜਸਾਧਕ ਅਫ਼ਸਰ ਬਰਨਾਲਾ ਸ੍ਰੀ ਵਿਸ਼ਾਲਦੀਪ ਨੇ ਦੱਸਿਆ ਕਿ ਚੌਕਾਂ ਦੇ ਸਿਵਲ ਕੰਮ 'ਤੇ 74 ਲੱਖ ਰੁਪਏ ਖਰਚੇ ਜਾ ਰਹੇ ਹਨ ਅਤੇ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ, ਜਦੋਂਕਿ ਇਲੈਕਟਰਿਕ ਕੰਮ 'ਤੇ 50 ਲੱਖ ਤੋਂ ਵੱਖ ਫੰਡ ਖਰਚੇ ਜਾਣੇ ਹਨ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜਨਤਕ ਪਖਾਨਿਆਂ ਦੇ ਕੰਮ ਦਾ ਵੀ ਜਾਇਜ਼ਾ ਲਿਆ, ਜੋ ਕਿ 175 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਜਾਣੇ ਹਨ। ਇਸ ਮੌਕੇ ਉਨ੍ਹਾਂ ਪਿੰਡਾਂ ਵਿੱਚ ਚੱਲ ਰਹੇ ਵੱਖ ਵੱਖ ਪ੍ਰੋਜੈਕਟਾਂ ਖਾਸ ਕਰ ਕੇ ਪੌਦੇ ਲਾਉਣ ਦੀ ਮੁਹਿੰਮ ਦਾ ਜਾਇਜ਼ਾ ਲਿਆ ਅਤੇ ਮੁਹਿੰਮ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਸਵਾ ਲੱਖ ਤੋਂ ਵੱਧ ਪੌਦੇ ਲਾਉਣ ਦਾ ਟੀਚਾ ਹੈ, ਜਿਸ ਨੂੰ ਤੇਜ਼ੀ ਨਾਲ ਮੁਕੰਮਲ ਕੀਤਾ ਜਾਵੇ। ਉਨ੍ਹਾਂ ਸਿੱਖਿਆ ਵਿਭਾਗ ਦੀ ਪਲਾਂਟਟੇਸ਼ਨ ਮੁਹਿੰਮ ਦਾ ਵੀ ਜਾਇਜ਼ਾ ਲਿਆ ਤੇ ਜੰਗਲਾਤ ਵਿਭਾਗ ਨੂੰ ਵੱਧ ਤੋਂ ਵੱਧ ਪੌਦੇ ਮੁੱਹਈਆ ਕਰਾਉਣ ਦੀ ਹਦਾਇਤ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਕਮ ਐਸਡੀਐਮ ਮਹਿਲ ਕਲਾਂ ਸਤਵੰਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਕਮ ਐਸਡੀਐਮ ਤਪਾ ਨਰਿੰਦਰ ਸਿੰਘ ਧਾਲੀਵਾਲ, ਐਸਡੀਐਮ ਬਰਨਾਲਾ ਗੋਪਾਲ ਸਿੰਘ, ਸਹਾਇਕ ਕਮਿਸ਼ਨਰ (ਜ) ਸੁਖਪਾਲ ਸਿੰਘ ਤੇ ਹੋਰ ਵੱਖ ਵੱਖ ਅਧਿਕਾਰੀ ਹਾਜ਼ਰ ਸਨ।