- ਜ਼ਿਲ੍ਹਾ ਪ੍ਰਸ਼ਾਸਨ ਕਾਰਜਸ਼ੀਲ, ਪਿੰਡ ਵਾਸੀਆਂ ਨੂੰ ਪਹੁੰਚਾਈ ਜਾ ਰਹੀ ਨਿਰਵਿਘਨ ਰਾਹਤ ਸਮੱਗਰੀ
ਫਾਜ਼ਿਲਕਾ, 26 ਜ਼ੁਲਾਈ : ਐਸ.ਡੀ.ਐਮ. ਫਾਜ਼ਿਲਕਾ ਸ੍ਰੀ ਨਿਕਾਸ ਖੀਚੜ ਵੱਲੋਂ ਹੜ੍ਹਾਂ ਦੀ ਸਥਿਤੀ ਨੂੰ ਦੇਖਦਿਆਂ ਲਗਾਤਾਰ ਫਾਜ਼ਿਲਕਾ ਦੇ ਸਰਹੱਦੀ ਪਿੰਡਾਂ ਦਾ ਦੌਰਾ ਕੀਤਾ ਜਾ ਰਿਹਾ ਹੈ।ਉਨ੍ਹਾਂ ਫਾਜ਼ਿਲਕਾ ਦੇ ਸਰਹੱਦੀ ਪਿੰਡ ਕਾਵਾਂ ਵਾਲੀ, ਰੇਤੇ ਵਾਲੀ ਭੈਣੀ, ਢਾਣੀ ਸੱਦਾ ਸਿੰਘ, ਚੱਕ ਰੁਹੇਲਾ ਅਤੇ ਤੇਜਾ ਰੁਹੇਲਾ ਆਦਿ ਪਿੰਡਾਂ ਵਿਖੇ ਖੁਦ ਨਿਜੀ ਤੌਰ `ਤੇ ਪਹੁੰਚ ਕੇ ਹੜ੍ਹਾਂ ਦੀ ਸਥਿਤੀ ਦਾ ਜਾਇਜ਼ਾ ਲਿਆ ਤੇ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਨਾ ਆਉਣ ਦਿੱਤੀ ਜਾਵੇ। ਐਸ.ਡੀ.ਐਮ. ਫਾਜ਼ਿਲਕਾ ਸ੍ਰੀ ਖੀਚੜ ਵੱਲੋਂ ਖੁਦ ਪਿੰਡ ਤੇਜਾ ਰੁਹੇਲਾ ਵਿਖੇ ਟਰੈਕਟਰ `ਤੇ ਚੜ੍ਹ ਕੇ ਮੌਕੇ ਦੀ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਪਿੰਡ ਦੇ ਲੋਕਾਂ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਦੀ ਸਹੂਲਤ ਲਈ ਰਾਹਤ ਕੈਂਪ ਬਣਾਏ ਗਏ ਹਨ ਤੇ ਲੋੜ ਪੈਣ `ਤੇ ਪਿੰਡ ਵਾਸੀ ਰਾਹਤ ਕੈਂਪਾਂ ਵਿਚ ਸ਼ਿਫਟ ਹੋ ਸਕਦੇ ਹਨ।ਉਨ੍ਹਾਂ ਕਿਹਾ ਕਿ ਰਾਹਤ ਕੈਂਪਾਂ ਵਿਖੇ ਹਰ ਯੋਗ ਪ੍ਰਬੰਧ ਕੀਤੇ ਗਏ ਹਨ। ਐਸ.ਡੀ.ਐਮ ਨੇ ਲੋਕਾ ਨੂੰ ਸੁਚੇਤ ਕਰਦਿਆਂ ਕਿਹਾ ਕਿ ਉੱਪਰਲੇ ਹਿੱਸਿਆਂ ਵਿਚ ਬਾਰਿਸ਼ ਹੋਣ ਕਰਕੇ ਸਰਹੱਦੀ ਪਿੰਡਾਂ ਵਿਚ ਪਾਣੀ ਦਾ ਪੱਧਰ ਵਧਿਆ ਹੈ ਜਿਸ ਕਾਰਨ ਪਿੰਡਾਂ ਵਿਚ ਹੜ੍ਹਾਂ ਦੀ ਸਥਿਤੀ ਪੈਦਾ ਹੋ ਗਈ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨਿਕ ਅਧਿਕਾਰੀ ਪਿੰਡ ਦੇ ਲੋਕਾਂ ਨੂੰ ਲਗਾਤਾਰ ਅਪੀਲ ਕਰ ਰਹੇ ਹਨ ਜੇਕਰ ਹੜ੍ਹ ਪ੍ਰਭਾਵਿਤ ਪਿੰਡ ਵਾਸੀਆਂ ਨੂੰ ਪਿੰਡ ਵਿਚ ਰਹਿਣ ਵਿਚ ਕੋਈ ਪ੍ਰੇਸ਼ਾਨੀ ਆ ਰਹੀ ਹੈ ਉਹ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਣਾਏ ਗਏ ਰਾਹਤ ਕੈਂਪਾਂ ਵਿਚ ਪਹੁੰਚ ਕਰ ਸਕਦੇ ਹਨ। ਐਸ.ਡੀ.ਐਮ. ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਰਹੱਦੀ ਪਿੰਡਾਂ ਦੇ ਲੋਕਾਂ ਲਈ ਹਰ ਤਰ੍ਹਾਂ ਨਾਲ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮਨੁੱਖਾਂ ਦੇ ਨਾਲ-ਨਾਲ ਪਸ਼ੂਆਂ ਲਈ ਰਾਹਤ ਸਮੱਗਰੀ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਦੀ ਸਹੂਲਤ ਲਈ ਰਾਹਤ ਕੈਂਪਾਂ ਵਿਚ ਮੈਡੀਕਲ ਟੀਮਾਂ ਮੌਜ਼ੂਦ ਹਨ ਜਿਸ `ਤੇ ਪਿੰਡ ਵਾਸੀਆਂ ਦਾ ਇਲਾਜ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਪਸ਼ੂ ਪਾਲਕਾਂ ਨੂੰ ਹਰਾ ਚਾਰਾ, ਪਠੇ ਲੋੜ ਮੁਤਾਬਕ ਮੁਹੱਈਆ ਕਰਵਾਏ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਪਸ਼ੂ ਪਾਲਣ ਵਿਭਾਗ ਦੀਆਂ ਟੀਮਾਂ ਵੀ ਪਿੰਡਾਂ ਵਿਖੇ ਮੌਜ਼ੂਦ ਹਨ ਤਾਂ ਜ਼ੋ ਕੋਈ ਵੀ ਪਸ਼ੂ ਬਿਮਾਰੀ ਦਾ ਸ਼ਿਕਾਰ ਨਾ ਹੋ ਜਾਵੇ। ਇਸ ਮੌਕੇ ਐਸ.ਡੀ.ਐਮ. ਨੇ ਹੜ੍ਹ ਪ੍ਰਭਾਵਿਤ ਪਿੰਡ ਤੇਜਾ ਰੁਹੇਲਾ ਤੋਂ ਰਾਹਤ ਕੈਂਪ ਹਸਤਾ ਕਲਾਂ ਵਿਖੇ ਪਹੁੰਚੇ ਪਰਿਵਾਰ ਦਾ ਹਾਲ-ਚਾਲ ਜਾਣਿਆ ਤੇ ਪਰਿਵਾਰ ਨੂੰ ਹਰ ਲੋੜੀਂਦੀ ਸਹੂਲਤ ਮੁਹੱਈਆ ਕਰਵਾਉਣ ਲਈ ਤਾਇਨਾਤ ਅਧਿਕਾਰੀਆ ਨੂੰ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕਿਆ ਦੇ ਲੋਕਾਂ ਦੀ ਸਹੂਲਤ ਲਈ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ, ਤਹਿਸੀਲ ਪੱਧਰ `ਤੇ ਅਤੇ ਵੱਖ-ਵੱਖ ਵਿਭਾਗਾਂ ਵੱਲੋਂ ਦਫਤਰਾਂ ਵਿਖੇ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ। ਇਸ ਮੌਕੇ ਨਾਇਬ ਤਹਿਸੀਲਦਾਰ ਅਵਿਨਾਸ਼ ਚੰਦਰ ਤੋਂ ਇਲਾਵਾ ਹੋਰ ਅਧਿਕਾਰੀ ਤੇ ਕਰਮਚਾਰੀ ਮੌਜ਼ੂਦ ਸਨ।