ਸਪੀਕਰ ਸੰਧਵਾਂ ਨੇ ਪਿੰਡ ਵਾਂਦਰ ਜਟਾਣਾ ਵਿਖੇ ਵਾਲੀਬਾਲ ਸ਼ਮੈਸ਼ਿੰਗ ਟੂਰਨਾਮੈਂਟ ਵਿੱਚ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

ਫ਼ਰੀਦਕੋਟ 11 ਮਾਰਚ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾ ਨੇ ਹਲਕਾ ਕੋਟਕਪੂਰਾ ਦੇ ਪਿੰਡ ਵਾਂਦਰ ਜਟਾਣਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਗਰਾਊਂਡ ਵਿਖੇ ਹੋਏ ਵਾਲੀਬਾਲ ਸ਼ਮੈਸ਼ਿੰਗ ਟੂਰਨਾਮੈਂਟ ਵਿੱਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਪਿੰਡ ਵਿਚ ਕਰਵਾਏ ਗਏ ਇਸ ਵਾਲੀਬਾਲ ਸ਼ਮੈਸ਼ਿੰਗ ਟੂਰਨਾਮੈਂਟ ਵਿੱਚ ਹਰਿਆਣਾ, ਰਾਜਸਥਾਨ ਅਤੇ ਪੰਜਾਬ ਦੀਆ ਕੁੜੀਆ ਅਤੇ ਮੁੰਡਿਆ ਦੀਆ ਟੀਮਾਂ ਨੇ ਭਾਗ ਲਿਆ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਪਿੰਡ ਵਾਂਦਰ ਜਟਾਣਾ ਬੜਾ ਹੀ ਮਾਣਮੱਤਾ ਨਗਰ ਹੈ। ਉਨ੍ਹਾਂ ਕਿਹਾ ਕਿ ਇਸ ਪਿੰਡ ਦੇ ਵਿਕਾਸ ਵਾਸਤੇ ਕਿਸੇ ਵੀ ਤਰ੍ਹਾਂ ਦੀ ਕਸਰ ਨਹੀਂ ਰਹਿਣ ਦਿੱਤੀ ਜਾਵੇਗੀ। ਇਸ ਦੇ ਲਈ ਜਿੰਨੇ ਵੀ ਫੰਡ ਦੀ ਲੋੜ ਹੋਈ, ਮੁਹੱਈਆਂ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਦੀ ਮੰਗ ਸੀ, ਕਿ ਪਿੰਡ ਵਿਚ ਇਕ ਜਿੰਮ ਬਣਵਾਇਆ ਜਾਵੇ, ਪਿੰਡ ਵਾਸੀਆਂ ਦੀ ਇਸ ਮੰਗ ਅਨੁਸਾਰ  ਬਹੁਤ ਜਲਦ ਹੀ ਵਧੀਆ ਅਤੇ ਉੱਚ ਮਿਆਰੀ ਜਿੰਮ ਤਿਆਰ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਪਹਿਲਾਂ ਇਹ ਹੁੰਦਾ ਸੀ ਕਿ ਸਾਡੇ ਖਿਡਾਰੀ ਨੈਸ਼ਨਲ ਲੈਵਲ ਦੀਆਂ ਖੇਡਾਂ ਵਿਚ ਜਿੱਤ ਪ੍ਰਾਪਤ ਕਰਕੇ ਆਉਂਦੇ ਸਨ, ਪ੍ਰੰਤੂ ਉਨ੍ਹਾਂ ਦੀ ਕਿਸੇ ਤਰ੍ਹਾਂ ਹੋਰ ਕੋਈ ਮਦਦ ਨਹੀਂ ਸੀ ਕੀਤੀ ਜਾਂਦੀ, ਅਖੀਰ ਉਹ ਖੇਡਾਂ ਨੂੰ ਛੱਡ ਕੇ ਮਜ਼ਦੂਰੀ ਕਰਨ ਲਈ ਮਜਬੂਰ ਹੋ ਜਾਂਦੇ ਸਨ। ਖਿਡਾਰੀਆਂ ਵੱਲੋਂ ਪ੍ਰਾਪਤ ਕੀਤੀ ਹੋਈ ਜਿੱਤ ਦੀ ਕੋਈ ਕਦਰ ਨਹੀਂ ਪੈਂਦੀ  ਸੀ। ਪਰ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਜੇਤੂ ਖਿਡਾਰੀਆਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਅਤੇ ਇਸ ਤੋਂ ਇਲਾਵਾ ਉਨ੍ਹਾਂ ਦੀ ਆਰਥਿਕ ਮਦਦ ਵੀ ਕੀਤੀ ਜਾਂਦੀ ਹੈ।  ਇਸ ਮੌਕੇ ਉਨ੍ਹਾਂ ਜਿੱਤ ਪ੍ਰਾਪਤ ਕਰਨ ਵਾਲੇ ਖਿਡਾਰੀਆਂ ਨੂੰ ਇਨਾਮ ਵੰਡ ਕੇ ਉਨ੍ਹਾਂ ਦੀ ਹੌਸਲਾ  ਅਫਜਾਈ ਵੀ ਕੀਤੀ।