- 3 ਕਮਰੇ, ਗੇਟ ਅਤੇ ਕਲਪਨਾ ਚਾਵਲਾ ਬਲਾਕ ਦਾ ਕੀਤਾ ਗਿਆ ਨਵੀਨੀਕਰਨ
ਫਰੀਦਕੋਟ 14 ਅਗਸਤ : ਤੰਦਰੁਸਤ, ਸੱਭਿਅਕ, ਪ੍ਰਗਤੀਸ਼ੀਲ ਸਮਾਜ ਦੀ ਸਿਰਜਣਾ ਕਰਨੀ ਹੈ ਤਾਂ ਉਸ ਦਾ ਰਸਤਾ ਸਕੂਲਾਂ ਵਿੱਚ ਦੀ ਗੁਜਰਦਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਡਾ. ਚੰਦਾ ਸਿੰਘ ਮਰਵਾਹ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਵਿਖੇ 30 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਸਕੂਲ ਦੇ ਨਵੀਨੀਕਰਨ ਦਾ ਉਦਘਾਟਨ ਕਰਨ ਮੌਕੇ ਕੀਤਾ। ਇਸ ਮੌਕੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਜੇਕਰ ਸਕੂਲਾਂ ਦੀ ਦਸ਼ਾ ਚੰਗੀ ਹੋਵੇਗੀ ਤਾਂ ਬੱਚਿਆਂ ਦਾ ਭਵਿੱਖ ਵੀ ਰੋਸ਼ਨ ਹੋਵੇਗਾ । ਉਨ੍ਹਾਂ ਦੱਸਿਆ ਕਿ ਪਿਛਲੇ ਸਮੇਂ ਵਿੱਚ ਉਨ੍ਹਾਂ ਵੱਲੋਂ ਸਕੂਲ ਨੂੰ 30 ਲੱਖ ਰੁਪਏ ਦੀ ਗਰਾਂਟ ਜਾਰੀ ਕੀਤੀ ਗਈ ਸੀ। ਇਸ ਤੋਂ ਇਲਾਵਾ ਸਕੂਲ ਦੇ ਮੈਡਮ ਵੀਨਾ ਨੇ ਵੀ 75 ਹਜ਼ਾਰ ਰੁਪਏ ਦਾ ਯੋਗਦਾਨ ਸਕੂਲ ਦੇ ਨਵੀਨੀਕਰਨ ਲਈ ਦਿੱਤਾ, ਜੋ ਕਿ ਬਹੁਤ ਹੀ ਸ਼ਲਾਘਾਯੋਗ ਕਦਮ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਫੰਡਾਂ ਦਾ ਸਕੂਲ ਦੇ ਅਧਿਆਪਕਾਂ ਵੱਲੋਂ ਸਦ-ਉਪਯੋਗ ਕਰਦਿਆਂ 3 ਕਮਰੇ, ਗੇਟ ਦੇ ਸੁੰਦਰੀਕਰਨ ਤੋਂ ਇਲਾਵਾ ਕਲਪਨਾ ਚਾਵਲਾ ਬਲਾਕ ਦੀਆਂ ਛੱਤਾਂ ਉੱਚੀਆਂ ਕੀਤੀਆਂ ਗਈਆਂ ਹਨ, ਜਿਸ ਦਾ ਉਦਘਾਟਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਕੂਲਾਂ ਦੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕਿਸੇ ਕਿਸਮ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ।