ਸਪੀਕਰ ਸੰਧਵਾਂ ਨੇ ਮਚਾਕੀ ਮੱਲ ਸਿੰਘ ਵਾਲਾ ਵਿਖੇ ਲਗਾਇਆ ਖੁੱਲ੍ਹਾ ਦਰਬਾਰ

  • ਆਪ ਦੀ ਸਰਕਾਰ ਦੇ ਹੁੰਦਿਆਂ ਲੋਕਾਂ ਨੂੰ ਕਿਸੇ ਕਿਸਮ ਦੀ ਨਹੀਂ ਆਵੇਗੀ ਕੋਈ ਦਿੱਕਤ-ਸਪੀਕਰ ਸੰਧਵਾਂ

ਫਰੀਦਕੋਟ 22 ਜੁਲਾਈ 2024 : ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਜਿੱਥੇ ਸਮੇਂ ਸਮੇਂ ਤੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਦੇ ਰੂਬਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਦੇ ਹਨ, ਉੱਥੇ ਅੱਜ ਉਨ੍ਹਾਂ ਪਿੰਡ ਮਚਾਕੀ ਮੱਲ ਸਿੰਘ ਵਾਲਾ ਵਿਖੇ ਖੁੱਲ੍ਹਾ ਦਰਬਾਰ ਲਗਾ ਕੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਸੁਣੀਆਂ। ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਜਗਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ. ਨਰਭਿੰਦਰ ਸਿੰਘ ਗਰੇਵਾਲ, ਐਸ.ਡੀ.ਐਮ. ਫਰੀਦਕੋਟ ਮੇਜਰ ਵਰੁਣ ਕੁਮਾਰ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਸੰਬੋਧਿਤ ਹੁੰਦਿਆ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਜਦੋਂ ਵੀ ਸਮਾਂ ਮਿਲਦਾ ਹੈ ਤਾਂ ਉਹ ਖੁਦ ਆਮ ਲੋਕਾਂ ਨੂੰ ਮਿਲ ਕੇ ਉਨ੍ਹਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਸੁਣਦੇ ਹਨ ਅਤੇ ਮੌਕੇ ਤੇ ਹੀ ਉਨ੍ਹਾਂ ਦੇ ਫੌਰੀ ਹੱਲ ਲਈ ਨਿਰਦੇਸ਼ ਜਾਰੀ ਕਰਦੇ ਹਨ। ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਵੱਲੋਂ ਪਿੰਡ ਮਚਾਕੀ ਮੱਲ ਸਿੰਘ ਵਾਲਾ ਵਿਖੇ ਦੌਰੇ ਦੌਰਾਨ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਅਤੇ ਉਨ੍ਹਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਖੁੱਲ੍ਹਾ ਦਰਬਾਰ ਲਗਾਇਆ ਗਿਆ ਹੈ। ਜਿਸ ਵਿੱਚ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਮੌਕੇ ਤੇ ਹੱਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਕੋਸ਼ਿਸ ਹੁੰਦੀ ਹੈ ਕਿ ਲੋਕਾਂ ਦੀ ਸਰਕਾਰੀ ਦਫਤਰਾਂ ਵਿੱਚ ਖੱਜਲ ਖੁਆਰੀ ਨਾ ਹੋਵੇ ਅਤੇ ਉਨ੍ਹਾਂ ਦਾ ਕੀਮਤੀ ਸਮਾਂ ਬਰਬਾਦ ਨਾ ਹੋਵੇ। ਉਨ੍ਹਾਂ ਕਿਹਾ ਕਿ ਉਹ ਅੱਗੇ ਵੀ ਲੋਕਾਂ ਦੇ ਰੂਬਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਵਾਉਂਦੇ ਰਹਿਣਗੇ। ਇਸ ਮੌਕੇ ਤਹਿਸੀਲਦਾਰ, ਐਕਸੀਅਨ ਬਿਜਲੀ ਬੋਰਡ ਤੋਂ ਇਲਾਵਾ ਸਾਬਕਾ ਸਰਪੰਚ ਪ੍ਰੀਤਮ ਸਿੰਘ, ਸੰਦੀਪ ਸਿੰਘ, ਜਲੌਰ ਸਿੰਘ ਘੁਮਿਆਰਾ, ਅਮਰੀਕ ਸਿੰਘ ਡੱਗੋਰੁਮਾਣਾ ਹਾਜ਼ਰ ਸਨ।