ਸਪੀਕਰ ਸੰਧਵਾ ਨੇ ਦਫਤਰ ਮਾਰਕਿਟ ਕਮੇਟੀ ਨਵੀਂ ਦਾਣਾ ਮੰਡੀ ਕੋਟਕਪੂਰਾ ਵਿਖੇ ਸੜਕ ਦਾ ਨੀਂਹ ਪੱਥਰ ਰੱਖਿਆ

  • ਸੜਕ ਬਣਾਉਣ ਦਾ ਕੰਮ 54 ਲੱਖ ਰੁਪਏ ਦੀ ਲਾਗਤ ਨਾਲ ਕੀਤਾ ਜਾਵੇਗਾ ਮੁਕੰਮਲ

ਕੋਟਕਪੂਰਾ 26 ਫਰਵਰੀ : ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਨੇ ਕਿਹਾ ਸੀ, ਕਿ ਕੋਟਕਪੂਰਾ ਵਿਖੇ ਦਾਣਾ ਮੰਡੀ ਵਿਚ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਿਲ ਨਾ ਆਉਣ ਦਿੱਤੀ ਜਾਵੇ। ਮਾਰਕਿਟ ਕਮੇਟੀ ਦੀ ਹਾਲਤ ਵਿਚ ਸੁਧਾਰ ਕੀਤਾ ਜਾਵੇ। ਇਸ ਦੇ ਲਈ ਜਿੰਨੇ ਵੀ ਫੰਡ ਦੀ ਲੋੜ ਹੈ ਮੁਹੱਈਆ ਕਰਵਾ ਦਿੱਤੇ ਜਾਣਗੇ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਦਫਤਰ ਮਾਰਕਿਟ ਕਮੇਟੀ ਨਵੀਂ ਦਾਣਾ ਮੰਡੀ ਕੋਟਕਪੂਰਾ ਵਿਖੇ ਇੰਟਰਲਾਕ ਟਾਈਲਾਂ ਲਗਾਉਣ ਦਾ ਨੀਂਹ ਪੱਥਰ ਰੱਖਣ ਸਮੇਂ ਕੀਤਾ। ਪੱਤਰਕਾਰ ਦੇ ਸਵਾਲ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਪਿਛਲੇ ਕਾਫੀ ਲੰਬੇ ਸਮੇਂ ਤੋਂ ਮੰਡੀ ਵਿਚ ਬਾਰਿਸ਼ਾਂ ਦੌਰਾਨ ਛੱਪੜਾਂ ਵਾਲੀ ਸਥਿਤੀ ਪੈਦਾ ਹੋ ਜਾਂਦੀ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਅਤੇ ਫੰਡ ਮੁਹੱਈਆ ਕਰਵਾਏ ਗਏ। ਉਨ੍ਹਾਂ ਦੱਸਿਆ ਕਿ ਇਹ ਸੜਕ ਬਣਾਉਣ ਦਾ ਕੰਮ 54 ਲੱਖ ਰੁਪਏ ਦੀ ਲਾਗਤ ਨਾਲ ਕੀਤਾ ਜਾਵੇਗਾ। ਇਸ ਤੋਂ ਇਲਾਵਾ ਜੇਕਰ ਹੋਰ ਫੰਡ ਦੀ ਲੋੜ ਹੋਈ ਤਾਂ ਉਹ ਵੀ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਕੰਮ ਹੈ ਤਾਂ 3 ਮਹੀਨੇ ਦਾ, ਪ੍ਰੰਤੂ ਉਸ ਤੋਂ ਪਹਿਲਾਂ ਹੀ ਇਸ ਕੰਮ ਨੂੰ ਨੇਪਰੇ ਚਾੜ੍ਹਿਆ ਜਾਵੇਗਾ ਅਤੇ ਚੰਗੀ ਕੁਆਲਟੀ ਦਾ ਮਟੀਰੀਅਲ ਵਰਤਿਆ ਜਾਵੇਗਾ।