ਫ਼ਰੀਦਕੋਟ 19 ਅਗਸਤ, 2024 : ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਸੰਧਵਾਂ ਵਿਖੇ ਨਵੇਂ ਬਣੇ ਕ੍ਰਿਕਟ ਖੇਡ ਗਰਾਊਂਡ ਦਾ ਉਦਘਾਟਨ ਕਰਦਿਆਂ ਕਿਹਾ ਕਿ ਉਹ ਖੁਸ਼ੀ ਮਹਿਸੂਸ ਕਰ ਰਹੇ ਹਨ ਹਲਕੇ ਦੇ ਬੱਚਿਆਂ ਅਤੇ ਨੌਜਵਾਨਾਂ ਨੂੰ ਇੱਕ ਚੰਗਾ ਪਲੇਟਫਾਰਮ ਉਹਨਾਂ ਦੇ ਘਰਾਂ ਦੇ ਨਜਦੀਕ ਮਿਲ ਰਿਹਾ ਹੈ ਜਿਸ ਨਾਲ ਉਹ ਇਥੋਂ ਸਿੱਖ ਕੇ ਵਧੀਆ ਖੇਡ ਦਾ ਪ੍ਰਦਰਸ਼ਨ ਕਰਨਗੇ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਕੱਢ ਕੇ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਹਰ ਸੰਭਵ ਉਪਰਾਲਾ ਕਰ ਰਹੀ ਹੈ । ਨੌਜਵਾਨਾਂ ਅਤੇ ਬੱਚਿਆਂ ਵਿੱਚ ਖੇਡਾਂ ਪ੍ਰਤੀ ਦਿਲਚਸਪੀ ਵਧਾਉਣ ਲਈ ਖੇਡਾਂ ਵਤਨ ਪੰਜਾਬ ਦੀਆਂ ਦਾ ਅਗਲਾ ਪੜਾਅ 3 ਸਤੰਬਰ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਖਿਡਾਰੀਆਂ ਨੂੰ ਵਧੀਆ ਖੇਡਾਂ ਖੇਡਣ ਲਈ ਸਟੇਡੀਅਮ, ਡਾਈਟ ਅਤੇ ਖੇਡਾਂ ਦਾ ਸਮਾਨ ਉਪਲਬਧ ਕਰਵਾ ਰਹੀ ਹੈ, ਉਹਨਾਂ ਕਿਹਾ ਕਿ ਪੈਰਿਸ ਓਲੰਪਿਕ ਵਿੱਚ ਕਾਂਸੇ ਦਾ ਤਗਮਾ ਜਿੱਤਣ ਵਾਲੀ ਹਾਕੀ ਟੀਮ ਦੇ ਜਿਆਦਾ ਖਿਡਾਰੀ ਪੰਜਾਬ ਦੇ ਹੀ ਹਨ । ਉਹਨਾਂ ਕਿਹਾ ਕਿ ਬੱਚਿਆਂ ਨੂੰ ਉਨ੍ਹਾਂ ਤੋਂ ਪ੍ਰੇਰਨਾ ਲੈ ਕੇ ਵੱਧ ਤੋਂ ਵੱਧ ਖੇਡਾਂ ਵੱਲ ਉਤਸ਼ਾਹਿਤ ਹੋਣਾ ਚਾਹੀਦਾ ਹੈ ਅਤੇ ਖੇਡਾਂ ਵਿੱਚ ਹਿੱਸਾ ਲੈਣਾ ਚਾਹੀਦਾ ਹੈ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਬੱਚੇ ਚੰਗੇ ਖਿਡਾਰੀ ਬਣ ਕੇ ਦੁਨੀਆ ਭਰ ਵਿੱਚ ਆਪਣਾ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕਰ ਸਕਣ