- ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵਲੋਂ ਜ਼ਿਲ੍ਹਾ ਹਸਪਤਾਲ ਤੋਂ ਡੇਂਗੂ-ਵਿਰੋਧੀ ਰੈਲੀ ਰਵਾਨਾ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 28 ਜੁਲਾਈ : ‘ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ’ ਦੇ ਨਾਅਰੇ ਨਾਲ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਅੱਜ ਸਥਾਨਕ ਜ਼ਿਲ੍ਹਾ ਹਸਪਤਾਲ ਤੋਂ ਡੇਂਗੂ-ਵਿਰੋਧੀ ਰੈਲੀ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ। ਰੈਲੀ ਨੂੰ ਰਵਾਨਾ ਕਰਨ ਤੋਂ ਪਹਿਲਾਂ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੁਆਰਾ ਪੰਜਾਬ ਭਰ ’ਚ ਇਹ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਦਾ ਮਕਸਦ ਡੇਂਗੂ ਬੁਖ਼ਾਰ ਤੋਂ ਲੋਕਾਂ ਦਾ ਬਚਾਅ ਕਰਨਾ ਹੈ। ਉਨ੍ਹਾਂ ਕਿਹਾ ਕਿ ਜੇ ਸਾਵਧਾਨੀਆਂ ਨਾ ਵਰਤੀਆਂ ਜਾਣ ਤਾਂ ਡੇਂਗੂ ਬੁਖ਼ਾਰ ਜਾਨਲੇਵਾ ਵੀ ਸਾਬਤ ਹੋ ਸਕਦਾ ਹੈ। ਇਸ ਲਈ ਜ਼ਰੂਰੀ ਹੈ ਕਿ ਡੇਂਗੂ ਬੁਖ਼ਾਰ ਦੇ ਲੱਛਣਾਂ, ਕਾਰਨਾਂ, ਬਚਾਅ ਅਤੇ ਇਲਾਜ ਬਾਰੇ ਜਾਣੂੰ ਹੋਇਆ ਜਾਵੇ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਘਰੋਂ-ਘਰੀਂ ਜਾ ਕੇ ਡੇਂਗੂ ਦੇ ਲਾਰਵੇ ਦੀ ਲਗਾਤਾਰ ਚੈਕਿੰਗ ਕਰਦੀਆਂ ਹਨ ਅਤੇ ਚਾਲਾਨ ਵੀ ਕੱਟੇ ਜਾਂਦੇ ਹਨ ਪਰ ਇਸ ਰੈਲੀ ਰਾਹੀਂ ਉਨ੍ਹਾਂ ਲੋਕਾਂ ਨੂੰ ਖ਼ੁਦ ਹੀ ਇਸ ਮਾਰੂ ਬੁਖ਼ਾਰ ਤੋਂ ਬਚਣ ਲਈ ਜਾਣਕਾਰੀ ਦਿਤੀ ਹੈ। ਉਨ੍ਹਾਂ ਕਿਹਾ ਕਿ ਚਾਲਾਨ ਦਾ ਕੰਮ ਅਪਣੀ ਥਾਂ ਹੁੰਦਾ ਰਹਿੰਦਾ ਹੈ ਪਰ ਜਾਗਰੂਤਾ ਜ਼ਿਆਦਾ ਜ਼ਰੂਰੀ ਹੈ। ਲੋਕ ਜਾਗਰੂਕ ਹੋਣਗੇ ਤਾਂ ਉਹ ਖ਼ੁਦ ਅਪਣੇ ਘਰਾਂ ਜਾਂ ਆਲੇ-ਦੁਆਲੇ ਕਿਤੇ ਵੀ ਪਾਣੀ ਖੜਾ ਨਹੀਂ ਹੋਣ ਦੇਣਗੇ ਜਿਸ ਨਾਲ ਡੇੇਂਗੂ ਬੁਖ਼ਾਰ ਲਈ ਜ਼ਿੰਮੇਵਾਰ ਮੱਛਰ ਪੈਦਾ ਹੀ ਨਹੀਂ ਹੋਵੇਗਾ। ਸਿਵਲ ਸਰਜਨ ਡਾ. ਮਹੇਸ਼ ਕੁਮਾਰ ਆਹੂਜਾ ਨੇੇ ਕਿਹਾ ਕਿ ਇਹ ਬੀਮਾਰੀ ਸਾਡੇ ਰਹਿਣ-ਸਹਿਣ ਅਤੇ ਆਦਤਾਂ ਦੀ ਬੀਮਾਰੀ ਹੈ। ਜੇ ਅਸੀਂ ਸਾਰੇ ਚੌਕਸ ਰਹੀਏ ਅਤੇ ਜ਼ਰੂਰੀ ਸਾਵਧਾਨੀਆਂ ਵਰਤੀਏ ਤਾਂ ਇਸ ਤੋਂ ਆਰਾਮ ਨਾਲ ਬਚਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਡੇਂਗੂ ਬੁਖ਼ਾਰ ਫੈਲਾਉਣ ਵਾਲੇ ਮੱਛਰਾਂ ਨੂੰ ਪੈਦਾ ਹੋਣ ਤੋਂ ਰੋਕਣਾ ਹੀ ਇਸ ਬੀਮਾਰੀ ਤੋਂ ਬਚਣ ਦਾ ਕਾਰਗਰ ਤਰੀਕਾ ਹੈ। ਉਨ੍ਹਾਂ ਕਿਹਾ ਕਿ ਡੇਂਗੂ ਇਕ ਬੁਖ਼ਾਰ ਹੈ ਜੋ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਡੇਂਗੂ ਫੈਲਾਉਣ ਵਾਲੇ ਮੱਛਰ ਖੜੇ ਸਾਫ਼ ਪਾਣੀ ਵਿਚ ਪਲਦੇ ਹਨ ਜਿਵੇਂ ਕੂਲਰਾਂ ਵਿਚ, ਪਾਣੀ ਦੀਆਂ ਟੈਕੀਆਂ ਵਿਚ, ਫੁੱਲਾਂ ਦੇ ਗਮਲਿਆਂ ਵਿਚ, ਫ਼ਰਿੱਜਾਂ ਪਿੱਛੇ ਲੱਗੀ ਟਰੇਅ ਵਿਚ, ਟੁੱਟੇ-ਭੱਜੇ/ਸੁੱਟੇ ਭਾਂਡਿਆਂ ਅਤੇ ਟਾਇਰਾਂ ਆਦਿ ਵਿਚ। ਉਨ੍ਹਾਂ ਦਸਿਆ ਕਿ ਡੇਂਗੂ ਬੁਖ਼ਾਰ ਦਾ ਟੈਸਟ ਅਤੇ ਇਲਾਜ ਸਰਕਾਰੀ ਹਸਪਤਾਲਾਂ ਵਿਚ ਬਿਲਕੁਲ ਮੁਫ਼ਤ ਹੁੰਦਾ ਹੈ। ਰੈਲੀ ਵਿਚ ਜ਼ਿਲ੍ਹੇ ਦੇ ਮਲਪਟੀਪਰਪਜ਼ ਸੁਪਵਰਵਾਈਜ਼ਰ, ਵਰਕਰ ਅਤੇ ਬਰੀਡਰ ਚੈੱਕਰ ਸ਼ਾਮਲ ਹੋਏ। ਇਸ ਮੌਕੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸ਼ਲਿੰਦਰ ਕੌਰ ਸਮੇਤ ਹੋਰ ਸੀਨੀਅਰ ਸਿਹਤ ਅਧਿਕਾਰੀ ਮੌਜੂਦ ਸਨ।