
ਸ੍ਰੀ ਫ਼ਤਹਿਗੜ੍ਹ ਸਾਹਿਬ, 17 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ) : ਮਾਤਾ ਗੁਜਰੀ ਕਾਲਜ ਦੇ ਐੱਨ.ਐੱਸ.ਐੱਸ. ਯੂਨਿਟ ਵੱਲੋਂ ਕੰਪਿਊਟਰ ਸਾਇੰਸ ਸਟੂਡੈਂਟਸ ਵੈਲਫੇਅਰ ਐਸੋਸੀਏਸ਼ਨ ਦੇ ਸਹਿਯੋਗ ਨਾਲ ਵਿਸ਼ੇਸ਼ ਲੈਕਚਰ ਦਾ ਆਯੋਜਨ ਕਰਵਾਇਆ ਗਿਆ ਜਿਸ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਦੱਸਿਆ ਕਿ ਅਜਿਹੇ ਸਿੱਖਿਆ ਭਰਪੂਰ ਲੈਕਚਰ ਵਿਦਿਆਰਥੀਆਂ ਨੂੰ ਸਮਾਜਿਕ ਬਰਾਬਰੀ ਅਤੇ ਸਰਬ ਸਾਂਝੀਵਾਲਤਾ ਦਾ ਸੁਨੇਹਾ ਦਿੰਦੇ ਹਨ ਜੋ ਉਨ੍ਹਾਂ ਦੇ ਸਰਬਪੱਖੀ ਵਿਕਾਸ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਸਮਾਗਮ ਵਿੱਚ ਮੁੱਖ ਬੁਲਾਰੇ ਦੇ ਤੌਰ 'ਤੇ ਪਹੁੰਚੇ ਜ਼ੂਆਲੋਜੀ ਵਿਭਾਗ ਦੇ ਮੁਖੀ ਪ੍ਰੋ. ਪਰਦੀਪ ਕੌਰ ਸੰਧੂ ਨੇ ਵਿਦਿਆਰਥੀਆਂ ਨੂੰ ਮੌਜੂਦਾ ਸਮੇਂ ਦੌਰਾਨ ਲਿੰਗ ਸਮਾਨਤਾ ਅਤੇ ਸਸ਼ਕਤੀਕਰਨ ਸਬੰਧੀ ਵਿਸਥਾਰ ਨਾਲ ਦੱਸਦਿਆਂ ਕਿਹਾ ਕਿ ਲਿੰਗ ਸਮਾਨਤਾ ਅਤੇ ਸਸ਼ਕਤੀਕਰਨ ਕੇਵਲ ਔਰਤਾਂ ਲਈ ਹੀ ਨਹੀਂ, ਸਗੋਂ ਪੂਰੇ ਸਮਾਜ ਦੀ ਤਰੱਕੀ ਲਈ ਲਾਜ਼ਮੀ ਹਨ। ਜੇਕਰ ਹਰ ਵਿਅਕਤੀ ਨੂੰ ਬਰਾਬਰੀ ਮਿਲੇ ਤਾਂ ਵਧੀਆ, ਵਿਕਸਿਤ ਅਤੇ ਨਿਆਂਯੁਕਤ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ। ਵਿਦਿਆਰਥੀਆਂ ਨੇ ਇਸ ਸੈਸ਼ਨ ਵਿੱਚ ਪੂਰੀ ਸਰਗਰਮੀ ਨਾਲ ਹਿੱਸਾ ਲਿਆ ਅਤੇ ਆਪਣੇ ਮਹੱਤਵਪੂਰਨ ਵਿਚਾਰ ਸਾਂਝੇ ਕੀਤੇ। ਕਾਲਜ ਦੇ ਐਨ.ਐਸ.ਐਸ. ਕੋਆਰਡੀਨੇਟਰ ਪ੍ਰੋ. ਬੀਰਇੰਦਰ ਸਿੰਘ ਸਰਾਓ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ। ਇਸ ਮੌਕੇ ਕੰਪਿਊਟਰ ਸਾਇੰਸ ਵਿਭਾਗ ਦੇ ਮੁਖੀ ਡਾ. ਰਸ਼ਮੀ ਅਰੋੜਾ, ਪ੍ਰੋ. ਹਰਸਿਮਰਤ ਕੌਰ, ਪ੍ਰੋ. ਰਵਿੰਦਰ ਕੌਰ, ਪ੍ਰੋ. ਕਮਲਜੀਤ ਕੌਰ ਅਤੇ ਵਿਦਿਆਰਥੀ ਹਾਜ਼ਰ ਸਨ।