
ਸ੍ਰੀ ਫ਼ਤਹਿਗੜ੍ਹ ਸਾਹਿਬ, 17 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ) : ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਦੇ ਬਾਬਾ ਫਤਿਹ ਸਿੰਘ ਖੇਡ ਸਟੇਡੀਅਮ ਵਿਖੇ ਸਰੀਰਕ ਸਿੱਖਿਆ ਵਿਭਾਗ ਵਲੋਂ ਵਿੱਦਿਅਕ ਵਰੇ 2024-2025 ਦੀ ਸਲਾਨਾ ਅਥਲੈਟਿਕਸ ਮੀਟ ਕਰਵਾਈ ਗਈ ਜਿਸ ਵਿੱਚ ਯੂਨੀਵਰਸਿਟੀ ਦੇ 22 ਵਿਭਾਗਾਂ ਦੇ ਵਿਦਿਆਰਥੀਆਂ ਨੇ ਵੱਧ ਚੜ ਕੇ ਹਿੱਸਾ ਲਿਆ ਤੇ ਆਪਣੇ ਹੁਨਰ ਨੂੰ ਉਜਾਗਰ ਕੀਤਾ । ਅਥਲੈਟਿਕ ਮੀਟ ਦਾ ਉਦਘਾਟਨ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾਕਟਰ ਪ੍ਰਿਤਪਾਲ ਸਿੰਘ ਵੱਲੋਂ ਕੀਤਾ ਗਿਆ ਅਤੇ ਇਸ ਮੌਕੇ ਤੇ ਯੂਨੀਵਰਸਿਟੀ ਦੇ ਉੱਚ ਅਧਿਕਾਰੀਆਂ ਡੀਨ ਅਕਾਦਮਿਕ ਮਾਮਲੇ ਪ੍ਰੋ .ਡਾ. ਸੁਖਵਿੰਦਰ ਸਿੰਘ ਬਿਲਿੰਗ, ਰਜਿਸਟਰਾਰ ਪ੍ਰੋ .ਡਾ. ਤੇਜਬੀਰ ਸਿੰਘ, ਡੀਨ ਵਿਦਿਆਰਥੀ ਭਲਾਈ ਡਾ. ਸਿਕੰਦਰ ਸਿੰਘ, ਡਿਪਟੀ ਰਜਿਸਟਰਾਰ ਬਲਵਿੰਦਰ ਕੌਰ ਅਤੇ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਦੇ ਪ੍ਰਿੰਸੀਪਲ ਡਾ.ਲਖਵੀਰ ਸਿੰਘ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਵਿਦਿਆਰਥੀਆਂ ਨੂੰ ਆਸ਼ੀਰਵਾਦ ਦਿੱਤਾ। ਇਹਨਾਂ ਮੁਕਾਬਲਿਆਂ ਵਿੱਚ 22 ਤੋਂ ਵੱਧ ਵਿਭਾਗਾਂ ਦੇ ਤਕਰੀਬਨ 400 ਦੇ ਕਰੀਬ ਖਿਡਾਰੀਆਂ ਨੇ ਭਾਗ ਲਿਆ |ਐਥਲੈਟਿਕਸ ਮੀਟ ਦੌਰਾਨ 100 ਮੀਟਰ, 200 ਮੀਟਰ, 400 ਮੀਟਰ, ਲੌਂਗ ਜੰਪ, ਸ਼ੋਟ ਪੁੱਟ ਅਤੇ ਜੈਵਲੀਨ ਥਰੋ ਦੇ ਮੁਕਾਬਲੇ ਕਰਵਾਏ ਗਏ ਅਤੇ ਜੇਤੂ ਵਿਦਿਆਰਥੀਆਂ ਨੂੰ ਯੂਨੀਵਰਸਿਟੀ ਅਧਿਕਾਰੀਆਂ ਵੱਲੋਂ ਸਨਮਾਨਿਤ ਕੀਤਾ ਗਿਆ। ਵਿਦਿਆਰਥੀਆਂ ਦੇ ਖੇਡ ਮੁਕਾਬਲਿਆਂ ਤੋਂ ਬਿਨਾਂ ਯੂਨੀਵਰਸਿਟੀ ਦੇ ਸਟਾਫ ਮੈਂਬਰਾਂ ਦੇ ਵੀ ਖੇਡ ਮੁਕਾਬਲੇ ਰੱਖੇ ਗਏ ਜਿਸ ਵਿੱਚ ਵੱਖ-ਵੱਖ ਵਿਭਾਗਾਂ ਦੇ ਸਟਾਫ ਮੈਂਬਰਾਂ ਵੱਲੋਂ ਵੱਧ ਚੜ ਕੇ ਹਿੱਸਾ ਲਿਆ ਗਿਆ। ਸਮਾਪਤੀ ਸਮਾਰੋਹ ਵਿੱਚ ਪੈਰਾ ਓਲੰਪੀਅਨ ਮੁਹੰਮਦ ਯਾਸਿਰ ਵਲੋਂ ਸ਼ਿਰਕਤ ਕੀਤੀ ਗਈ ਅਤੇ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕੀਤੀ ਗਈ| ਇਸ ਅਥਲੈਟਿਕ ਮੀਟ ਵਿੱਚ ਮਹਿਲਾ ਵਰਗ ਵਿੱਚੋਂ ਅਮਨਦੀਪ ਕੌਰ ਅਤੇ ਪੁਰਸ਼ ਵਰਗ ਵਿੱਚੋਂ ਅੰਮ੍ਰਿਤਪਾਲ ਸਿੰਘ ਸਰੀਰਕ ਸਿੱਖਿਆ ਵਿਭਾਗ ਦੇ ਵਿਦਿਆਰਥੀ ਬੈਸਟ ਐਥਲੀਟ ਰਹੇ।