- ਚੱਲ ਰਹੇ ਵਿਕਾਸ ਕਾਰਜਾਂ ਵਿੱਚ ਤੇਜੀ ਲਿਆਉਣ ਲਈ ਅਧਿਕਾਰੀਆਂ ਨੂੰ ਦਿੱਤੇ ਆਦੇਸ਼
- ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਜੈ ਸਿੰਘ ਲਿਬੜਾ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਫ਼ਤਹਿਗੜ੍ਹ ਸਾਹਿਬ, 23 ਅਗਸਤ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਦਾ ਸਰਵਪੱਖੀ ਵਿਕਾਸ ਕਰਵਾਉਣ ਲਈ ਵਚਨਬੱਧ ਹੈ ਅਤੇ ਇਸ ਵਿੱਚ ਕਿਸੇ ਕਿਸਮ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਹ ਪ੍ਰਗਟਾਵਾ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ. ਅਜੇ ਸਿੰਘ ਲਿਬੜਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਗਵਾਹ ਹਨ ਕਿ ਕਿਸੇ ਵੀ ਪਾਰਟੀ ਦੀ ਸਰਕਾਰ ਨੇ ਸੂਬੇ ਦੇ ਵਿਕਾਸ ਲਈ ਏਨੇ ਉਪਰਾਲੇ ਨਹੀਂ ਕੀਤੇ ਜਿੰਨੇ ਕਿ ਮੌਜੂਦਾ ਸਰਕਾਰ ਵੱਲੋਂ ਕੀਤੇ ਜਾ ਰਹੇ ਹਨ। ਉਨ੍ਹਾਂ ਹੋਰ ਕਿਹਾ ਕਿ ਆਮ ਆਦਮੀ ਪਾਰਟੀ ਨੇ ਹਮੇਸ਼ਾਂ ਹੀ ਇਮਾਨਦਾਰੀ ਤੇ ਤਨਦੇਹੀ ਨਾਲ ਆਪਣੇ ਫਰਜ਼ਾਂ ਦੀ ਪੂਰਤੀ ਕੀਤੀ ਹੈ ਅਤੇ ਇਸੇ ਤਰ੍ਹਾਂ ਭਵਿੱਖ ਵਿੱਚ ਵੀ ਲੋਕਾਂ ਦੀ ਸੇਵਾ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਲਿਬੜਾ ਨੇ ਪੰਚਾਇਤੀ ਰਾਜ ਤੇ ਪੇਂਡੂ ਵਿਕਾਸ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਪਿੰਡਾਂ ਵਿੱਚ ਚੱਲ ਰਹੇ ਅਤੇ ਹੋਣ ਵਾਲੇ ਵਿਕਾਸ ਕਾਰਜਾਂ ਦੀ ਮੁਕੰਮਲ ਰਿਪੋਰਟ ਬਣਾ ਕੇ ਦਿੱਤੀ ਜਾਵੇ ਤਾਂ ਜੋ ਇਨ੍ਹਾਂ ਕੰਮਾਂ ਨੂੰ ਤੈਅ ਸਮੇਂ ਅੰਦਰ ਪੂਰਾ ਕਰਕੇ ਲੋਕਾਂ ਨੂੰ ਰਾਹਤ ਦਿੱਤੀ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਜਿਹੜੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਲੋੜ ਹੈ ਉਸ ਬਾਰੇ ਵੀ ਵਿਸਥਾਰਤ ਰਿਪੋਰਟ ਬਣਾਈ ਜਾਵੇ ਤਾਂ ਜੋ ਸਰਕਾਰ ਨਾਲ ਗੱਲ ਕਰਕੇ ਵਿਕਾਸ ਕਾਰਜਾਂ ਲਈ ਫੰਡਾਂ ਦਾ ਪ੍ਰਬੰਧ ਕੀਤਾ ਜਾ ਸਕੇ। ਉਨ੍ਹਾਂ ਪਿੰਡਾਂ ਦੇ ਗੰਦੇ ਪਾਣੀ ਦੀ ਸਮੱਸਿਆ ਦੇ ਹੱਲ ਲਈ ਵੱਧ ਤੋਂ ਵੱਧ ਪਿੰਡਾਂ ਵਿੱਚ ਲਿਕੁਅਡ ਵੇਸਟ ਮੈਨੇਜਮੈਂਟ ਸਿਸਟਮ ਬਣਾਉਣ ਤੇ ਵੀ ਜ਼ੋਰ ਦਿੱਤਾ ਤਾਂ ਜੋ ਪਿੰਡਾਂ ਦੀ ਲੰਮੇਂ ਸਮੇਂ ਤੋਂ ਚੱਲ ਰਹੀ ਸਮੱਸਿਆ ਦਾ ਹੱਲ ਹੋ ਸਕੇ। ਚੇਅਰਮੈਨ ਲਿਬੜਾ ਨੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਹੜ੍ਹਾਂ ਕਾਰਨ ਨੁਕਸਾਨੀਆਂ ਗਈਆਂ ਸੜਕਾਂ ਦੀ ਮੁਰੰਮਤ ਅਤੇ ਹੋਰ ਨਵੀਂਆਂ ਸੜਕਾਂ ਬਣਾਉਣ ਦੇ ਕੰਮ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਨਾ ਵਰਤੀ ਜਾਵੇ ਅਤੇ ਚੱਲ ਰਹੇ ਕੰਮਾਂ ਨੂੰ ਤੈਅ ਸਮੇਂ ਅੰਦਰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ । ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਤੇ ਨੀਤੀਆਂ ਨੂੰ ਹੇਠਲੇ ਪੱਧਰ ਤੱਕ ਪਹੁੰਚਾਉਣ ਵਿੱਚ ਕੋਈ ਅਣਗਹਿਲੀ ਨਾ ਵਰਤੀ ਜਾਵੇ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਸਰਕਾਰ ਦੀਆਂ ਸਕੀਮਾਂ ਦਾ ਲਾਭ ਮਿਲ ਸਕੇ। ਮੀਟਿੰਗ ਵਿੱਚ ਪੰਚਾਇਤੀ ਰਾਜ ਵਿਭਾਗ ਦੇ ਕਾਰਜਕਾਰੀ ਇੰਜਨੀਅਰ ਸ਼੍ਰੀ ਜਸਵੀਰ ਸਿੰਘ, ਨਵਦੀਪ ਸਿੰਘ ਨਵੀ ਤੋਂ ਇਲਾਵਾ ਸਮੂਹ ਬੀ.ਡੀ.ਪੀ.ਓਜ਼ ਤੇ ਹੋਰ ਅਧਿਕਾਰੀ ਹਾਜਰ ਸਨ।