- ਮੁੱਖ ਮੰਤਰੀ ਭਗਵੰਤ ਮਾਨ ਨੇ ਵਿਸ਼ੇਸ਼ ਸਿਖਲਾਈ ਲੈਣ ਲਈ ਹੈਡਮਾਸਟਰਾਂ ਦੇ ਪਹਿਲੇ ਬੈਚ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਐਸ.ਏ.ਐਸ.ਨਗਰ, 30 ਜੁਲਾਈ : ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀ ਲਿਆਉਣ ਦੇ ਉਦੇਸ਼ ਨਾਲ ਇੱਕ ਹੋਰ ਅਹਿਮ ਪਹਿਲਕਦਮੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੰਡੀਅਨ ਇੰਸਟੀਚਿਊਟ ਆਫ਼ ਮੈਨੇਜਮੈਂਟ (ਆਈ.ਆਈ.ਐਮ.), ਅਹਿਮਦਾਬਾਦ ਤੋਂ ਵਿਸ਼ੇਸ਼ ਸਿਖਲਾਈ ਲੈਣ ਲਈ ਹੈਡਮਾਸਟਰਾਂ ਦੇ ਪਹਿਲੇ ਬੈਚ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਹੈੱਡਮਾਸਟਰਾਂ ਦੇ ਬੈਚ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਦਾ ਦਿਨ ਸੂਬੇ ਦੇ ਇਤਿਹਾਸ ਵਿੱਚ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਜਿੱਥੇ ਪ੍ਰਿੰਸੀਪਲਾਂ ਦਾ ਵਫ਼ਦ ਸਿੰਗਾਪੁਰ ਤੋਂ ਸਿਖਲਾਈ ਲੈ ਕੇ ਵਾਪਸ ਆ ਰਿਹਾ ਹੈ, ਉਥੇ ਇਹ ਬੈਚ ਆਪਣੀ ਮੁਹਾਰਤ ਨੂੰ ਨਿਖਾਰਨ ਲਈ ਅਹਿਮਦਾਬਾਦ ਜਾ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸਦਾ ਇਕੋ-ਇਕ ਉਦੇਸ਼ ਸੂਬੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਹੈ ਤਾਂ ਜੋ ਉਹ ਵਿਸ਼ਵ ਭਰ ਵਿੱਚ ਕਾਨਵੈਂਟ ਸਕੂਲਾਂ 'ਚ ਪੜ੍ਹੇ-ਲਿਖੇ ਵਿਦਿਆਰਥੀਆਂ ਦਾ ਮੁਕਾਬਲਾ ਕਰ ਸਕਣ ਮੁੱਖ ਮੰਤਰੀ ਨੇ ਕਿਹਾ ਕਿ ਜਿਸ ਤਰ੍ਹਾਂ ਚੰਗੇ ਕੋਚ ਵਧੀਆ ਖਿਡਾਰੀ ਪੈਦਾ ਕਰਦੇ ਹਨ, ਉਸੇ ਤਰ੍ਹਾਂ ਇੱਕ ਤਜਰਬੇਕਾਰ ਅਧਿਆਪਕ ਆਉਣ ਵਾਲੇ ਭਵਿੱਖ ਲਈ ਯੋਗ ਵਿਦਿਆਰਥੀਆਂ ਨੂੰ ਤਿਆਰ ਕਰਨ ਵਿੱਚ ਸਹਾਈ ਹੋਵੇਗਾ। ਉਨ੍ਹਾਂ ਕਿਹਾ ਕਿ ਸਿੱਖਿਆ ਖੇਤਰ ਲਈ ਸੂਬਾ ਸਰਕਾਰ ਕੋਲ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਭਗਵੰਤ ਮਾਨ ਨੇ ਕਲਪਨਾ ਕੀਤੀ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਦੇਸ਼ ਭਰ ਵਿੱਚ ਮਿਆਰੀ ਸਿੱਖਿਆ ਦੇ ਧੁਰੇ ਵਜੋਂ ਉਭਰੇਗਾ। ਪਿਛਲੀਆਂ ਸਰਕਾਰਾਂ ਨੂੰ ਨਿਸ਼ਾਨੇ 'ਤੇ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੁਰਾਣੇ ਆਗੂ ਸੱਤਾ ਹਥਿਆਉਣ ਤੋਂ ਬਾਅਦ ਲੋਕਾਂ ਵਿੱਚ ਜਾਣਾ ਵੀ ਪਸੰਦ ਨਹੀਂ ਕਰਦੇ ਸਨ। ਭਗਵੰਤ ਮਾਨ ਨੇ ਕਿਹਾ ਕਿ ਇਸ ਦੇ ਉਲਟ ਉਹ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਰੋਜ਼ਾਨਾ ਕਿਸੇ ਨਾ ਕਿਸੇ ਸਮਾਗਮ ਵਿੱਚ ਸ਼ਾਮਲ ਹੁੰਦੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਅਹੁਦਾ ਸੰਭਾਲਣ ਤੋਂ ਬਾਅਦ ਸਾਰੀਆਂ ਕਾਨੂੰਨੀ ਅਤੇ ਪ੍ਰਸ਼ਾਸਨਿਕ ਅੜਚਨਾਂ ਨੂੰ ਦੂਰ ਕਰਦਿਆਂ 12710 ਅਧਿਆਪਕਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਵੱਲ ਹਮੇਸ਼ਾ ਏਜੰਡੇ 'ਤੇ ਰੱਖਿਆ ਸੀ। ਭਗਵੰਤ ਮਾਨ ਨੇ ਕਿਹਾ ਕਿ ਇਸ ਦਾ ਮਨੋਰਥ ਅਧਿਆਪਕਾਂ ਦੇ ਸੁਰੱਖਿਅਤ ਭਵਿੱਖ ਨੂੰ ਯਕੀਨੀ ਬਣਾਉਣਾ ਹੈ ਕਿਉਂਕਿ ਉਨ੍ਹਾਂ ਦਾ ਦ੍ਰਿੜ ਵਿਸ਼ਵਾਸ ਹੈ ਕਿ ਜੇਕਰ ਅਧਿਆਪਕਾਂ ਦਾ ਭਵਿੱਖ ਸੁਰੱਖਿਅਤ ਹੈ ਤਾਂ ਹੀ ਉਹ ਵਿਦਿਆਰਥੀਆਂ ਦੀ ਕਿਸਮਤ ਨੂੰ ਬਦਲ ਸਕਦੇ ਹਨ। ਉਨ੍ਹਾਂ ਕਿਹਾ ਕਿ ਹਰ ਮੁਲਾਜ਼ਮ ਦੀ ਜਾਇਜ਼ ਸਮੱਸਿਆ ਦਾ ਹੱਲ ਕੀਤਾ ਜਾਵੇਗਾ ਜਿਸ ਲਈ ਸੂਬਾ ਸਰਕਾਰ ਪਹਿਲਾਂ ਹੀ ਹਰ ਸੰਭਵ ਯਤਨ ਕਰ ਰਹੀ ਹੈ। ਵਿਰੋਧੀ ਧਿਰ ਵੱਲੋਂ ਤਰਕਹੀਣ ਅਤੇ ਬੇਬੁਨਿਆਦ ਟਿੱਪਣੀਆਂ ਕਰਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਰਿਕਾਰਡ 'ਤੇ ਮੌਜੂਦ ਹੈ ਕਿ ਹੁਣ ਤੋਂ ਇਨ੍ਹਾਂ ਅਧਿਆਪਕਾਂ ਨਾਲ ਜੁੜਿਆ ਕੱਚਾ ਸ਼ਬਦ ਹਮੇਸ਼ਾ ਲਈ ਹਟ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਅਧਿਆਪਕਾਂ ਨੂੰ ਹਰ ਸਾਲ 5 ਫੀਸਦੀ ਇੰਕਰੀਮੈਂਟ ਦੇ ਨਾਲ-ਨਾਲ ਛੁੱਟੀਆਂ ਸਮੇਤ ਹੋਰ ਲਾਭ ਵੀ ਦਿੱਤੇ ਜਾਣਗੇ। ਭਗਵੰਤ ਮਾਨ ਨੇ ਕਿਹਾ ਕਿ ਵਿਰੋਧੀ ਧਿਰ ਨੇ ਆਪਣੇ ਕਾਰਜਕਾਲ ਦੌਰਾਨ ਲੰਮੇ ਸਮੇਂ ਤੋਂ ਇਨ੍ਹਾਂ ਅਧਿਆਪਕਾਂ ਦੀਆਂ ਭਾਵਨਾਵਾਂ ਨਾਲ ਖੇਡ ਕੇ ਉਨ੍ਹਾਂ ਨੂੰ ਮੂਰਖ ਬਣਾਇਆ ਹੈ, ਇਸ ਲਈ ਉਨ੍ਹਾਂ ਨੂੰ ਇਸ ਮੁੱਦੇ 'ਤੇ ਕੁਝ ਵੀ ਕਹਿਣ ਦਾ ਕੋਈ ਨੈਤਿਕ ਅਧਿਕਾਰ ਨਹੀਂ ਹੈ। ਇੱਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਖੇਡਾਂ ਦੇ ਖੇਤਰ ਵਿੱਚ ਸੂਬੇ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਅਤੇ ਸੂਬੇ ਵਿੱਚ ਖੇਡ ਗਤੀਵਿਧੀਆਂ ਨੂੰ ਹੋਰ ਹੁਲਾਰਾ ਦੇਣ ਲਈ ਮੰਤਰੀ ਮੰਡਲ ਨੇ ਨਵੀਂ ਖੇਡ ਨੀਤੀ-2023 ਨੂੰ ਪ੍ਰਵਾਨਗੀ ਦੇ ਦਿੱਤੀ ਹੈ ਜਿਸ ਵਿੱਚ ਪਿੰਡ ਪੱਧਰ ਤੋਂ ਲੈ ਕੇ ਖਿਡਾਰੀਆਂ ਲਈ ਨੌਕਰੀਆਂ, ਸਿਖਲਾਈ, ਵੱਖ-ਵੱਖ ਲਾਭ ਅਤੇ ਮਜ਼ਬੂਤ ਬੁਨਿਆਦੀ ਢਾਂਚਾ ਪ੍ਰਦਾਨ ਕਰਨ ਦਾ ਵਿਸ਼ੇਸ਼ ਖਿਆਲ ਰੱਖਿਆ ਗਿਆ ਹੈ । ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਸਰੀਰਕ ਸਿੱਖਿਆ ਦੇ ਅਧਿਆਪਕਾਂ ਦੀ ਭਰਤੀ ਕਰਕੇ ਖੇਡ ਸੱਭਿਆਚਾਰ ਨੂੰ ਮੁੜ ਪ੍ਰਫੁੱਲਤ ਕੀਤਾ ਜਾਵੇਗਾ ਤਾਂ ਜੋ ਵਿਦਿਆਰਥੀ ਖੇਡਾਂ ਵਿੱਚ ਮੱਲਾਂ ਮਾਰ ਸਕਣ। ਭਗਵੰਤ ਮਾਨ ਨੇ ਕਿਹਾ ਕਿ ਨਵੀਂ ਖੇਡ ਨੀਤੀ ਵਿੱਚ ਖਿਡਾਰੀਆਂ ਨੂੰ ਮਜ਼ਬੂਤ ਬੁਨਿਆਦੀ ਢਾਂਚਾ, ਕੋਚਿੰਗ ਅਤੇ ਸਹੂਲਤਾਂ ਪ੍ਰਦਾਨ ਕਰਨ ਤੋਂ ਇਲਾਵਾ ਕੌਮੀ ਅਤੇ ਕੌਮਾਂਤਰੀ ਖੇਡ ਮੁਕਾਬਲਿਆਂ ਵਿੱਚ ਮੈਡਲ ਜਿੱਤਣ ਲਈ ਵਿੱਤੀ ਸਹਾਇਤਾ ਪ੍ਰਦਾਨ ਕਰਨ 'ਤੇ ਵੀ ਜ਼ੋਰ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਉਦਯੋਗ ਨੀਤੀ, ਇਲੈਕਟ੍ਰਿਕ ਵਹੀਕਲ ਨੀਤੀ, ਖੇਤੀਬਾੜੀ ਨੀਤੀ ਅਤੇ ਹੁਣ ਖੇਡ ਨੀਤੀ ਲਿਆਂਦੀ ਹੈ। ਉਨ੍ਹਾਂ ਕਿਹਾ ਕਿ ਇਸ ਦਾ ਇੱਕੋ-ਇੱਕ ਮੰਤਵ ਇਹ ਯਕੀਨੀ ਬਣਾਉਣਾ ਹੈ ਕਿ ਸੂਬਾ ਹਰ ਖੇਤਰ ਵਿੱਚ ਸਫ਼ਲਤਾ ਦੀ ਨਵੀਂ ਕਹਾਣੀ ਲਿਖੇ ਤਾਂ ਜੋ ਸੂਬੇ ਨੂੰ ਮੁੜ 'ਰੰਗਲਾ ਪੰਜਾਬ' ਬਣਾਇਆ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਸਮਾਜ ਦੇ ਹਰ ਵਰਗ ਲਈ ਨੀਤੀਆਂ ਬਣਾਈਆਂ ਜਾ ਰਹੀਆਂ ਹਨ ਤਾਂ ਜੋ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਇਆ ਜਾ ਸਕੇ। ਸੂਬੇ ਵਿੱਚ ਹੜ੍ਹਾਂ ਕਾਰਨ ਹੋਏ ਨੁਕਸਾਨ 'ਤੇ ਚਿੰਤਾ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੇ ਇੱਕ-ਇੱਕ ਪੈਸੇ ਦੇ ਨੁਕਸਾਨ ਦਾ ਮੁਆਵਜ਼ਾ ਦੇਵੇਗੀ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਸੂਬੇ ਵਿੱਚ ਭਾਰੀ ਬਰਸਾਤ ਕਾਰਨ ਫਸਲਾਂ, ਘਰਾਂ, ਪਸ਼ੂਆਂ ਅਤੇ ਹੋਰ ਨੁਕਸਾਨ ਦਾ ਪਤਾ ਲਗਾਉਣ ਲਈ ਪਹਿਲਾਂ ਹੀ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ 15 ਅਗਸਤ ਤੱਕ ਵਿਸ਼ੇਸ਼ ਗਿਰਦਾਵਰੀ ਮੁਕੰਮਲ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਲੋਕਾਂ ਦੇ ਨੁਕਸਾਨ ਦੀ ਭਰਪਾਈ ਕੀਤੀ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਕੁਦਰਤੀ ਆਫਤ ਦੀ ਸਥਿਤੀ ਵਿੱਚ ਫਸਲਾਂ ਦੇ ਨੁਕਸਾਨ ਕਾਰਨ ਖੇਤ ਮਜ਼ਦੂਰਾਂ ਨੂੰ ਰਾਹਤ ਦੇਣ ਲਈ ਨੀਤੀ ਬਣਾਈ ਗਈ ਹੈ। ਉਨ੍ਹਾਂ ਕਿਹਾ ਕਿ ਕੁਦਰਤੀ ਆਫਤ ਕਾਰਨ ਫਸਲਾਂ ਦੇ ਨੁਕਸਾਨ ਦੀ ਭਰਪਾਈ ਲਈ ਡਿਪਟੀ ਕਮਿਸ਼ਨਰਾਂ ਨੂੰ ਰਾਹਤ ਰਾਸ਼ੀ ਜਾਰੀ ਕੀਤੀ ਜਾਂਦੀ ਹੈ, ਇਸ ਲਈ ਨੀਤੀ ਅਨੁਸਾਰ ਉਪਰੋਕਤ ਰਾਹਤ ਰਾਸ਼ੀ ਦਾ 10 ਫੀਸਦ ਵਾਧੂ ਰਾਸ਼ੀ ਉਨ੍ਹਾਂ ਨੂੰ ਸੂਬੇ ਦੇ ਬਜਟ ਵਿੱਚੋਂ ਪ੍ਰਦਾਨ ਕੀਤੀ ਜਾਵੇਗੀ ਤਾਂ ਜੋ ਖੇਤ ਮਜ਼ਦੂਰਾਂ ਨੂੰ ਮੁਆਵਜ਼ਾ ਦਿੱਤਾ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਇਹ ਨੀਤੀ 1 ਮਈ, 2023 ਤੋਂ ਲਾਗੂ ਹੋਵੇਗੀ ਅਤੇ ਸਾਰੇ ਖੇਤ ਮਜ਼ਦੂਰ ਪਰਿਵਾਰ ਜਿਨ੍ਹਾਂ ਕੋਲ ਕੋਈ ਜ਼ਮੀਨ ਨਹੀਂ ਹੈ (ਰਿਹਾਇਸ਼ੀ ਪਲਾਟ ਨੂੰ ਛੱਡ ਕੇ) ਜਾਂ ਜਿਨ੍ਹਾਂ ਕੋਲ ਇੱਕ ਏਕੜ ਤੋਂ ਘੱਟ ਜ਼ਮੀਨ (ਲੀਜ਼/ਠੇਕੇ/ਕਾਸ਼ਤ ਵਾਲੀ) ਹੈ, ਉਹ ਇਸ ਅਧੀਨ ਯੋਗ ਹੋਣਗੇ। ਮੁੱਖ ਮੰਤਰੀ ਨੇ ਕਿਹਾ ਕਿ ਇਹ ਚਿੰਤਾ ਦਾ ਵਿਸ਼ਾ ਹੈ ਕਿ ਡਰੋਨਾਂ ਦੀ ਵਰਤੋਂ ਹੁਣ ਸਰਹੱਦ ਪਾਰੋਂ ਹਥਿਆਰਾਂ/ਹੈਰੋਇਨ/ਵਿਸਫੋਟਕਾਂ ਦੀ ਤਸਕਰੀ ਲਈ ਕੀਤੀ ਜਾ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਪਹਿਲਾਂ ਹੀ ਕੇਂਦਰ ਸਰਕਾਰ ਨੂੰ ਡਰੋਨਾਂ ਦੀ ਰਜਿਸਟ੍ਰੇਸ਼ਨ ਨੂੰ ਲਾਜ਼ਮੀ ਬਣਾਉਣ ਦੀ ਅਪੀਲ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਵਾਹਨਾਂ ਦੀ ਰਜਿਸਟ੍ਰੇਸ਼ਨ ਵਾਂਗ ਇਸ ਨੂੰ ਵੀ ਲਾਜ਼ਮੀ ਬਣਾਇਆ ਜਾਵੇ ਤਾਂ ਜੋ ਇਨ੍ਹਾਂ ਰਾਹੀਂ ਹੋ ਰਹੀ ਨਸ਼ਾ ਤਸਕਰੀ ਨੂੰ ਠੱਲ੍ਹ ਪਾਈ ਜਾ ਸਕੇ। ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਬਿਆਨ 'ਤੇ ਟਿੱਪਣੀ ਕਰਨ ਲਈ ਪੁੱਛੇ ਜਾਣ 'ਤੇ ਮੁੱਖ ਮੰਤਰੀ ਨੇ ਭਾਜਪਾ ਆਗੂ ਨੂੰ ਯਾਦ ਦਿਵਾਇਆ ਕਿ ਅਦਾਕਾਰੀ ਉਨ੍ਹਾਂ ਦਾ ਪੇਸ਼ਾ ਹੈ ਜਿਸ ਨੇ ਉਨ੍ਹਾਂ ਨੂੰ ਲੋਕਾਂ ਵਿੱਚ ਹਰਮਨ ਪਿਆਰਾ ਬਣਾਇਆ ਹੈ। ਉਨ੍ਹਾਂ ਕਿਹਾ ਕਿ ਜਦੋਂ ਉਹ ਆਪਣੇ ਕਰੀਅਰ ਦੇ ਸਿਖਰ ਉੱਤੇ ਸੂਬੇ ਦੀ ਸੇਵਾ ਲਈ ਪੀ.ਪੀ.ਪੀ. ਵਿੱਚ ਸ਼ਾਮਲ ਹੋਏ ਸਨ ਤਾਂ ਮਨਪ੍ਰੀਤ ਨੇ ਉਨ੍ਹਾਂ ਦੀ ਇੱਕ 'ਮਹਾਨ ਸ਼ਖ਼ਸੀਅਤ' ਦੇ ਤੌਰ 'ਤੇ ਪ੍ਰਸ਼ੰਸਾ ਕੀਤੀ ਸੀ ਭਗਵੰਤ ਮਾਨ ਨੇ ਵਿਅੰਗ ਕਰਦਿਆਂ ਕਿਹਾ ਕਿ ਅੱਜ ਜਦੋਂ ਸਾਬਕਾ ਵਿੱਤ ਮੰਤਰੀ ਨੂੰ ਉਸ ਦੇ ਮੌਕਾਪ੍ਰਸਤ ਪੈਂਤੜਿਆਂ ਕਾਰਨ ਲੋਕਾਂ ਨੇ ਨਕਾਰ ਦਿੱਤਾ ਹੈ ਤਾਂ ਹੁਣ ਉਹ, ਉਨ੍ਹਾਂ ਵਿੱਚ ਨੁਕਸ ਕੱਢ ਰਹੇ ਹਨ। ਮੁੱਖ ਮੰਤਰੀ ਨੇ ਦੁਹਰਾਇਆ ਕਿ ਉਹ ਸਾਬਕਾ ਮੰਤਰੀ ਦੇ ਆਪਣੇ ਵਾਹਨ ਨੂੰ ਖੁਦ ਚਲਾਉਣ ਅਤੇ ਟੋਲ ਟੈਕਸ ਅਦਾ ਕਰਨ ਦੀਆਂ ਚਾਲਾਂ ਤੋਂ ਚੰਗੀ ਤਰ੍ਹਾਂ ਜਾਣੂ ਹਨ ਜਦਕਿ ਅਸਲ ਵਿੱਚ ਉਨ੍ਹਾਂ ਨੇ ਜਨਤਾ ਦੀ ਭਲਾਈ ਲਈ ਕੁਝ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਇਹ ਉਹ ਬੇਸ਼ਰਮ ਲੋਕ ਹਨ, ਜਿਨ੍ਹਾਂ ਨੇ ਸੂਬੇ ਦੇ ਖਜ਼ਾਨੇ ਦੀ ਅੰਨ੍ਹੇਵਾਹ ਲੁੱਟ ਕੀਤੀ ਹੈ, ਜਿਸ ਦੇ ਚਲਦਿਆਂ ਲੋਕਾਂ ਨੇ ਇਨ੍ਹਾਂ ਨੂੰ ਸੱਤਾ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਆਪਣੇ ਕੀਤੇ ਗਏ ਕੁਕਰਮਾਂ ਲਈ ਜਵਾਬਦੇਹ ਬਣਾਉਂਦਿਆਂ ਇਕ-ਇਕ ਪੈਸੇ ਦਾ ਹਿਸਾਬ ਲਿਆ ਜਾਵੇਗਾ। ਇਸ ਮੌਕੇ ਮੁੱਖ ਮੰਤਰੀ ਦੇ ਨਾਲ ਸਿੱਖਿਆ ਮੰਤਰੀ ਹਰਜੋਤ ਬੈਂਸ, ਵਿਧਾਇਕ ਕੁਲਵੰਤ ਸਿੰਘ ਅਤੇ ਕੁਲਜੀਤ ਸਿੰਘ ਰੰਧਾਵਾ ਤੋਂ ਇਲਾਵਾ ਹੋਰ ਹਾਜ਼ਰ ਸਨ।