- ਸਕੀਮ ਬਾਰੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਜਾਣੂ ਕਰਵਾਉਣ ਲਈ 04 ਸਤੰਬਰ ਨੂੰ ਬੀ.ਡੀ.ਪੀ.ਓ. ਦਫ਼ਤਰ ਖੇੜਾ ਵਿਖੇ ਲਗਾਇਆ ਜਾਵੇਗਾ ਕੈਂਪ
- ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਪ੍ਰਧਾਨ ਮੰਤਰੀ ਫਾਰਮਲਾਈਜ਼ੇਸ਼ਨ ਆਫ ਮਾਈਕਰੋ ਫੂਡ ਪ੍ਰੋਸੈਸਿੰਗ ਇੰਟਰਪ੍ਰਾਈਜ਼ਿਜ਼ ਯੋਜਨਾ ਬਾਰੇ ਕੀਤੀ ਮੀਟਿੰਗ
ਫ਼ਤਹਿਗੜ੍ਹ ਸਾਹਿਬ, 31 ਅਗਸਤ: ਭਾਰਤ ਸਰਕਾਰ ਦੇ ਫੂਡ ਪ੍ਰੋਸੈਸਿੰਗ ਮੰਤਰਾਲੇ ਵੱਲੋਂ ਰਾਜ ਸਰਕਾਰ ਦੀ ਭਾਈਵਾਲੀ ਨਾਲ ਕੌਮੀ ਪੱਧਰ ਤੇ ਸ਼ੁਰੂ ਕੀਤੀ ਗਈ ਪ੍ਰਧਾਨ ਮੰਤਰੀ ਫਾਰਮਲਾਈਜ਼ੇਸ਼ਨ ਆਫ ਮਾਈਕਰੋ ਫੂਡ ਪ੍ਰੋਸੈਸਿੰਗ ਇੰਟਰਪ੍ਰਾਈਜ਼ਿਜ਼ ਯੋਜਨਾ ਬਾਰੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਜਾਣੂ ਕਰਵਾਉਣ ਵਾਸਤੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਸੁਰਿੰਦਰ ਸਿੰਘ ਧਾਲੀਵਾਲ ਅਤੇ ਜ਼ਿਲ੍ਹਾ ਉਦਯੋਗ ਕੇਂਦਰ ਦੇ ਜਨਰਲ ਮੈਨੇਜਰ ਸ਼੍ਰੀ ਜਗਦੀਸ਼ ਸਿੰਘ ਨਾਲ ਇੱਕ ਅਹਿਮ ਮੀਟਿੰਗ ਕੀਤੀ। ਜਿਸ ਵਿੱਚ ਪ੍ਰਧਾਨ ਮੰਤਰੀ ਫਾਰਮਲਾਈਜ਼ੇਸ਼ਨ ਆਫ ਮਾਈਕਰੋ ਫੂਡ ਪ੍ਰੋਸੈਸਿੰਗ ਇੰਟਰਪ੍ਰਾਈਜ਼ਿਜ਼ ਯੋਜਨਾ ਤਹਿਤ ਜ਼ਿਲ੍ਹੇ ਵਿੱਚ ਯੂਨਿਟ ਲਗਵਾਉਣ ਬਾਰੇ ਵਿਚਾਰ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਫਾਰਮਲਾਈਜ਼ੇਸ਼ਨ ਆਫ ਮਾਈਕਰੋ ਫੂਡ ਪ੍ਰੋਸੈਸਿੰਗ ਇੰਟਰਪ੍ਰਾਈਜ਼ਿਜ਼ ਯੋਜਨਾ ਨੂੰ ਲਾਗੂ ਕਰਵਾਉਣ ਲਈ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਨੂੰ ਸਟੇਟ ਨੋਡਲ ਏਜੰਸੀ ਬਣਾਇਆ ਗਿਆ ਹੈ ਜਦੋਂ ਕਿ ਜ਼ਿਲ੍ਹਾ ਉਦਯੋਗ ਕੇਂਦਰ ਦੇ ਜਨਰਲ ਮੈਨੇਜਰ ਜ਼ਿਲ੍ਹੇ ਦੇ ਨੋਡਲ ਅਫਸਰ ਹੋਣਗੇ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਕੋਈ ਵੀ ਵਿਅਕਤੀ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਕਰਜ਼ਾ ਲੈ ਸਕਦਾ ਹੈ, ਇਸ ਵਿੱਚ ਕਿਸੇ ਵੀ ਤਰ੍ਹਾਂ ਦੀ ਪੜ੍ਹਾਈ ਦੀ ਕੋਈ ਸ਼ਰਤ ਨਹੀਂ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਸਕੀਮ ਅਧੀਨ ਇੱਕ ਕਰੋੜ ਰੁਪਏ ਤੱਕ ਦਾ ਫੂਡ ਪ੍ਰੋਸੈਸਿੰਗ ਪ੍ਰਾਜੈਕਟ ਲਗਾਇਆ ਜਾ ਸਕਦਾ ਹੈ, ਜਿੱਥੇ ਕਿ ਘੱਟੋ ਘੱਟ 10 ਵਿਅਕਤੀ ਕੰਮ ਕਰਦੇ ਹੋਣ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ’ਚ 35 ਫੀਸਦੀ ਦੀ ਕੈਪੀਟਲ ਸਬਸਿਡੀ ਵੀ ਮਿਲਦੀ ਹੈ ਜੋ ਕਿ ਵੱਧ ਤੋਂ ਵੱਧ 10 ਲੱਖ ਰੁਪਏ ਬਣਦੀ ਹੈ । ਸ਼੍ਰੀਮਤੀ ਸ਼ੇਰਗਿੱਲ ਨੇ ਦੱਸਿਆ ਕਿ ਸਕੀਮ ਦਾ ਲਾਭ ਲੈਣ ਦੇ ਚਾਹਵਾਨ ਬਿਨੈਕਾਰ ਨੂੰ ਪ੍ਰਾਜੈਕਟ ਕੀਮਤ ਦਾ ਘੱਟੋ ਘੱਟ 10 ਫੀਸਦੀ ਹਿੱਸਾ ਆਪਣੇ ਕੋਲੋਂ ਲਗਾਉਣਾ ਪਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਸਕੀਮ ਤਹਿਤ ਨਵਾਂ ਯੂਨਿਟ ਸਥਾਪਿਤ ਕਰਨ ਦੇ ਨਾਲ-ਨਾਲ ਪੁਰਾਣੇ ਫੂਡ ਪ੍ਰੋਸੈਸਿੰਗ ਯੂਨਿਟ ’ਚ ਵੀ ਵਾਧਾ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਉਕਤ ਸਕੀਮ ਅਧੀਨ ਬੈਂਕਾਂ ਤੋਂ ਟਰਮ ਲੋਨ ਲੈਣ ਵਾਲੇ ਯੂਨਿਟ ਹੀ ਸਬਸਿਡੀ ਦਾ ਲਾਭ ਲੈ ਸਕਦੇ ਹਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਸੁਰਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਸਕੀਮ ਅਧੀਨ ਜ਼ਿਲ੍ਹੇ ਦਾ ਲੋੜੀਂਦਾ ਟੀਚਾ ਪੂਰਾ ਕਰਨ ਲਈ ਵੱਖ-ਵੱਖ ਬਲਾਕਾਂ ਵਿੱਚ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸਕੀਮ ਅਧੀਨ 4 ਸਤੰਬਰ ਨੂੰ ਸਵੇਰੇ 10:00 ਵਜੇ ਖੇੜਾ ਬਲਾਕ ਵਿਖੇ ਬੀ.ਡੀ.ਪੀ.ਓ. ਦਫ਼ਤਰ ਖੇੜਾ ਵਿਖੇ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਇਸ ਕੈਂਪ ਵਿੱਚ ਭਾਗ ਲੈ ਕੇ ਇਸ ਸਕੀਮ ਬਾਰੇ ਜਾਣਕਾਰੀ ਹਾਸਲ ਕਰਨ ਤਾਂ ਜੋ ਜਾਣਕਾਰੀ ਪ੍ਰਾਪਤ ਕਰਕੇ ਉਹ ਆਪਣਾ ਕਾਰੋਬਾਰ ਸ਼ੁਰੂ ਕਰ ਸਕਣ।