ਸੰਤ ਬਾਬਾ ਅਤਰ ਸਿੰਘ ਸਰਕਾਰੀ ਬਹੁਤਕਨੀਕੀ ਕਾਲਜ ਬਡਬਰ ਵਿਖੇ ਤਿੰਨ ਨਵੇਂ ਕੋਰਸ ਸ਼ੁਰੂ : ਮੀਤ ਹੇਅਰ

  • ਕੈਬਨਿਟ ਮੰਤਰੀ ਮੀਤ ਹੇਅਰ ਨੇ ਕੀਤਾ ਮੁੱਖ ਮੰਤਰੀ ਦਾ ਧੰਨਵਾਦ
  • ਕੁੱਲ 180 ਨਵੇਂ ਦਾਖਲੇ ਇਨ੍ਹਾਂ ਤਿੰਨ ਕੋਰਸਾਂ ‘ਚ ਕੀਤੇ ਜਾਣਗੇ

ਬਰਨਾਲਾ, 20 ਫਰਵਰੀ : ਬਰਨਾਲਾ ਜ਼ਿਲ੍ਹੇ ‘ਚ ਤਕਨੀਕੀ ਸਿੱਖਿਆ ਦੇ ਪੱਧਰ ਨੂੰ ਹੁਲਾਰਾ ਦਿੰਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੰਤ ਬਾਬਾ ਅਤਰ ਸਿੰਘ ਸਰਕਾਰੀ ਬਹੁਤਕਨੀਕੀ ਕਾਲਜ ਬਡਬਰ ਵਿਖੇ ਤਿੰਨ ਨਵੇਂ ਕੋਰਸ ਸ਼ੁਰੂ ਕਰਕੇ 180 ਨਵੀਆਂ ਸੀਟਾਂ ਲਈ ਪ੍ਰਵਾਨਗੀ ਦਿੱਤੀ ਗਈ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਸਰਕਾਰੀ ਅਦਾਰਿਆਂ ‘ਚ ਤਕਨੀਕੀ ਸਿੱਖਿਆ ਨੂੰ ਸਮੇਂ ਦਾ ਹਾਣੀ ਬਣਾਉਣ ਉੱਤੇ ਕੰਮ ਕੀਤਾ ਜਾ ਰਿਹਾ ਹੈ । ਇਸ ਤਹਿਤ ਸਰਕਾਰੀ ਕਾਲਜ ਬਡਬਰ ਵਿਖੇ ਇਲੈਕਟ੍ਰੀਕਲ ਇੰਜੀਨੀਅਰਿੰਗ, ਕੰਪਿਊਟਰ ਸਾਇੰਸ ਇੰਜੀਨੀਅਰਿੰਗ ਅਤੇ ਇਲੈਕਟ੍ਰਾਨਿਕਸ ਅਤੇ ਕਮਿਊਨੀਕੇਸ਼ਨ ਇੰਜੀਨੀਅਰਿੰਗ ਦੇ ਕੋਰਸ 2024-25 ਸੈਸ਼ਨ ਤੋਂ ਸ਼ੁਰੂ ਕੀਤੇ ਜਾ ਰਹੇ ਹਨ। ਇਨ੍ਹਾਂ ਤਿੰਨ ਸਾਲਾਂ ਦੇ ਡਿਪਲੋਮਾ ਕੋਰਸਾਂ ‘ਚ ਹਰ ਇੱਕ ਕੋਰਸ ‘ਚ 60- 60 ਸੀਟਾਂ ਪ੍ਰਵਾਨਿਤ ਕੀਤੀਆਂ ਗਈਆਂ ਹਨ। ਉਨ੍ਹਾਂ ਨਾਲ ਹੀ ਸਿਖਿਆ ਮੰਤਰੀ ਸ ਹਰਜੋਤ ਸਿੰਘ ਬੈਂਸ ਦਾ ਵੀ ਧੰਨਵਾਦ ਕਰਦਿਆਂ ਕਿਹਾ ਕਿ ਇਸ ਫੈਸਲੇ ਨਾਲ ਬਰਨਾਲਾ ਦੇ ਨੌਜਵਾਨਾਂ ਨੂੰ ਉੱਚ ਤਕਨੀਕੀ ਸਿੱਖਿਆ ਹਾਸਲ ਕਰਨ ਲਈ ਦੂਰ ਨਹੀਂ ਜਾਣਾ ਪਵੇਗਾ ਅਤੇ ਉਨ੍ਹਾਂ ਨੂੰ ਮਿਆਰੀ ਸਿੱਖਿਆ ਉਨ੍ਹਾਂ ਦੇ ਘਰ ਦੇ ਨੇੜੇ ਮਿਲੇਗੀ।