ਗਿੱਦੜਬਾਹਾ ‘ਚ ਤਿੰਨ ਗੱਡੀਆਂ ਦੀ ਟੱਕਰ, ਇੱਕ ਔਰਤ ਦੀ ਮੌਤ, 4 ਜਖ਼ਮੀ

ਗਿੱਦੜਬਾਹਾ, 29 ਮਾਰਚ : ਮਾਰਕਫੈੱਡ ਪਲਾਟ ਗਿੱਦੜਬਾਹਾ ਨੇੜੇ ਵਾਪਰੇ ਇੱਕ ਹਾਦਸੇ ਵਿੱਚ ਇੱਕ ਔਰਤ ਦੀ ਮੌਤ ਅਤੇ 4 ਦੇ ਗੰਭੀਰ ਜਖ਼ਮੀ ਹੋਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਬਠਿੰਡਾ ਤੋਂ ਪਦਮਪੁਰ ਵੱਲ ਨੂੰ ਜਾ ਰਹੀ ਇੱਕ ਸਵਿਫਟ ਕਾਰ ਨੂੰ ਪਿੱਛੇ ਤੋਂ ਆ ਰਹੀ ਇੱਕ ਤੇਜ਼ ਰਫਤਾਰ ਸਕਾਰਪੀਓ ਨੇ ਜਬਰਦਸਤ ਟੱਕਰ ਮਾਰ ਦਿੱਤੀ, ਜਿਸ ਕਾਰਨ ਦੋਵੇਂ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ। ਹਾਦਸੇ ਤੋਂ ਬਾਅਦ ਮੌਕੇ ਤੇ ਮੌਜ਼ੂਦ ਲੋਕਾਂ ਨੇ ਗੱਡੀ ਵਿੱਚ ਸਵਾਰ ਲੋਕਾਂ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ, ਇਸ ਹਾਦਸੇ ਵਿੱਚ 4 ਲੋਕ ਜਖ਼ਮੀ ਹੋ ਗਏ ਤੇ ਇੱਕ ਔਰਤ ਦੀ ਮੌਤ ਹੋ ਗਈ। ਮੌਕੇ ਤੇ ਮੌਜ਼ੂਦ ਲੋਕਾਂ ਅਨੁਸਾਰ ਸਕਾਰਪੀਓ ਗੱਡੀ ‘ਚ ਸਵਾਰ ਲੋਕਾਂ ਨੇ ਸ਼ਰਾਬ ਪੀਤੀ ਹੋਈ ਸੀ, ਜਿਸ ਕਾਰਨ ਇਹ ਹਾਦਸਾ ਵਾਪਰਿਆ। ਇਸ ਹਾਦਸੇ ਵਿੱਚ ਇੱਕ ਅਲਟੋ ਕਾਰ ਵੀ ਲਪੇਟ ਵਿੱਚ ਆਉਣ ਕਾਰਨ ਬੁਰੀ ਤਰ੍ਹਾਂ ਨੁਕਸਾਨੀ ਗਈ। ਇਸ ਹਾਦਸੇ ਵਿੱਚ ਸਵਿਫਟ ਕਾਰ ਵਿੱਚ ਸਵਾਰ ਰਵੇਲ ਸਿੰਘ, ਰਵਿੰਦਰ ਸਿੰਘ, ਸੁਰਿੰਦਰ ਕੌਰ, ਸਕਾਰਪੀਓ ਵਿੱਚ ਸਵਾਰ ਸੁਰਮਨਦੀਪ ਸਿੰਘ ਤੇ ਕਾਲਾ ਸਿੰਘ ਅਤੇ ਆਲਟੋ ਕਾਰ ਵਿੱਚ ਸਵਾਰ ਸੁਖਪਾਲ ਸਿੰਘ ਜ਼ਖ਼ਮੀ ਹੋ ਗਏ। ਜਦਕਿ ਸਵਿਫਟ ਡਿਜ਼ਾਇਰ ਕਾਰ ਸਵਾਰ ਸੁਰਿੰਦਰ ਕੌਰ ਦੀ ਹਸਪਤਾਲ ਲਿਜਾਂਦੇ ਸਮੇਂ ਮੌਤ ਹੋ ਗਈ।  ਘਟਨਾ ਦੀ ਸੂਚਨਾ ਮਿਲਣ ’ਤੇ ਰੋਡ ਸੇਫਟੀ ਫੋਰਸ ਦੇ ਏਐਸਆਈ ਬਲਵਿੰਦਰ ਸਿੰਘ ਅਤੇ ਉਨ੍ਹਾਂ ਦੇ ਸਹਾਇਕਾਂ ਨਵਜੋਤ ਕੌਰ ਅਤੇ ਰਾਹੁਲ ਸਿਆਗ ਮੌਕੇ ’ਤੇ ਪੁੱਜੇ ਅਤੇ ਜ਼ਖ਼ਮੀਆਂ ਨੂੰ ਵੱਖ-ਵੱਖ ਐਂਬੂਲੈਂਸਾਂ ਵਿੱਚ ਸਿਵਲ ਹਸਪਤਾਲ ਗਿੱਦੜਬਾਹਾ ਪਹੁੰਚਾਇਆ ਅਤੇ ਹਾਦਸਾਗ੍ਰਸਤ ਵਾਹਨਾਂ ਨੂੰ ਸੜਕ ਤੋਂ ਹਟਾਇਆ। ਜਾਂਚ ਅਧਿਕਾਰੀ ਏਐਸਆਈ ਗੁਰਇਕਬਾਲ ਸਿੰਘ ਨੇ ਦੱਸਿਆ ਕਿ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜੋ ਤੱਥ ਸਾਹਮਣੇ ਆਉਣਗੇ ਉਸ ਅਨੁਸਾਰ ਕਾਰਵਾਈ ਕੀਤੀ ਜਾਵੇਗੀ।