- ਢੈਪਈ ਤੋਂ ਮਾਨਸਾ ਵਿਖੇ ਦਾਖਲ ਹੋਣ ਵਾਲੇ ਮਾਰਚ ਦਾ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਵਿਖੇ ਕੀਤਾ ਜਾਵੇਗਾ ਸਵਾਗਤ
ਮਾਨਸਾ, 24 ਅਗਸਤ : ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਅਤੇ ਖੇਡ ਸੱਭਿਆਚਾਰ ਪ੍ਰਫੁੱਲਤ ਕਰਨ ਲਈ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ’ਤੇ ਸ਼ੁਰੂ ਕੀਤੀਆਂ ਗਈਆਂ ’ਖੇਡਾਂ ਵਤਨ ਪੰਜਾਬ ਦੀਆਂ’ ਦੇ ਪਹਿਲੇ ਸਾਲ ਦੀ ਸਫਲਤਾਂ ਤੋਂ ਬਾਅਦ ਇਸ ਸਾਲ ਸੀਜ਼ਨ-2 ਦੀ ਸ਼ੁਰੂਆਤ ਤੋਂ ਪਹਿਲਾਂ ਇਨ੍ਹਾਂ ਖੇਡਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਪਹਿਲੀ ਵਾਰ ਸੂਬੇ ਭਰ ਵਿੱਚ ਮਸ਼ਾਲ ਮਾਰਚ ਕੀਤਾ ਜਾ ਰਿਹਾ ਹੈ। 22 ਅਗਸਤ 2023 ਤੋਂ ਜ਼ਿਲ੍ਹਾ ਲੁਧਿਆਣਾ ਤੋਂ ਸ਼ੁਰੂ ਹੋਇਆ ਇਹ ਮਾਰਚ ਵੱਖ ਵੱਖ ਜ਼ਿਲਿ੍ਹਆਂ ਵਿੱਚ ਦੀ ਹੁੰਦਾ ਹੋਇਆ 27 ਅਗਸਤ ਨੂੰ ਜ਼ਿਲ੍ਹਾ ਮਾਨਸਾ ਵਿਖੇ ਪੁੱਜੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦਿੱਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 27 ਅਗਸਤ 2023 ਨੂੰ ਮਸ਼ਾਲ ਮਾਰਚ ਪਿੰਡ ਢੈਪਈ ਤੋਂ ਜ਼ਿਲ੍ਹਾ ਮਾਨਸਾ ਵਿਚ ਦਾਖਲਾ ਹੋਵੇਗਾ ਜਿਸ ਦਾ ਮਾਨਸਾ ਦੇ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਵਿਖੇ ਭਰਵਾਂ ਸਵਾਗਤ ਕੀਤਾ ਜਾਵੇਗਾ। ਇਸ ਮੌਕੇ ਸਰਕਾਰ ਦੇ ਨੁਮਾਇੰਦੇ, ਖਿਡਾਰੀ ਅਤੇ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਰਹਿਣਗੇ। ਉਨ੍ਹਾਂ ਦੱਸਿਆ ਕਿ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-2 ਤਹਿਤ ਬਲਾਕ ਪੱਧਰੀ ਖੇਡਾਂ 01 ਸਤੰਬਰ 2023 ਤੋਂ 10 ਸਤੰਬਰ 2023 ਤੱਕ ਜ਼ਿਲ੍ਹੇ ਵਿੱਚ ਵੱਖੋ-ਵੱਖ ਥਾਂ ਕਰਵਾਈਆਂ ਜਾਣਗੀਆਂ। ਇਸ ਤੋਂ ਇਲਾਵਾ ਜ਼ਿਲ੍ਹਾ ਪੱਧਰੀ ਖੇਡਾਂ 16 ਸਤੰਬਰ ਤੋਂ 26 ਸਤੰਬਰ ਤੱਕ ਕਰਵਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇੰਨ੍ਹਾਂ ਖੇਡਾਂ ਵਿਚ ਸ਼ਾਮਿਲ ਹੋਣ ਲਈ ਖਿਡਾਰੀਆਂ ਦੀ ਰਜਿਸਟਰੇਸ਼ਨ ਆਫਲਾਈਨ ਅਤੇ ਆਨਲਾਈਨ khedanwatanpunjabdia.com ਪੋਰਟਲ ’ਤੇ ਕੀਤੀ ਜਾ ਸਕਦੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਮਸ਼ਾਲ ਮਾਰਚ ਦਾ ਮੁੱਖ ਮਕਸਦ ਲੋਕਾਂ ਨੂੰ ਖੇਡਾਂ ਪ੍ਰਤੀ ਜਾਗਰੂਕ ਕਰਨਾ ਹੈ ਤਾਂ ਜੋ ਵੱਧ ਤੋਂ ਵੱਧ ਲੋਕ, ਖਾਸਕਰ ਨੌਜਵਾਨ ਇਨ੍ਹਾਂ ਖੇਡਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ। ਖੇਡਾਂ ਨਾਲ ਜੁੜੇ ਨੌਜਵਾਨ ਜਿੱਥੇ ਨਸ਼ਿਆਂ ਅਤੇ ਹੋਰ ਭੈੜੀਆਂ ਆਦਤਾਂ ਤੋਂ ਬਚੇ ਰਹਿੰਦੇ ਹਨ ਉੱਥੇ ਆਪਣੀ ਮਿਹਨਤ ਨਾਲ ਆਪਣਾ ਅਤੇ ਦੇਸ਼ ਦਾ ਨਾਂ ਵੀ ਰੌਸ਼ਨ ਕਰ ਸਕਦੇ ਹਨ।