- ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਝੋਨਾ ਲਿਆਉਣ ਦੀ ਕੀਤੀ ਅਪੀਲ
ਫਰੀਦਕੋਟ 13 ਅਕਤੂਬਰ 2024 : ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਵਿਚ ਕੁੱਲ 11591 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿਚੋਂ 2233 ਮੀਟ੍ਰਿਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਝੋਨੇ ਦੀ ਖਰੀਦ ਪ੍ਰਕਿਰਿਆ ਦੇ ਨਾਲ-ਨਾਲ ਲਿਫਟਿੰਗ ਪ੍ਰਕਿਰਿਆ ਵਿਚ ਤੇਜੀ ਲਿਆਉਣ ਨੂੰ ਵੀ ਯਕੀਨੀ ਬਣਾਇਆ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਇੰਨ ਸੀਟੂ ਤਕਨੀਕਾਂ ਅਪਣਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਕਿਸਾਨ ਨਵੀਨਤਮ ਤਕਨੀਕਾਂ ਦੀ ਵਰਤੋਂ ਕਰਕੇ ਪਰਾਲੀ ਨੂੰ ਆਸਾਨੀ ਨਾਲ ਖੇਤਾਂ ਵਿੱਚ ਹੀ ਮਿਲਾ ਸਕਦੇ ਹਨ। ਉਨ੍ਹਾਂ ਕਿਸਾਨਾਂ ਨੂੰ 'ਉੱਨਤ ਕਿਸਾਨ' ਮੋਬਾਇਲ ਐਪ ਦੀ ਵਰਤੋਂ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਰਾਹੀਂ ਕਿਸਾਨ ਆਪਣੇ ਨੇੜੇ ਮੌਜੂਦ ਪਰਾਲੀ ਪ੍ਰਬੰਧਨ ਵਾਲੀ ਮਸ਼ੀਨਰੀ ਦੀ ਆਸਾਨੀ ਨਾਲ ਬੁਕਿੰਗ ਕਰਵਾ ਸਕਦੇ ਹਨ। ਉਨ੍ਹਾਂ ਕਿਸਾਨਾਂ ਅਪੀਲ ਕਰਦਿਆਂ ਕਿਹਾ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਉਸ ਦੀ ਖ਼ਰੀਦ ਤੁਰੰਤ ਕੀਤੀ ਜਾ ਸਕੇ। ਜ਼ਿਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ ਸ਼੍ਰੀਮਤੀ ਵੰਦਨਾ ਕੰਬੋਜ ਨੇ ਦੱਸਿਆ ਕਿ ਪਨਗ੍ਰੇਨ ਨੇ 465 ਮੀਟ੍ਰਿਕ ਟਨ,ਮਾਰਕਫੈਡ ਨੇ 686.2 ਮੀਟ੍ਰਿਕ ਟਨ, ਪਨਸਪ ਨੇ 555 ਮੀਟ੍ਰਿਕ ਟਨ, ਪੰਜਾਬ ਰਾਜ ਗੋਦਾਮ ਨਿਗਮ ਨੇ 377 ਮੀਟ੍ਰਿਕ ਟਨ ਤੋਂ ਇਲਾਵਾ ਪ੍ਰਾਈਵੇਟ ਵਪਾਰੀਆਂ ਨੇ 150 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਹੈ।