- ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਕੇਂਦਰੀ ਸਹਾਇਤਾ ਮੰਗੀ
ਪਟਿਆਲ਼ਾ, 5 ਮਾਰਚ : ਕੇਂਦਰੀ ਸਿਹਤ ਮੰਤਰੀ ਡਾ: ਮਨਸੁਖ ਮਾਂਡਵੀਆ ਅੱਜ ਪਟਿਆਲਾ ਪਹੁੰਚੇ। ਇਸ ਦੌਰਾਨ ਪੰਜਾਬ ਦੇ ਸਿਹਤ ਤੇ ਮੈਡੀਕਲ ਸਿੱਖਿਆ ਮੰਤਰੀ ਡਾ: ਬਲਬੀਰ ਸਿੰਘ ਨੇ ਉਨ੍ਹਾਂ ਦਾ ਸਵਾਗਤ ਕੀਤਾ। ਕੇਂਦਰੀ ਮੰਤਰੀ ਨਾਲ ਪੰਜਾਬ ਦੇ ਸਿਹਤ ਖੇਤਰ ਨਾਲ ਸਬੰਧਤ ਮਾਮਲਿਆਂ 'ਤੇ ਵੀ ਵਿਸਥਾਰ ਨਾਲ ਚਰਚਾ ਕੀਤੀ। ਸਿਹਤ, ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ-ਖੋਜ ਮੰਤਰੀ ਡਾ: ਬਲਬੀਰ ਸਿੰਘ ਨੇ ਕੇਂਦਰੀ ਸਿਹਤ ਮੰਤਰੀ ਨੂੰ ਪੰਜਾਬ ਦੇ ਸਿਹਤ ਖੇਤਰ ਸਬੰਧੀ ਇੱਕ ਵਿਸਥਾਰਤ ਮੰਗ ਪੱਤਰ ਸੌਂਪਿਆ। ਕੇਂਦਰੀ ਮੰਤਰੀ ਨੂੰ ਇਹ ਵੀ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਸਿਹਤ ਸੇਵਾਵਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ ਯਤਨਸ਼ੀਲ ਹੈ। ਡਾ: ਬਲਬੀਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਇਸ ਸਬੰਧੀ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਵੀ ਇਸ ਗੱਲ ਦੀ ਹਾਮੀ ਭਰੀ ਹੈ।ਡਾ: ਬਲਬੀਰ ਸਿੰਘ ਨੇ ਆਮ ਆਦਮੀ ਕਲੀਨਿਕਾਂ ਬਾਰੇ ਦੱਸਿਆ ਅਤੇ ਰਾਜ ਦੇ ਹਸਪਤਾਲਾਂ ਵਿੱਚ ਕ੍ਰਿਟੀਕਲ ਕੇਅਰ ਬਲਾਕ ਅਤੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਸਿਹਤ ਸੇਵਾਵਾਂ ਆਦਿ ਮੁਹੱਈਆ ਕਰਵਾਉਣ ਲਈ ਕੇਂਦਰੀ ਸਹਾਇਤਾ ਦੀ ਮੰਗ ਵੀ ਕੀਤੀ। ਕੇਂਦਰੀ ਸਿਹਤ ਮੰਤਰੀ ਨੇ ਇਨ੍ਹਾਂ ਸਾਰੀਆਂ ਮੰਗਾਂ ਸਬੰਧੀ ਜਲਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ। ਦੋਵਾਂ ਸਿਹਤ ਮੰਤਰੀਆਂ ਵਿਚਾਲੇ ਹੋਈ ਇਸ ਗੱਲਬਾਤ ਦੌਰਾਨ ਪਟਿਆਲਾ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੀ ਮੌਜੂਦ ਸਨ।