ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਬਡਾਲੀ ਆਲਾ ਸਿੰਘ ਦਾ ਦੌਰਾ

  • ਸਕੂਲ ਦੇ ਖੇਡ ਮੈਦਾਨ ਵਿੱਚ ਖੜਦੇ ਬਰਸਾਤੀ ਪਾਣੀ ਸਬੰਧੀ ਛੇਤੀ ਕੀਤਾ ਜਾਵੇਗਾ ਹੱਲ 

ਫ਼ਤਹਿਗੜ੍ਹ ਸਾਹਿਬ, 12 ਫਰਵਰੀ : ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਸਰਕਾਰੀ ਪ੍ਰਾਇਮਰੀ ਸਕੂਲ ਬਡਾਲੀ ਆਲਾ ਸਿੰਘ ਦਾ ਦੌਰਾ ਕੀਤਾ ਅਤੇ ਬੱਚਿਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਇਸ ਮੌਕੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਲਗਾਤਰ ਸੁਧਾਰ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੋਈ ਸਮਾਂ ਸੀ ਜਦੋਂ ਆਮ ਵਿਅਕਤੀ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਾਉਣ ਨੂੰ ਹੀ ਤਰਜ਼ੀਹ ਦਿੰਦੇ ਸਨ ਪ੍ਰੰਤੂ ਮੌਜੂਦਾ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕੀਤੇ ਗਏ ਇਤਿਹਾਸਕ ਉਪਰਾਲਿਆਂ ਸਦਕਾ ਅੱਜ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਦਾਖਲੇ ਦੀ ਗਿਣਤੀ ਵਿੱਚ ਵੱਡਾ ਇਜ਼ਾਫਾ ਹੋਇਆ ਹੈ। ਡਿਪਟੀ ਕਮਿਸ਼ਨਰ ਨੇ ਸਕੂਲ ਦੇ ਅਧਿਆਪਕਾਂ ਨੂੰ ਕਿਹਾ ਕਿ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਭਵਿੱਖ ਨੂੰ ਰੌਸ਼ਨ ਬਣਾਉਣ ਲਈ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ ਦਿੱਤਾ ਜਾਵੇ ਤਾਂ ਜੋ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਵੀ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਵੱਡੀਆਂ ਮੱਲ੍ਹਾਂ ਮਾਰ ਕੇ ਆਪਣੇ ਸੂਬੇ ਤੇ ਸਕੂਲ ਦਾ ਨਾਮ ਰੌਸ਼ਨ ਕਰ ਸਕਣ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਕੂਲ ਦੇ ਖੇਡ ਮੈਦਾਨ ਵਿੱਚ ਬਰਸਾਤੀ ਪਾਣੀ ਖੜਨ ਦਾ ਮਾਮਲਾ ਉਹਨਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਸੀ, ਇਸ ਸਬੰਧੀ ਲੋਕ ਨਿਰਮਾਣ ਵਿਭਾਗ ਵੱਲੋਂ ਛੇਤੀ ਹੀ ਐਸਟੀਮੇਟ ਲਗਵਾ ਕੇ ਇਸ ਦਾ ਹੱਲ ਕੀਤਾ ਜਾਵੇਗਾ।