‘ਯੁੱਧ ਨਸ਼ਿਆਂ ਵਿਰੁੱਧ’, ਪਿੰਡ ਵਾਸੀਆਂ ਵੱਲੋਂ ਨਸ਼ਿਆਂ ਵਿਰੁੱਧ ਮਿਲਿਆ ਭਰਵਾਂ ਹੁੰਗਾਰਾ

  • ਕਈ ਪਿੰਡਾਂ ਦੀਆਂ ਪੰਚਾਇਤਾਂ ਅਤੇ ਮੋਹਤਬਰਾਂ ਨੇ ਲਿਆ ਨਸ਼ੇ ਖਾਤਮੇ ਦਾ ਅਹਿਦ
  • ਐਸ.ਐਸ.ਪੀ. ਡਾ. ਅਖਿਲ ਚੌਧਰੀ ਹੋਏ ਲੋਕਾਂ ਦੇ ਮੁਖਾਤਿਬ

ਸ੍ਰੀ ਮੁਕਤਸਰ ਸਾਹਿਬ, 07 ਮਾਰਚ 2025 : ਅੱਜ ਪਿੰਡ ਭਲਾਈਆਣਾ ਵਿਖੇ ਚਾਂਦ ਪੈਲੇਸ ਦੇ ਵਿੱਚ ਜ਼ਿਲ੍ਹਾ ਪੁਲਿਸ ਦੇ ਸੱਦੇ ’ਤੇ ਆਸ ਪਾਸ ਦੇ ਕਈ ਪਿੰਡਾਂ ਦੇ ਪੰਚਾਂ, ਸਰਪੰਚਾਂ ਅਤੇ ਮੋਹਤਬਰਾਂ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਆਪਣਾ ਯੋਗਦਾਨ ਪਾਉਣ ਦਾ ਅਹਿਦ ਲੈਂਦਿਆਂ ਇਸ ਸਮਾਜਿਕ ਦੂਸ਼ਨ (ਨਸ਼ੇ) ਨੂੰ ਜੜ੍ਹੋਂ ਖਤਮ ਕਰਨ ਦਾ ਪ੍ਰਣ ਲਿਆ ਗਿਆ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਡਾ. ਅਖਿਲ ਚੌਧਰੀ ਨੇ ਪਹੁੰਚੇ ਹੋਏ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੁਲਿਸ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਉਹ 24 ਘੰਟੇ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕੋਲ ਨਸ਼ਿਆਂ ਦੀ ਵਿਕਰੀ ਜਾਂ ਗੈਰ ਕਾਨੂੰਨੀ ਗਤੀਵਿਧੀਆਂ ਬਾਰੇ ਜਾਣਕਾਰੀ ਹੋਵੇ ਤਾਂ ਉਹ ਇਸ ਨੂੰ ਬਿਨ੍ਹਾਂ ਕਿਸੇ ਡਰ ਭੈਅ ਤੋਂ ਸ੍ਰੀ ਮੁਕਤਸਰ ਸਾਹਿਬ ਪੁਲਿਸ ਹੈਲਪ ਲਾਇਨ ਨੰਬਰ 80549-42100 ਅਤੇ ਪੰਜਾਬ ਪੁਲਿਸ ਚੰਡੀਗੜ ਦੇ ਹੈਲਪਲਾਇਨ ਨੰਬਰ 97791-00200 ’ਤੇ ਸਾਂਝੀ ਕਰ ਸਕਦਾ ਹੈ ਅਤੇ ਜਾਣਕਾਰੀ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਨਸ਼ੇ ਦੇ ਖਾਤਮੇ ਸਬੰਧੀ ਜ਼ਿਲ੍ਹਾ ਪੁਲਿਸ ਪੂਰੀ ਤਰ੍ਹਾਂ ਤਤਪਰ ਹੈ। ਲੋਕਾਂ ਦੀ ਜਾਨ ਮਾਲ ਦੀ ਰਾਖੀ ਕਰਨਾ ਸਾਡੀ ਡਿਉਟੀ ਹੈ ਅਤੇ ਅਸੀਂ ਇਸਨੂੰ ਤਨ ਮਨ ਨਾਲ ਨਿਭਾਵਾਂਗੇ। ਐਸ.ਐਸ.ਪੀ ਨੇ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਜ਼ਿਲੇ ਅੰਦਰ ਪੁਲਿਸ ਵੱਲੋਂ ਲੋਕਾਂ ਨਾਲ ਰੂਬਰੂ ਹੋਣ ਲਈ ਪਿੰਡਾਂ ਅਤੇ ਸ਼ਹਿਰਾਂ ਵਿੱਚ ਵੱਧ ਤੋਂ ਵੱਧ ਮੀਟਿੰਗਾਂ ਸ਼ੁਰੂ ਕੀਤੀਆਂ ਗਈਆਂ ਹਨ ਅਤੇ ਇਹਨਾਂ ਮੀਟਿੰਗ ਦੌਰਾਨ ਜੋ ਲੋਕ ਨਸ਼ਿਆਂ ਅਤੇ ਸ਼ਰਾਰਤੀ ਅਨਸਰਾਂ ਬਾਰੇ ਜਾਣਕਾਰੀ ਥਾਣਿਆਂ ਦੇ ਅੰਦਰ ਜਾ ਕੇ ਦੱਸ ਨਹੀਂ ਸਕਦੇ ਅਸੀਂ ਉਹਨਾਂ ਨਾਲ ਰੂਬਰੂ ਹੋ ਕੇ ਉਹਨਾਂ ਨਾਲ ਗੱਲ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਅਤੇ ਸਮੱਸਿਆਵਾਂ ਸੁਣ ਕੇ ਨਿਪਟਾਰਾ ਕੀਤਾ ਜਾ ਰਿਹਾ ਹੈ। ਇਸ ਮੌਕੇ ਐਸ.ਪੀ. (ਐਚ) ਸ੍ਰੀ ਕੰਵਲਪ੍ਰੀਤ ਸਿੰਘ ਚਾਹਲ, ਡੀ.ਐਸ.ਪੀ. ਸ੍ਰੀ ਅਵਤਾਰ ਸਿੰਘ ਰਾਜਪਾਲ ਤੋਂ ਇਲਾਵਾ ਪੁਲਿਸ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।