- ਆਪ' ਸਭ ਤੋਂ ਤੇਜ਼ੀ ਨਾਲ ਵਧ ਰਹੀ ਸਿਆਸੀ ਪਾਰਟੀ ਹੈ, ਭਾਜਪਾ ਸਾਨੂੰ ਰੋਕਣਾ ਚਾਹੁੰਦੀ ਹੈ: ਭਗਵੰਤ ਮਾਨ
- ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਨੇ ਮੱਧ ਪ੍ਰਦੇਸ਼ ਦੇ ਸਿੰਗਰੌਲੀ 'ਚ ਕੀਤਾ ਰੋਡ ਸ਼ੋਅ,'ਆਪ' ਉਮੀਦਵਾਰਾਂ ਲਈ ਕੀਤਾ ਚੌਣ ਪ੍ਰਚਾਰ
- ਦਿੱਲੀ ਅਤੇ ਪੰਜਾਬ ਦੀ ਤਰ੍ਹਾਂ ਐਮਪੀ ਵਿਚ ਇਮਾਨਦਾਰ ਸਰਕਾਰ ਚੁਣੋ, ਤੁਹਾਨੂੰ ਮਿਲੇਗੀ ਮੁਫਤ ਬਿਜਲੀ, ਸਿੱਖਿਆ ਅਤੇ ਸਿਹਤ ਸਹੂਲਤਾਂ: ਭਗਵੰਤ ਮਾਨ
ਮੱਧ ਪ੍ਰਦੇਸ਼, 2 ਨਵੰਬਰ: ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਮੱਧ ਪ੍ਰਦੇਸ਼ ਦੇ ਸਿੰਗਰੌਲੀ ਜ਼ਿਲ੍ਹੇ ਵਿੱਚ ਰੋਡ ਸ਼ੋਅ ਕੀਤਾ ਅਤੇ ਮੱਧ ਪ੍ਰਦੇਸ਼ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਲਈ ‘ਆਪ’ ਉਮੀਦਵਾਰਾਂ ਲਈ ਚੋਣ ਪ੍ਰਚਾਰ ਕੀਤਾ। ਰੋਡ ਸ਼ੋਅ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਮੱਧ ਪ੍ਰਦੇਸ਼ ਦੇ ਲੋਕਾਂ ਨੂੰ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਇਮਾਨਦਾਰ ਸਰਕਾਰ ਚੁਣਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਦਿੱਲੀ ਅਤੇ ਪੰਜਾਬ ਵਾਂਗ 'ਆਪ' ਦੀ ਸਰਕਾਰ ਚੁਣੋ ਅਤੇ ਤੁਹਾਨੂੰ ਮੁਫਤ ਬਿਜਲੀ, ਸਿੱਖਿਆ ਅਤੇ ਸਿਹਤ ਸਹੂਲਤਾਂ ਮਿਲਣਗੀਆਂ। ਮਾਨ ਨੇ ਕਿਹਾ ਕਿ ਅੱਜ ਪੰਜਾਬ ਦੇ 90% ਘਰਾਂ ਨੂੰ ਜ਼ੀਰੋ ਬਿਜਲੀ ਦਾ ਬਿੱਲ ਆਉਂਦਾ ਹੈ। ਐਮਪੀ ਕੋਲ ਕੋਲੇ ਅਤੇ ਬਿਜਲੀ ਦੇ ਪਲਾਂਟ ਹਨ ਪਰ ਫਿਰ ਵੀ ਇੱਥੋਂ ਦੇ ਲੋਕਾਂ ਨੂੰ ਬਿਜਲੀ ਨਹੀਂ ਮਿਲ ਰਹੀ ਪਰ ਸੂਬੇ ਵਿੱਚ 'ਆਪ' ਦੀ ਸਰਕਾਰ ਬਣਨ ਨਾਲ ਇਹ ਬਦਲ ਜਾਵੇਗਾ। ਮਾਨ ਨੇ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਅੱਜ ਦੇਸ਼ ਦੀ ਸਭ ਤੋਂ ਤੇਜ਼ੀ ਨਾਲ ਵਿਕਾਸ ਕਰਨ ਵਾਲੀ ਅਤੇ ਹਰਮਨਪਿਆਰੀ ਪਾਰਟੀ ਹੈ। ਇਸ ਨਾਲ ਵਿਰੋਧੀ ਪਾਰਟੀਆਂ ਬੇਚੈਨ ਹਨ, ਇਸੇ ਲਈ ਉਹ ਅਰਵਿੰਦ ਕੇਜਰੀਵਾਲ ਨੂੰ ਰੋਕਣਾ ਚਾਹੁੰਦੇ ਹਨ, ਉਹ ਸਾਨੂੰ ਰੋਕਣਾ ਚਾਹੁੰਦੇ ਹਨ, ਉਹ ਚਾਹੁੰਦੇ ਹਨ ਕਿ ਅਸੀਂ ਜਨਤਾ ਦੀ ਭਲਾਈ ਲਈ ਕੰਮ ਕਰਨਾ ਬੰਦ ਕਰ ਦੇਈਏ, ਪਰ ਉਹ ਸਾਨੂੰ ਰੋਕ ਨਹੀਂ ਸਕਣਗੇ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਇੱਕ ਸੋਚ, ਕ੍ਰਾਂਤੀ ਹੈ, ਜਿਸ ਨੂੰ ਉਹ ਰੋਕ ਨਹੀਂ ਸਕਣਗੇ। ਮਾਨ ਨੇ ਕਿਹਾ ਕਿ ਉਨ੍ਹਾਂ ਨੇ ਸੰਜੇ ਸਿੰਘ ਨੂੰ ਇਸ ਲਈ ਗ੍ਰਿਫਤਾਰ ਕੀਤਾ ਕਿਉਂਕਿ ਉਨਾ ਨੇ ਅਡਾਨੀ ਅਤੇ ਮੋਦੀ ਸਰਕਾਰ ਖਿਲਾਫ ਆਵਾਜ਼ ਉਠਾਈ ਸੀ। ਉਨ੍ਹਾਂ ਨੇ ਦਿੱਲੀ ਵਿੱਚ ਸਿਹਤ ਅਤੇ ਸਿੱਖਿਆ ਕ੍ਰਾਂਤੀ ਲਿਆਉਣ ਵਾਲੇ ਸਤੇਂਦਰ ਜੈਨ ਅਤੇ ਮਨੀਸ਼ ਸਿਸੋਦੀਆ ਨੂੰ ਗ੍ਰਿਫਤਾਰ ਕੀਤਾ। ਇੱਥੇ ਮੱਧ ਪ੍ਰਦੇਸ਼ ਵਿੱਚ ਉਨ੍ਹਾਂ ਦੀ ਸਰਕਾਰ ਹੈ ਪਰ ਆਮ ਲੋਕਾਂ ਲਈ ਕੁਝ ਨਹੀਂ ਕੀਤਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਾਡੇ ਦੇਸ਼ ਅਤੇ ਸਾਡੇ ਸੰਵਿਧਾਨ ਨੂੰ ਬਚਾਉਣ ਲਈ 'ਆਪ' ਨੂੰ ਵੋਟ ਦੇਣ। ਭਗਵੰਤ ਮਾਨ ਨੇ ਕਿਹਾ ਕਿ ਭਾਜਪਾ ਭਾਰਤੀ ਜੁਮਲਾ ਪਾਰਟੀ ਹੈ। ਉਹ ਮੁਫਤ ਅਤੇ ਮਿਆਰੀ ਸਿੱਖਿਆ ਅਤੇ ਸਿਹਤ ਸਹੂਲਤਾਂ ਨੂੰ 'ਰੇਵੜੀ' ਕਹਿੰਦੇ ਹਨ ਪਰ ਲੋਕਾਂ ਨੂੰ '15 ਲੱਖ ਦਾ ਪਾਪੜ' ਵੀ ਨਹੀਂ ਮਿਲਿਆ। ਭਾਜਪਾ 'ਤੇ ਹਮਲਾ ਕਰਦਿਆਂ ਮਾਨ ਨੇ ਕਿਹਾ ਕਿ ਉਹ ਧਰਮ, ਨਫ਼ਰਤ ਅਤੇ ਧਰੁਵੀਕਰਨ ਦੀ ਰਾਜਨੀਤੀ ਕਰਦੇ ਹਨ। ਉਹ ਸਾਨੂੰ ਵੰਡਣਾ ਚਾਹੁੰਦੇ ਹਨ। ਪਰ ਭਾਰਤ 140 ਕਰੋੜ ਲੋਕਾਂ ਦਾ ਦੇਸ਼ ਹੈ। ਇੱਥੇ ਨਫ਼ਰਤ ਅਤੇ ਧਰੁਵੀਕਰਨ ਦੀ ਸਿਆਸੀ ਜਿੱਤ ਨਹੀਂ ਹੋਵੇਗੀ।