- CAA ਨੂੰ ਲਾਗੂ ਕਰਨ ਤੋਂ ਕੋਈ ਨਹੀਂ ਰੋਕ ਸਕਦਾ, ਕਿਉਂਕਿ ਇਹ ਦੇਸ਼ ਦਾ ਕਾਨੂੰਨ ਹੈ : ਕੇਂਦਰੀ ਗ੍ਰਹਿ ਮੰਤਰੀ ਸ਼ਾਹ
ਨਵੀਂ ਦਿੱਲੀ, 11 ਮਾਰਚ : ਨਾਗਰਿਕਤਾ ਸੋਧ ਕਾਨੂੰਨ (CAA) ਨਿਯਮਾਂ ਦਾ ਨੋਟੀਫਿਕੇਸ਼ਨ ਅੱਜ ਸੋਮਵਾਰ ਨੂੰ ਜਾਰੀ ਕੀਤਾ ਗਿਆ ਹੈ। ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਸੋਮਵਾਰ ਸ਼ਾਮ 6 ਵਜੇ CAA ਦੇ ਨਿਯਮਾਂ ਬਾਰੇ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਲੋਕ ਸਭਾ ਚੋਣਾਂ ਦੇ ਐਲਾਨ ਤੋਂ ਪਹਿਲਾਂ ਨਾਗਰਿਕਤਾ ਸੋਧ ਕਾਨੂੰਨ (CAA) ਨਿਯਮਾਂ ਦਾ ਨੋਟੀਫਿਕੇਸ਼ਨ ਜਾਰੀ ਕਰਨਾ ਕੇਂਦਰ ਸਰਕਾਰ ਦਾ ਵੱਡਾ ਫੈਸਲਾ ਹੈ। ਤੁਹਾਨੂੰ ਦੱਸ ਦੇਈਏ ਕਿ ਆਉਣ ਵਾਲੇ ਕੁਝ ਦਿਨਾਂ 'ਚ ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਹੋ ਸਕਦਾ ਹੈ। ਅਜਿਹੇ ਵਿੱਚ ਕੇਂਦਰ ਸਰਕਾਰ ਵੱਲੋਂ ਦੇਸ਼ ਵਿੱਚ ਨਾਗਰਿਕਤਾ ਸੋਧ ਕਾਨੂੰਨ ਲਈ ਨੋਟੀਫਿਕੇਸ਼ਨ ਜਾਰੀ ਕਰਨਾ ਇੱਕ ਮਾਸਟਰ ਸਟ੍ਰੋਕ ਹੈ। ਨੋਟੀਫਿਕੇਸ਼ਨ ਜਾਰੀ ਹੋਣ ਤੋਂ ਬਾਅਦ ਦੇਸ਼ ਵਿੱਚ ਨਾਗਰਿਕਤਾ ਸੋਧ ਕਾਨੂੰਨ ਭਾਵ CAA ਲਾਗੂ ਹੋ ਗਿਆ ਹੈ। ਸੀਏਏ ਦਸੰਬਰ 2019 ਵਿੱਚ ਪਾਸ ਕੀਤਾ ਗਿਆ ਸੀ ਅਤੇ ਬਾਅਦ ਵਿੱਚ ਰਾਸ਼ਟਰਪਤੀ ਦੀ ਮਨਜ਼ੂਰੀ ਮਿਲ ਗਈ ਸੀ ਪਰ ਦੇਸ਼ ਦੇ ਕਈ ਹਿੱਸਿਆਂ ਵਿੱਚ ਇਸਦੇ ਵਿਰੁੱਧ ਵਿਰੋਧ ਪ੍ਰਦਰਸ਼ਨ ਹੋਏ ਸਨ। ਇਹ ਕਾਨੂੰਨ ਅਜੇ ਲਾਗੂ ਨਹੀਂ ਹੋਇਆ ਹੈ ਕਿਉਂਕਿ ਇਸ ਨੂੰ ਲਾਗੂ ਕਰਨ ਲਈ ਨਿਯਮ ਅਜੇ ਨੋਟੀਫਾਈ ਕੀਤੇ ਜਾਣੇ ਹਨ। CAA ਨਿਯਮਾਂ ਦੇ ਜਾਰੀ ਹੋਣ ਤੋਂ ਬਾਅਦ, 31 ਦਸੰਬਰ 2014 ਤੱਕ ਬੰਗਲਾਦੇਸ਼, ਪਾਕਿਸਤਾਨ ਅਤੇ ਅਫਗਾਨਿਸਤਾਨ ਤੋਂ ਭਾਰਤ ਆਏ ਲੋਕਾਂ ਨੂੰ ਹੀ ਕੇਂਦਰ ਸਰਕਾਰ ਦੁਆਰਾ ਭਾਰਤੀ ਨਾਗਰਿਕਤਾ ਦਿੱਤੀ ਜਾਵੇਗੀ। ਸੀਏਏ ਵਿੱਚ ਛੇ ਗੈਰ-ਮੁਸਲਿਮ ਭਾਈਚਾਰੇ, ਹਿੰਦੂ, ਸਿੱਖ, ਈਸਾਈ, ਜੈਨ, ਬੋਧੀ ਅਤੇ ਪਾਰਸੀ ਸ਼ਾਮਲ ਹਨ। ਉਨ੍ਹਾਂ ਨੂੰ ਭਾਰਤੀ ਨਾਗਰਿਕਤਾ ਤਾਂ ਹੀ ਮਿਲ ਸਕਦੀ ਹੈ ਜੇਕਰ ਉਨ੍ਹਾਂ ਨੇ 31 ਦਸੰਬਰ 2014 ਨੂੰ ਜਾਂ ਇਸ ਤੋਂ ਪਹਿਲਾਂ ਭਾਰਤ ਵਿੱਚ ਸ਼ਰਨ ਲਈ ਹੋਵੇ। ਹਾਲ ਹੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਸੀ ਕਿ CAA ਨੂੰ ਲਾਗੂ ਕਰਨ ਤੋਂ ਕੋਈ ਨਹੀਂ ਰੋਕ ਸਕਦਾ, ਕਿਉਂਕਿ ਇਹ ਦੇਸ਼ ਦਾ ਕਾਨੂੰਨ ਹੈ। ਇਸ ਦੇ ਨਾਲ ਹੀ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕੇਂਦਰ 'ਤੇ ਇਸ ਸਬੰਧੀ ਲੋਕਾਂ ਨੂੰ ਗੁੰਮਰਾਹ ਕਰਨ ਦਾ ਦੋਸ਼ ਲਾਇਆ ਸੀ। ਕੇਂਦਰ ਵੱਲੋਂ ਅੱਜ ਸੀਏਏ ਨਿਯਮਾਂ ਬਾਰੇ ਨੋਟੀਫਿਕੇਸ਼ਨ ਜਾਰੀ ਕਰਨ ਦੀ ਸੰਭਾਵਨਾ ਬਾਰੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ਪਹਿਲਾਂ ਮੈਨੂੰ ਨਿਯਮ ਦੇਖਣ ਦਿਓ। ਨੋਟੀਫਿਕੇਸ਼ਨ ਅਜੇ ਜਾਰੀ ਨਹੀਂ ਹੋਇਆ ਹੈ। ਜੇਕਰ ਲੋਕਾਂ ਨੂੰ ਨਿਯਮਾਂ ਤਹਿਤ ਉਨ੍ਹਾਂ ਦੇ ਅਧਿਕਾਰਾਂ ਤੋਂ ਵਾਂਝਾ ਰੱਖਿਆ ਗਿਆ ਤਾਂ ਅਸੀਂ ਇਸ ਵਿਰੁੱਧ ਸੰਘਰਸ਼ ਕਰਾਂਗੇ। ਇਹ ਭਾਜਪਾ ਦੀ ਚੋਣ ਮੁਹਿੰਮ ਹੈ ਹੋਰ ਕੁਝ ਨਹੀਂ।