ਨਵੀਂ ਦਿੱਲੀ, 8 ਅਪ੍ਰੈਲ : ਕੇਂਦਰ ਸਰਕਾਰ ਨਾਗਰਿਕਤਾ ਸੋਧ ਕਾਨੂੰਨ (CAA) ‘ਤੇ ਅੱਜ ਸੁਪਰੀਮ ਕੋਰਟ ‘ਚ ਹਲਫਨਾਮਾ ਦਾਇਰ ਕਰੇਗੀ। ਦੱਸਣਯੋਗ ਹੈ ਕਿ 19 ਮਾਰਚ ਨੂੰ ਸੁਣਵਾਈ ਦੌਰਾਨ ਅਦਾਲਤ ਨੇ ਕੇਂਦਰ ਸਰਕਾਰ ਨੂੰ 3 ਹਫ਼ਤਿਆਂ ਅੰਦਰ ਜਵਾਬ ਦਾਖ਼ਲ ਕਰਨ ਦਾ ਹੁਕਮ ਦਿੱਤਾ ਸੀ। ਬੈਂਚ ਨੇ ਕਿਹਾ ਸੀ ਕਿ ਕੇਂਦਰ ਸਰਕਾਰ 8 ਅਪ੍ਰੈਲ ਤੱਕ ਹਲਫਨਾਮਾ ਦਾਇਰ ਕਰੇ। ਇਸ ‘ਤੇ 9 ਅਪ੍ਰੈਲ ਨੂੰ ਸੁਣਵਾਈ ਹੋਣੀ ਹੈ। ਗੌਰਤਲਬ ਹੈ ਕਿ ਕੇਂਦਰ ਨੇ 11 ਮਾਰਚ ਨੂੰ CAA ਲਾਗੂ ਕਰਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਸੀ। ਇਸ ਨਾਲ ਪਾਕਿਸਤਾਨ, ਬੰਗਲਾਦੇਸ਼ ਅਤੇ ਅਫਗਾਨਿਸਤਾਨ ਦੇ ਸ਼ਰਨਾਰਥੀਆਂ ਨੂੰ ਨਾਗਰਿਕਤਾ ਮਿਲੇਗੀ। ਇੰਡੀਅਨ ਯੂਨੀਅਨ ਮੁਸਲਿਮ ਲੀਗ, ਅਸਾਮ ਕਾਂਗਰਸ ਦੇ ਨੇਤਾ ਦੇਬਾਬਰਤਾ ਸੈਕੀਆ, ਅਸਾਮ ਜਾਤੀਵਾਦੀ ਯੁਵਾ ਵਿਦਿਆਰਥੀ ਪ੍ਰੀਸ਼ਦ, ਡੈਮੋਕ੍ਰੇਟਿਕ ਯੂਥ ਫੈਡਰੇਸ਼ਨ ਆਫ ਇੰਡੀਆ ਅਤੇ ਸੋਸ਼ਲ ਡੈਮੋਕ੍ਰੇਟਿਕ ਪਾਰਟੀ ਆਫ ਇੰਡੀਆ ਵੱਲੋਂ ਇਸ ਵਿਰੁੱਧ ਪਟੀਸ਼ਨ ਦਾਇਰ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ CAA ਖਿਲਾਫ 237 ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਹਨ। ਇਨ੍ਹਾਂ ‘ਚੋਂ 20 ਪਟੀਸ਼ਨਾਂ ‘ਚ ਕਾਨੂੰਨ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਗਈ ਹੈ। ਸੁਪਰੀਮ ਕੋਰਟ ਦੀ ਤਿੰਨ ਮੈਂਬਰੀ ਬੈਂਚ ਇਸ ਮਾਮਲੇ ਦੀ ਸੁਣਵਾਈ ਕਰ ਰਹੀ ਹੈ। ਇਸ ਵਿੱਚ ਸੀਜੇਆਈ ਡੀਵਾਈ ਚੰਦਰਚੂੜ, ਜਸਟਿਸ ਜੇਬੀ ਪਾਰਦੀਵਾਲਾ ਅਤੇ ਜਸਟਿਸ ਮਨੋਜ ਮਿਸ਼ਰਾ ਸ਼ਾਮਲ ਹਨ।