ਨਵੀਂ ਦਿੱਲੀ, 05 ਜਨਵਰੀ : ਭਾਰਤ ਸਰਕਾਰ ਦੇ ਦੂਰਸੰਚਾਰ ਵਿਭਾਗ (DoT), ਨੇ ਭਾਰਤ ਵਿੱਚ ਰਹਿਣ ਵਾਲੇ ਨਾਗਰਿਕਾਂ ਨੂੰ ਅੰਤਰਰਾਸ਼ਟਰੀ ਨੰਬਰਾਂ ਤੋਂ ਆਉਣ ਵਾਲੀਆਂ ਜਾਅਲੀ ਕਾਲਾਂ ਤੋਂ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਹੈ। ਇਹ ਕਾਲਾਂ ਭਾਰਤ ਦੇ ਸਟਾਕ ਐਕਸਚੇਂਜ ਅਤੇ ਵਪਾਰ ਵਿੱਚ ਵਿਘਨ ਪੈਦਾ ਕਰਨ ਦਾ ਦਾਅਵਾ ਕਰਦੀਆਂ ਹਨ। ਦੂਰਸੰਚਾਰ ਵਿਭਾਗ ਨੇ ਇੱਕ ਪ੍ਰੈਸ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਅਜਿਹੀਆਂ ਫਰਜ਼ੀ ਕਾਲਾਂ ਦੇਸ਼ ਵਿਰੋਧੀ ਅਨਸਰਾਂ ਵੱਲੋਂ ਕੀਤੀਆਂ ਜਾਂਦੀਆਂ ਹਨ, ਜਿਨ੍ਹਾਂ ਦਾ ਉਦੇਸ਼ ਦਹਿਸ਼ਤ ਪੈਦਾ ਕਰਨਾ ਹੈ। ਦੇਸ਼ ਦੇ ਸਾਰੇ ਨਾਗਰਿਕਾਂ ਨੂੰ ਸਲਾਹ ਦੇਣ ਦੇ ਨਾਲ, ਭਾਰਤ ਸਰਕਾਰ ਦੇ ਦੂਰਸੰਚਾਰ ਵਿਭਾਗ ਨੇ ਦੇਸ਼ ਦੇ ਸਾਰੇ ਟੈਲੀਕਾਮ ਸੇਵਾ ਪ੍ਰਦਾਤਾਵਾਂ ਨੂੰ ਅਜਿਹੇ ਨੰਬਰਾਂ ਤੋਂ ਆਉਣ ਵਾਲੀਆਂ ਜਾਅਲੀ ਕਾਲਾਂ ਨੂੰ ਰੋਕਣ ਦੇ ਨਿਰਦੇਸ਼ ਵੀ ਦਿੱਤੇ ਹਨ। ਇਸ ਤੋਂ ਇਲਾਵਾ, ਦੂਰਸੰਚਾਰ ਵਿਭਾਗ ਨੇ ਦੇਸ਼ ਦੇ ਸਾਰੇ ਦੂਰਸੰਚਾਰ ਉਪਭੋਗਤਾਵਾਂ ਨੂੰ ਸਲਾਹ ਦਿੱਤੀ ਹੈ ਕਿ ਜੇਕਰ ਉਨ੍ਹਾਂ ਨੂੰ ਅੰਤਰਰਾਸ਼ਟਰੀ ਨੰਬਰਾਂ ਤੋਂ ਅਜਿਹੀ ਕੋਈ ਕਾਲ ਆਉਂਦੀ ਹੈ, ਤਾਂ ਉਹ help-sancharsathi@gov.in ‘ਤੇ DoT ਜਾਂ ਆਪਣੇ ਟੈਲੀਕਾਮ ਸੇਵਾ ਆਪਰੇਟਰ ਨੂੰ ਸੂਚਿਤ ਕਰ ਸਕਦੇ ਹਨ। ਭਾਰਤ ਸਰਕਾਰ ਦੇ ਸੰਚਾਰ ਮੰਤਰਾਲੇ ਦੇ ਅਧੀਨ ਦੂਰਸੰਚਾਰ ਵਿਭਾਗ ਨੇ ਇਸ ਸਬੰਧ ਵਿੱਚ ਇੱਕ ਪ੍ਰੈਸ ਬਿਆਨ ਜਾਰੀ ਕੀਤਾ ਹੈ, ਜਿਸ ਵਿੱਚ ਨਾਗਰਿਕਾਂ ਲਈ ਇੱਕ ਸੰਦੇਸ਼ ਲਿਖਿਆ ਗਿਆ ਹੈ। ਇਸ ਵਿੱਚ ਲਿਖਿਆ ਗਿਆ ਹੈ ਕਿ, ਭਾਰਤੀ ਸਟਾਕ ਐਕਸਚੇਂਜ ਬਾਰੇ ਗਲਤ ਜਾਣਕਾਰੀ ਫੈਲਾਉਣ ਲਈ ਅੰਤਰਰਾਸ਼ਟਰੀ ਨੰਬਰਾਂ ਤੋਂ ਆਉਣ ਵਾਲੀਆਂ ਜਾਅਲੀ ਕਾਲਾਂ ਤੋਂ ਸਾਵਧਾਨ ਰਹੋ।