ਦਾਰਜੀਲਿੰਗ, 17 ਜੂਨ 2024 : ਪੱਛਮੀ ਬੰਗਾਲ ਦੇ ਦਾਰਜੀਲਿੰਗ ਜ਼ਿਲੇ 'ਚ ਅੱਜ ਸੋਮਵਾਰ ਸਵੇਰੇ ਕਰੀਬ 9 ਵਜੇ ਇਕ ਮਾਲ ਗੱਡੀ ਨੇ ਕੰਚਨਜੰਗਾ ਐਕਸਪ੍ਰੈੱਸ ਟਰੇਨ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਤਿੰਨ ਡੱਬੇ ਪਟੜੀ ਤੋਂ ਉਤਰ ਗਏ। ਟਰੇਨ ਸਿਆਲਦਾਹ ਜਾ ਰਹੀ ਸੀ। ਟਰੇਨ ਦੀਆਂ ਤਿੰਨ ਬੋਗੀਆਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ ਹਨ। ਹਾਦਸੇ ਤੋਂ ਬਾਅਦ ਦੋ ਬੋਗੀਆਂ ਇੱਕ ਦੂਜੇ ਦੇ ਉੱਪਰ ਚੜ੍ਹ ਗਈਆਂ ਹਨ। ਇਹ ਹਾਦਸਾ ਰੰਗਾਪਾਨੀ ਅਤੇ ਨਿਜਬਾੜੀ ਵਿਚਕਾਰ ਵਾਪਰਿਆ।ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਪੀਟੀਆਈ ਨੂੰ ਦੱਸਿਆ, ਹਾਦਸੇ ਵਿੱਚ ਹੁਣ ਤੱਕ ਘੱਟੋ-ਘੱਟ 15 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 60 ਲੋਕ ਜ਼ਖ਼ਮੀ ਹੋਏ ਹਨ। ਬਚਾਅ ਕਾਰਜਾਂ ਲਈ ਡਿਜ਼ਾਸਟਰ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਹਨ। ਮੌਕੇ 'ਤੇ ਰਾਹਤ ਗੱਡੀ ਵੀ ਭੇਜੀ ਜਾ ਰਹੀ ਹੈ।
ਪੀਐਮ ਮੋਦੀ ਨੇ ਦੁੱਖ ਪ੍ਰਗਟ ਕੀਤਾ, ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕੀਤੀ ਅਰਦਾਸ
ਪੱਛਮੀ ਬੰਗਾਲ ਵਿੱਚ ਵਾਪਰਿਆ ਰੇਲ ਹਾਦਸਾ ਦੁਖਦ ਹੈ। ਉਨ੍ਹਾਂ ਲੋਕਾਂ ਪ੍ਰਤੀ ਮੇਰੀ ਸੰਵੇਦਨਾ ਹੈ ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ। ਪੀਐਮ ਮੋਦੀ ਨੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਅਰਦਾਸ ਕੀਤੀ। ਉਨ੍ਹਾਂ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਸਥਿਤੀ ਦਾ ਜਾਇਜ਼ਾ ਲਿਆ। ਪੀਐਮ ਨੇ ਕਿਹਾ ਕਿ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਬਚਾਅ ਕਾਰਜ ਜਾਰੀ ਹਨ। ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਹਾਦਸੇ ਵਾਲੀ ਥਾਂ ਲਈ ਰਵਾਨਾ ਹੋ ਗਏ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਵਿੱਚੋਂ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਜ਼ਖਮੀਆਂ ਨੂੰ 50 ਹਜ਼ਾਰ ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ। ਦਾਰਜੀਲਿੰਗ ਪੁਲਿਸ ਦੇ ਐਡੀਸ਼ਨਲ ਪੁਲਿਸ ਸੁਪਰਡੈਂਟ ਅਭਿਸ਼ੇਕ ਰਾਏ ਅਨੁਸਾਰ ਹਾਦਸੇ ਵਿੱਚ ਪੰਜ ਯਾਤਰੀਆਂ ਦੀ ਮੌਤ ਹੋ ਗਈ ਹੈ। 20-25 ਜ਼ਖਮੀ ਹਨ। ਹਾਲਤ ਗੰਭੀਰ ਬਣੀ ਹੋਈ ਹੈ। ਉਨ੍ਹਾਂ ਦੱਸਿਆ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇਕ ਮਾਲ ਗੱਡੀ ਕੰਚਨਜੰਗਾ ਐਕਸਪ੍ਰੈਸ ਨਾਲ ਟਕਰਾ ਗਈ।
ਬਚਾਅ ਕਾਰਜ ਜੰਗੀ ਪੱਧਰ 'ਤੇ ਜਾਰੀ : ਰੇਲ ਮੰਤਰੀ ਵੈਸ਼ਨਵ
ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਕਿਹਾ ਕਿ ਉੱਤਰੀ ਸਰਹੱਦੀ ਰੇਲਵੇ ਜ਼ੋਨ ਵਿੱਚ ਇੱਕ ਮੰਦਭਾਗਾ ਹਾਦਸਾ ਵਾਪਰਿਆ ਹੈ। ਬਚਾਅ ਕਾਰਜ ਜੰਗੀ ਪੱਧਰ 'ਤੇ ਜਾਰੀ ਹਨ। ਰੇਲਵੇ, NDRF ਅਤੇ SDRF ਮਿਲ ਕੇ ਕੰਮ ਕਰ ਰਹੇ ਹਨ। ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਜਾ ਰਿਹਾ ਹੈ। ਸੀਨੀਅਰ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਹਨ।
ਮਦਦ ਡੈਸਕ ਨੰਬਰ 033-23508794,033-23833326, ਕਟਿਹਾਰ ਡਿਵੀਜ਼ਨ ਹੈਲਪਲਾਈਨ ਨੰਬਰ
09002041952, 9771441956
ਰਵਨੀਤ ਸਿੰਘ ਬਿੱਟੂ ਨੇ ਹਾਦਸੇ ‘ਤੇ ਕੀਤਾ ਦੁੱਖ ਪ੍ਰਗਟ
ਪੱਛਮੀ ਬੰਗਾਲ ‘ਚ ਹੋਏ ਰੇਲ ਹਾਦਸੇ ਤੋਂ ਬਾਅਦ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਹੈ। ਪੱਛਮੀ ਬੰਗਾਲ ਦੇ ਦਾਰਜੀਲਿੰਗ ਦੇ ਇਕ ਰੇਲਵੇ ਸਟੇਸ਼ਨ ਦੇ ਕੋਲ ਇੱਕ ਮਾਲ ਗੱਡੀ ਨੇ ਕੰਚਨਜੰਗਾ ਟਰੇਨ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ। ਇਸ ਘਟਨਾ ‘ਚ 8 ਜਣਿਆਂ ਦੀ ਮੌਤ ਦੀ ਖ਼ਬਰ ਹੈ, ਜਦਕਿ ਕਈ ਜਣੇ ਜ਼ਖਮੀ ਹੋਏ ਹਨ। ਘਟਨਾ ਤੋਂ ਬਾਅਦ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦੱਸਿਆ ਕਿ ਜਾਂਚ ਦੇ ਹੁਕਮ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਘਟਨਾ ਵਾਲੀ ਥਾਂ ‘ਤੇ ਰਾਹਤ ਅਤੇ ਬਚਾਅ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਨੂੰ ਨੇੜਲੇ ਹਸਪਤਾਲਾਂ (West Bengal) ਵਿੱਚ ਲਿਜਾਇਆ ਜਾ ਰਿਹਾ ਹੈ। ਰੇਲਵੇ ਦੇ ਸੀਨੀਅਰ ਅਧਿਕਾਰੀ ਵੀ ਮੌਕੇ ‘ਤੇ ਪਹੁੰਚ ਗਏ ਹਨ।