ਡਾਂਗ (ਗੁਜਰਾਤ) : ਆਗਾਮੀ ਗੁਜਰਾਤ ਵਿਧਾਨ ਸਭਾ ਚੋਣਾਂ ਵਿੱਚ ਇਤਿਹਾਸਕ ਜਿੱਤ ਦਾ ਭਰੋਸਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਗੁਜਰਾਤ ਵਿੱਚ ਭਾਜਪਾ ਦੇ 27 ਸਾਲਾਂ ਦੇ ਜ਼ੁਲਮ ਅਤੇ ਜ਼ਾਲਮ ਰਾਜ ਦਾ ਅੰਤ ਕਰੇਗੀ ਅਤੇ ਗੁਜਰਾਤ ਵਿੱਚ ਇੱਕ ਨਵੇਂ ਸਿਆਸੀ ਦੌਰ ਦੀ ਸ਼ੁਰੂਆਤ ਕਰੇਗੀ। ਮੰਗਲਵਾਰ ਨੂੰ ਡਾਂਗਸ ਵਿਖੇ ਆਪਣੇ ਰੋਡ ਸ਼ੋਅ ਦੌਰਾਨ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਦੁਹਰਾਇਆ ਕਿ ‘ਆਪ’ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟੋਲਰੈਂਸ ਹੈ ਅਤੇ ਸੱਤਾ ਵਿੱਚ ਆਉਣ ਤੋਂ ਬਾਅਦ ਗੁਜਰਾਤ ਦੇ ਲੋਕਾਂ ਦਾ ਪੈਸਾ ਲੁੱਟਣ ਵਾਲੇ ਸਾਰੇ ਭ੍ਰਿਸ਼ਟ ਆਗੂਆਂ 'ਤੇ ਕਾਰਵਾਈ ਕੀਤੀ ਜਾਵੇਗੀ ਅਤੇ ਉਨ੍ਹਾਂ ਦੇ ਭ੍ਰਿਸ਼ਟਾਚਾਰ ਅਤੇ ਕਾਲੇ ਕੰਮਾਂ ਦਾ ਹਿਸਾਬ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਭਾਜਪਾ ਆਗੂਆਂ ਨੇ ਅੰਗਰੇਜ਼ਾਂ ਨਾਲੋਂ ਵੀ ਕਿਤੇ ਵੱਧ ਬੇਰਹਿਮੀ ਨਾਲ ਦੇਸ਼ ਦਾ ਪੈਸਾ ਲੁੱਟਿਆ ਹੈ ਅਤੇ ਕਿਹਾ, ''ਪਹਿਲੇ ਲੜੇ ਥੇ ਗੋਰੋਂ ਸੇ, ਅਬ ਲੜੇਂਗੇ ਚੋਰੋਂ ਸੇ।” ਉਨ੍ਹਾਂ ਲੋਕਾਂ ਨੂੰ ਚੰਗੇ ਭਵਿੱਖ ਲਈ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਇਮਾਨਦਾਰ 'ਆਪ' ਪਾਰਟੀ ਨੂੰ ਮੌਕਾ ਦੇ ਕੇ ਭਾਜਪਾ ਦੇ 27 ਸਾਲ ਪੁਰਾਣੇ ਰਾਜ ਨੂੰ ਖਤਮ ਕਰਨ ਦੀ ਅਪੀਲ ਕੀਤੀ। ਮੁੱਖ ਮੰਤਰੀ ਭਗਵੰਤ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਗੁਜਰਾਤ ਵਿੱਚੋਂ ਜ਼ਾਲਮ ਅਤੇ ਭ੍ਰਿਸ਼ਟ ਭਾਜਪਾ ਆਗੂਆਂ, ਜਿਨ੍ਹਾਂ ਨੇ ਆਪਣੀਆਂ ਮਾੜੀਆਂ ਨੀਤੀਆਂ ਕਾਰਨ ਦਹਾਕਿਆਂ ਤੋਂ ਸੂਬੇ ਦੀ ਆਰਥਿਕਤਾ ਨੂੰ ਖੋਖਲਾ ਕੀਤਾ, ਨੂੰ ਸੱਤਾ ਤੋਂ ਲਾਂਭੇ ਕਰਕੇ ਗੁਜਰਾਤ ਦੀ ਸਿਆਸਤ ਵਿੱਚ ਚੰਗਾ ਬਦਲਾਅ ਲਿਆਂਦਾ ਜਾਵੇ। ਮਾਨ ਨੇ ਕਿਹਾ ਕਿ ‘ਆਪ’ ਵਿਕਾਸ ਕਰਕੇ, ਨਵੇਂ ਸਕੂਲ ਬਣਾ ਕੇ ਅਤੇ ਲੋਕਾਂ ਨੂੰ ਉੱਚ ਦਰਜੇ ਦੀਆਂ ਸਿਹਤ ਸਹੂਲਤਾਂ ਦੇ ਕੇ ਗੁਜਰਾਤ ਸਮੇਤ ਦੇਸ਼ ਦੀ ਰਾਜਨੀਤੀ ਵਿੱਚੋਂ ਫੈਲੀ ਗੰਦਗੀ ਨੂੰ ਝਾੜੂ ਨਾਲ ਸਾਫ਼ ਕਰੇਗੀ।
ਵੋਟ ਬੈਂਕ ਲਈ 'ਸਸਤੀ ਰਾਜਨੀਤੀ' ਕਰਨ ਲਈ ਭਾਜਪਾ 'ਤੇ ਵਰ੍ਹਦਿਆਂ ਮਾਨ ਨੇ ਕਿਹਾ ਕਿ 'ਆਪ' ਸੂਬੇ 'ਚ ਲੋਕ-ਪੱਖੀ ਸਰਕਾਰ ਬਣਾਏਗੀ, ਜੋ ਜਾਤ ਜਾਂ ਧਰਮ ਦੇ ਆਧਾਰ 'ਤੇ ਵਿਤਕਰਾ ਨਹੀਂ ਕਰੇਗੀ। ਆਪ ਸਰਕਾਰ ਸੂਬੇ ਦੇ ਸਾਰੇ ਵਰਗਾਂ ਦੇ ਸਰਵਪੱਖੀ ਵਿਕਾਸ ਲਈ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ‘ਆਪ’ ਆਮ ਲੋਕਾਂ ਦੀ ਪਾਰਟੀ ਹੈ ਅਤੇ ਇੱਥੇ ਆਮ ਘਰਾਂ ਦੇ ਧੀਆਂ-ਪੁੱਤ ਹੀ ਵਿਧਾਇਕ ਅਤੇ ਮੰਤਰੀ ਬਣਨਗੇ।