ਨਵੀਂ ਦਿੱਲੀ, 01 ਅਪ੍ਰੈਲ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਦੀ 90ਵੀਂ ਵਰ੍ਹੇਗੰਢ ਦੇ ਮੌਕੇ 'ਤੇ ਆਯੋਜਿਤ ਇਕ ਸਮਾਗਮ ਵਿਚ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਆਮ ਚੋਣਾਂ ਤੋਂ ਬਾਅਦ ਨਵੀਂ ਸਰਕਾਰ ਬਣਾਉਣ ਦਾ ਭਰੋਸਾ ਪ੍ਰਗਟਾਇਆ। ਇਸ ਦੌਰਾਨ ਪੀਐੱਮ ਮੋਦੀ ਨੇ ਆਪਣੇ ਤੀਜੇ ਕਾਰਜਕਾਲ ਦੀ ਯੋਜਨਾ ਵੀ ਦੱਸੀ। ਉਨ੍ਹਾਂ ਨੇ ਨੌਕਰਸ਼ਾਹਾਂ ਨੂੰ ਕੰਮ ਦੇ ਹੜ੍ਹ ਲਈ ਤਿਆਰ ਰਹਿਣ ਲਈ ਵੀ ਕਿਹਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਲਗਾਤਾਰ ਤੀਜੀ ਵਾਰ ਸਹੁੰ ਚੁੱਕਣ ਤੋਂ ਅਗਲੇ ਹੀ ਦਿਨ ਐਕਸ਼ਨ ਮੋਡ ਵਿੱਚ ਹੋਣਗੇ। ਉਨ੍ਹਾਂ ਨੌਕਰਸ਼ਾਹਾਂ ਨੂੰ ਆਉਣ ਵਾਲੇ ‘ਕੰਮ ਦੇ ਹੜ੍ਹ’ ਲਈ ਤਿਆਰ ਰਹਿਣ ਦੀ ਚਿਤਾਵਨੀ ਦਿੱਤੀ। ਨਵੀਂ ਸਰਕਾਰ ਦੇ ਗਠਨ 'ਤੇ ਭਰੋਸਾ ਜਤਾਉਂਦੇ ਹੋਏ ਪੀਐੱਮ ਮੋਦੀ ਨੇ ਕਿਹਾ ਕਿ ਭਾਰਤ ਨੂੰ ਆਰਥਿਕ ਤੌਰ 'ਤੇ ਆਤਮਨਿਰਭਰ ਬਣਾਉਣ ਲਈ ਸਹੀ ਤਰੀਕੇ ਨਾਲ ਕੰਮ ਸ਼ੁਰੂ ਕਰਨਾ ਹੋਵੇਗਾ। ਇਸ ਦੌਰਾਨ ਪੀਐੱਮ ਮੋਦੀ ਨੇ ਕਿਹਾ ਕਿ ਕਈ ਨਵੇਂ ਸੈਕਟਰ ਬਣਾਏ ਜਾ ਰਹੇ ਹਨ ਅਤੇ ਉਨ੍ਹਾਂ ਸੈਕਟਰਾਂ ਨੂੰ ਵਿੱਤ ਪ੍ਰਦਾਨ ਕਰਨ ਵਿੱਚ ਮੁਹਾਰਤ ਵਿਕਸਿਤ ਕਰਨ ਦੀ ਲੋੜ ਹੈ। ਉਨ੍ਹਾਂ ਅਜਿਹੇ ਮੁੱਦਿਆਂ 'ਤੇ ਚਰਚਾ ਕਰਨ ਦਾ ਸੱਦਾ ਦਿੱਤਾ। 21ਵੀਂ ਸਦੀ ਵਿੱਚ ਨਵੀਨਤਾ ਦੀ ਮਹੱਤਤਾ 'ਤੇ ਜ਼ੋਰ ਦਿੰਦੇ ਹੋਏ ਪ੍ਰਧਾਨ ਮੰਤਰੀ ਨੇ ਨੌਕਰੀ ਲਈ ਆਧੁਨਿਕ ਤਕਨੀਕਾਂ ਅਤੇ ਮਨੁੱਖੀ ਸ਼ਕਤੀ ਦੀ ਪਛਾਣ ਕਰਨ 'ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਬੈਂਕਰਾਂ ਅਤੇ ਰੈਗੂਲੇਟਰਾਂ ਨੂੰ ਪੁਲਾੜ ਅਤੇ ਸੈਰ-ਸਪਾਟਾ ਵਰਗੇ ਨਵੇਂ ਅਤੇ ਰਵਾਇਤੀ ਖੇਤਰਾਂ ਦੀਆਂ ਲੋੜਾਂ ਲਈ ਤਿਆਰ ਰਹਿਣ ਲਈ ਵੀ ਕਿਹਾ। ਪੀਐੱਮ ਮੋਦੀ ਨੇ ਇਸ ਦੌਰਾਨ ਅਯੁੱਧਿਆ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਅਯੁੱਧਿਆ ਦੁਨੀਆ ਦਾ ਸਭ ਤੋਂ ਵੱਡਾ ਧਾਰਮਿਕ ਸੈਰ-ਸਪਾਟਾ ਕੇਂਦਰ ਬਣਨ ਜਾ ਰਿਹਾ ਹੈ।