ਨਵੀਂ ਦਿੱਲੀ, 13 ਫਰਵਰੀ : ਸੰਸਦ ਦੇ ਦੋਵੇਂ ਸਦਨਾਂ ਦੀ ਬੈਠਕ ਸੋਮਵਾਰ ਨੂੰ ਬਜਟ ਸੈਸ਼ਨ ਦੇ ਦੂਜੇ ਪੜਾਅ ਲਈ 13 ਮਾਰਚ ਤੱਕ ਮੁਲਤਵੀ ਕਰ ਦਿੱਤੀ ਗਈ। ਬਜਟ ਸੈਸ਼ਨ ਦਾ ਪਹਿਲਾ ਪੜਾਅ 31 ਜਨਵਰੀ ਨੂੰ ਸੰਸਦ ਦੇ ਦੋਵਾਂ ਸਦਨਾਂ ਦੀ ਸਾਂਝੀ ਬੈਠਕ ਨੂੰ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਦੇ ਸੰਬੋਧਨ ਨਾਲ ਸ਼ੁਰੂ ਹੋਇਆ ਸੀ, ਅਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ 1 ਫਰਵਰੀ ਨੂੰ ਲੋਕ ਸਭਾ ਵਿੱਚ ਬਜਟ ਪੇਸ਼ ਕੀਤਾ ਸੀ। ਸੈਸ਼ਨ ਦੇ ਪਹਿਲੇ ਪੜਾਅ 'ਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਰਾਸ਼ਟਰਪਤੀ ਦੇ ਭਾਸ਼ਣ 'ਤੇ ਧੰਨਵਾਦ ਮਤੇ 'ਤੇ ਦੋਹਾਂ ਸਦਨਾਂ 'ਚ ਚਰਚਾ ਦਾ ਜਵਾਬ ਦਿੱਤਾ, ਜਦਕਿ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦੋਹਾਂ ਸਦਨਾਂ 'ਚ ਬਜਟ 'ਤੇ ਹੋਈ ਚਰਚਾ ਦਾ ਜਵਾਬ ਦਿੱਤਾ। ਅਡਾਨੀ ਸਮੂਹ 'ਤੇ ਹਿੰਡਨਬਰਗ ਰਿਸਰਚ ਰਿਪੋਰਟ ਦੀ ਸਾਂਝੀ ਸੰਸਦੀ ਕਮੇਟੀ (ਜੇ.ਪੀ.ਸੀ.) ਜਾਂਚ ਜਾਂ ਨਿਆਂਇਕ ਜਾਂਚ ਦੀ ਮੰਗ ਨੂੰ ਲੈ ਕੇ ਵਿਰੋਧੀ ਧਿਰ ਦੇ ਮੈਂਬਰਾਂ ਵੱਲੋਂ ਹੰਗਾਮੇ ਕਾਰਨ ਸੈਸ਼ਨ ਦੇ ਪਹਿਲੇ ਕੁਝ ਦਿਨਾਂ ਲਈ ਕੰਮਕਾਜ ਵਿਘਨ ਪਿਆ। ਬਜਟ ਸੈਸ਼ਨ ਦਾ ਦੂਜਾ ਪੜਾਅ ਇੱਕ ਮਹੀਨੇ ਦੇ ਵਕਫ਼ੇ ਤੋਂ ਬਾਅਦ 13 ਮਾਰਚ ਨੂੰ ਸ਼ੁਰੂ ਹੋਵੇਗਾ।