ਨਵੀਂ ਦਿੱਲੀ, 29 ਅਗਸਤ : ਰੱਖੜੀ ਮੌਕੇ ਮੋਦੀ ਸਰਕਾਰ ਸਸਤੇ LPG ਸਿਲੰਡਰ ਦਾ ਤੋਹਫਾ ਦੇ ਸਕਦੀ ਹੈ। ਮਹਿੰਗਾਈ ਤੋਂ ਪ੍ਰੇਸ਼ਾਨ ਲੋਕਾਂ ਨੂੰ ਰਾਹਤ ਦੇਣ ਲਈ ਮੋਦੀ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸੂਤਰਾਂ ਮੁਤਾਬਕ ਮਹਿੰਗੇ ਐਲਪੀਜੀ ਸਿਲੰਡਰਾਂ ਨੂੰ ਲੈ ਕੇ ਘਿਰੀ ਕੇਂਦਰ ਸਰਕਾਰ ਨੇ ਘਰੇਲੂ ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ 200 ਰੁਪਏ ਦੀ ਕਟੌਤੀ ਕਰਨ ਦਾ ਫੈਸਲਾ ਕੀਤਾ ਹੈ। ਹਾਲਾਂਕਿ, ਇਹ ਲਾਭ ਸਿਰਫ਼ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ ਹੀ ਮਿਲੇਗਾ। ਮਈ 2022 ਵਿੱਚ ਵੀ, ਕੇਂਦਰ ਸਰਕਾਰ ਨੇ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ ਇੱਕ ਸਾਲ ਵਿੱਚ 12 ਸਿਲੰਡਰ ਰੀਫਿਲ ਕਰਵਾਉਣ 'ਤੇ 200 ਰੁਪਏ ਪ੍ਰਤੀ ਸਿਲੰਡਰ ਦੀ ਸਬਸਿਡੀ ਦੇਣੀ ਸ਼ੁਰੂ ਕਰ ਦਿੱਤੀ ਸੀ, ਜਿਸ ਦੀ ਮਿਆਦ ਹੁਣ 31 ਮਾਰਚ, 2024 ਤੱਕ ਵਧਾ ਦਿੱਤੀ ਗਈ ਹੈ। ਇਸ ਦੇ ਬਾਵਜੂਦ ਇਸ ਸਕੀਮ ਤਹਿਤ ਸਿਲੰਡਰ ਲੈਣ ਵਾਲਿਆਂ ਨੂੰ 900 ਰੁਪਏ ਖਰਚਣੇ ਪੈ ਰਹੇ ਹਨ। ਇਹੀ ਕਾਰਨ ਹੈ ਕਿ ਪ੍ਰਧਾਨ ਮੰਤਰੀ ਉਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ ਰਾਹਤ ਦੇਣ ਲਈ ਕੇਂਦਰ ਸਰਕਾਰ ਨੇ ਹੁਣ ਐਲਪੀਜੀ ਸਿਲੰਡਰ 'ਤੇ 200 ਰੁਪਏ ਦੀ ਵਾਧੂ ਸਬਸਿਡੀ ਦੇਣ ਦਾ ਫੈਸਲਾ ਕੀਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 15 ਅਗਸਤ 2023 ਨੂੰ ਆਜ਼ਾਦੀ ਦਿਹਾੜੇ 'ਤੇ ਲਾਲ ਕਿਲ੍ਹੇ ਤੋਂ ਕਿਹਾ ਸੀ ਕਿ ਸਰਕਾਰ ਨੇ ਆਮ ਲੋਕਾਂ ਨੂੰ ਮਹਿੰਗਾਈ ਤੋਂ ਰਾਹਤ ਦੇਣ ਲਈ ਕਈ ਫੈਸਲੇ ਲਏ ਹਨ ਅਤੇ ਆਉਣ ਵਾਲੇ ਦਿਨਾਂ 'ਚ ਹੋਰ ਵੀ ਫੈਸਲੇ ਲਏ ਜਾਣਗੇ। ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਕਟੌਤੀ ਦਾ ਫੈਸਲਾ ਉਨ੍ਹਾਂ ਫੈਸਲਿਆਂ ਵਿੱਚੋਂ ਇੱਕ ਹੈ।