ਗੁਜਰਾਤ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਹੰਕਾਰੀ, ਜ਼ਾਲਮ ਅਤੇ ਭ੍ਰਿਸ਼ਟ ਭਾਜਪਾ ਆਗੂਆਂ ਨੂੰ ਗੁਜਰਾਤ ਦੇ ਲੋਕ ਸੂਬੇ ਵਿੱਚੋਂ ਬਾਹਰ ਕੱਢਣ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਹਾਜ਼ਰੀ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਲੋਕ ਭਾਜਪਾ ਦੇ 27 ਸਾਲਾਂ ਦੇ ਸ਼ਾਸਨ ਤੋਂ ਤੰਗ ਆ ਚੁੱਕੇ ਹਨ ਅਤੇ ਉਸ ਨੂੰ ਬਾਹਰ ਦਾ ਦਰਵਾਜ਼ਾ ਦਿਖਾਉਣ ਦਾ ਮਨ ਬਣਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਲੋਕ ਇਨ੍ਹਾਂ ਆਗੂਆਂ ਨੂੰ ਆਉਣ ਵਾਲੀਆਂ ਚੋਣਾਂ ਵਿੱਚ ਸਬਕ ਸਿਖਾਉਣਗੇ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਪਾਰਟੀਆਂ ਨੂੰ ਸੂਬੇ ਤੋਂ ਬਾਹਰ ਕੱਢਣ ਲਈ ਗੁਜਰਾਤ, ਪੰਜਾਬ ਅਤੇ ਦਿੱਲੀ ਦੀ ਕਹਾਣੀ ਦੁਹਰਾਏਗਾ। ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਅਤੇ ਭਾਜਪਾ ਨੇ ਦੇਸ਼ ਦੀ ਜਾਇਦਾਦ ਨੂੰ ਬੇਰਹਿਮੀ ਨਾਲ ਲੁੱਟਿਆ ਹੈ। ਉਨ੍ਹਾਂ ਕਿਹਾ ਕਿ ਜਿੱਥੇ ਕਾਂਗਰਸ ਨੇ ਇਹ ਲੁੱਟ ਸ਼ੁਰੂ ਕੀਤੀ ਸੀ, ਉਥੇ ਭਾਜਪਾ ਆਗੂਆਂ ਨੇ ਇਸ ਨੂੰ ਸਿਖਰ 'ਤੇ ਪਹੁੰਚਾ ਦਿੱਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਗੁਜਰਾਤ 'ਚ ਬਦਲਾਅ ਦੀ ਹਵਾ ਵਗ ਰਹੀ ਹੈ ਅਤੇ ਉਹ ਦਿਨ ਦੂਰ ਨਹੀਂ ਜਦੋਂ 'ਆਪ' ਸੂਬੇ ਦੀਆਂ ਚੋਣਾਂ ਵਿੱਚ ਹੂੰਝਾ ਫੇਰ ਦੇਵੇਗੀ। ਲੋਕਾਂ ਨੂੰ ‘ਆਪ’ ਦੀ ਹਮਾਇਤ ਕਰਨ ਦਾ ਸੱਦਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦਰਖ਼ਤ ਵੀ ਹਰ ਮੌਸਮ ਵਿੱਚ ਆਪਣੇ ਪੱਤੇ ਝਾੜਦੇ ਹਨ ਪਰ ਹੈਰਾਨੀ ਦੀ ਗੱਲ ਹੈ ਕਿ ਲੋਕਾਂ ਨੇ ਪਿਛਲੇ 27 ਸਾਲਾਂ ਤੋਂ ਭਾਜਪਾ ਨੂੰ ਬਾਹਰ ਦਾ ਰਸਤਾ ਨਹੀਂ ਦਿਖਾਇਆ ਹੈ। ਭਗਵੰਤ ਮਾਨ ਨੇ ਲੋਕਾਂ ਨੂੰ ਸੂਬੇ ਵਿੱਚ ਸ਼ਾਂਤੀ, ਤਰੱਕੀ ਅਤੇ ਖ਼ੁਸ਼ਹਾਲੀ ਦੇ ਯੁੱਗ ਦੀ ਸ਼ੁਰੂਆਤ ਕਰਨ ਲਈ ‘ਆਪ’ ਦਾ ਸਮਰਥਨ ਕਰਨ ਦਾ ਸੱਦਾ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਇਹ ਮੰਦਭਾਗਾ ਹੈ ਕਿ ਕਾਂਗਰਸ ਅਤੇ ਭਾਜਪਾ ਨੇ ਲੋਕਤੰਤਰੀ ਕਦਰਾਂ-ਕੀਮਤਾਂ ਦਾ ਮਜ਼ਾਕ ਉਡਾਉਣ ਲਈ ਇੱਕ ਦੂਜੇ ਨਾਲ ਮਿਲੀਭੁਗਤ ਕਰ ਲਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਦੇਸ਼ ਦਾ ਪੈਸਾ ਅੰਗਰੇਜ਼ਾਂ ਨਾਲੋਂ ਕਿਤੇ ਵੱਧ ਬੇਰਹਿਮੀ ਨਾਲ ਲੁੱਟਿਆ ਹੈ। ਭਗਵੰਤ ਮਾਨ ਨੇ ਸਪੱਸ਼ਟ ਕਿਹਾ ਕਿ ਲੋਕਤੰਤਰ ਵਿੱਚ ਲੋਕ ਸਰਵਉੱਚ ਹਨ ਅਤੇ ਉਹ ਇਸ ਨੂੰ ਬਰਦਾਸ਼ਤ ਨਹੀਂ ਕਰਨਗੇ। ਮੁੱਖ ਮੰਤਰੀ ਨੇ ਕਿਹਾ ਕਿ ਪਾਰਟੀ ਦੀਆਂ ਰੈਲੀਆਂ ਵਿੱਚ ਭਾਰੀ ਹਾਜ਼ਰੀ ਇਸ ਗੱਲ ਦਾ ਪ੍ਰਤੀਕ ਹੈ ਕਿ ਲੋਕ ਮੌਜੂਦਾ ਸਰਕਾਰ ਤੋਂ ਅੱਕ ਚੁੱਕੇ ਹਨ। ਉਨ੍ਹਾਂ ਕਿਹਾ ਕਿ ਲੋਕ ਇਸ ਜ਼ਾਲਮ ਅਤੇ ਭ੍ਰਿਸ਼ਟ ਸਰਕਾਰ ਤੋਂ ਬਦਲਾਅ ਚਾਹੁੰਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਉਹ ਝੂਠੇ ਸੁਪਨੇ ਨਹੀਂ ਵੇਚ ਰਹੇ, ਸਗੋਂ ਲੋਕ ਸਿਸਟਮ ਬਦਲਣ ਦਾ ਸਮਰਥਨ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਕੋਲ ਕੁਦਰਤੀ ਸਰੋਤਾਂ ਦੀ ਬਹੁਤਾਤ ਹੈ। ਉਨ੍ਹਾਂ ਨੇ ਅਫਸੋਸ ਜਤਾਇਆ ਕਿ ਇਸ ਦੇ ਬਾਵਜੂਦ ਨੇਤਾਵਾਂ ਨੇ ਆਪਣੇ ਭ੍ਰਿਸ਼ਟ ਕਾਰਿਆਂ ਨਾਲ ਦੇਸ਼ ਨੂੰ ਬਰਬਾਦ ਕਰ ਦਿੱਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਵਾਸੀਆਂ ਨੂੰ ਇਨ੍ਹਾਂ ਭ੍ਰਿਸ਼ਟ ਆਗੂਆਂ ਨੂੰ ਬਾਹਰ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ।