ਅੰਬਾਲਾ, 09 ਜਨਵਰੀ : ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਆਗੂ ਰਾਕੇਸ਼ ਟਿਕੈਤ ਸਮੇਤ ਕਿਸਾਨਾਂ ਦੇ ਇਕ ਵਫ਼ਦ ਨੇ ਸੋਮਵਾਰ ਨੂੰ ਹਰਿਆਣਾ ਵਿਚ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਕਿਸਾਨ ਆਗੂਆਂ ਨੇ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਕੇ ਆਪਣੀਆਂ ਸਮੱਸਿਆਵਾਂ ਦੱਸੀਆਂ। ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਦੱਸਿਆ, “ਅੱਜ ਹਰਿਆਣਾ ਦੇ ਅੰਬਾਲਾ ਜ਼ਿਲ੍ਹੇ 'ਚ ਰਾਹੁਲ ਗਾਂਧੀ ਜੀ ਨਾਲ ਮੁਲਾਕਾਤ ਕੀਤੀ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ 'ਤੇ ਚਰਚਾ ਕੀਤੀ। ਚਰਚਾ ਵਿਚ ਛੱਤੀਸਗੜ੍ਹ, ਹਿਮਾਚਲ ਅਤੇ ਰਾਜਸਥਾਨ ਵਿਚ ਚੱਲ ਰਹੇ ਨਵਾਂ ਰਾਏਪੁਰ ਕਿਸਾਨ ਅੰਦੋਲਨ ਅਤੇ ਹੋਰ ਸੂਬਿਆਂ ਦੇ ਕਿਸਾਨੀ ਮਸਲਿਆਂ ਬਾਰੇ ਚਰਚਾ ਕੀਤੀ ਗਈ”। ਰਾਕੇਸ਼ ਟਿਕੈਤ ਤੋਂ ਇਲਾਵਾ ਇਸ ਮੌਕੇ ਯੁੱਧਵੀਰ ਸਿੰਘ, ਯੋਗੇਂਦਰ ਯਾਦਵ ਸਣੇ ਕਈ ਕਿਸਾਨ ਆਗੂ ਮੌਜੂਦ ਰਹੇ। ਫਿਲਹਾਲ ਰਾਹੁਲ ਗਾਂਧੀ ਭਾਰਤ ਜੋੜੋ ਯਾਤਰਾ ਦੌਰਾਨ ਹਰਿਆਣਾ 'ਚ ਹੈ। ਇਸ ਤੋਂ ਬਾਅਦ ਇਹ ਯਾਤਰਾ ਪੰਜਾਬ ਅਤੇ ਜੰਮੂ-ਕਸ਼ਮੀਰ ਵੱਲ ਰਵਾਨਾ ਹੋਵੇਗੀ।