ਨਵੀਂ ਦਿੱਲੀ : ਸੰਸਦ ਦੇ ਸਰਦ ਰੁੱਤ ਸੈਸ਼ਨ ਦਾ ਅੱਜ ਚੌਥਾ ਦਿਨ ਹੈ ਅਤੇ ਮਨੁੱਖੀ ਅਧਿਕਾਰ ਦਿਵਸ ਵੀ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਤਨੀ ਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨਾਲ ਸੰਸਦ ਦੇ ਬਾਹਰ ਪਹੁੰਚੇ ਅਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ। ਸੁਖਬੀਰ ਬਾਦਲ ਤੇ ਹਰਸਿਮਰਤ ਬਾਦਲ ਨੇ ਪਾਰਲੀਮੈਂਟ ਦੇ ਬਾਹਰ ਤਖ਼ਤੀ ਫੜੀ ਜਿਸ ‘ਤੇ ਲਿਖਿਆ ਹੋਇਆ ਹੈ ਕਿ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਬੰਦ ਕਰੋ ਅਤੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕਰੋ। ਸੁਖਬੀਰ ਬਾਦਲ ਨੇ ਟਵੀਟ ਕੀਤਾ, ”ਜਦੋਂ ਮਨੁੱਖੀ ਅਧਿਕਾਰਾਂ ਦੇ ਸਿਧਾਂਤਾਂ ਦਾ ਪ੍ਰਚਾਰ ਕਰਦੇ ਹੋਏ ਬਿਲਕਿਸ ਬਾਨੋ ਦੇ ਬਲਾਤਕਾਰੀ ਅਤੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਕਾਤਲਾਂ ਨੂੰ ਰਿਹਾਅ ਕੀਤਾ ਜਾ ਸਕਦਾ ਹੈ ਤਾਂ ਭਾਰਤ ਸਰਕਾਰ ਸਾਡੇ ਬੰਦੀ ਸਿੰਘਾਂ ਲਈ ਬਰਾਬਰ ਦੀ ਹਮਦਰਦੀ ਕਿਉਂ ਨਹੀਂ ਦਿਖਾ ਸਕਦੀ।, ਜਿਹੜੇ ਜੇਲ੍ਹਾਂ ਵਿੱਚ ਸੜ ਰਹੇ ਹਨ।” ਆਪਣੇ ਅਗਲੇ ਟਵੀਟ ਵਿੱਚ ਸੁਖਬੀਰ ਬਾਦਲ ਨੇ ਲਿਖਿਆ, “ਅੱਜ ਜਦੋਂ ਵਿਸ਼ਵ ਮਨੁੱਖੀ ਅਧਿਕਾਰ ਦਿਵਸ ਮਨਾ ਰਿਹਾ ਹੈ, ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਭਾਰਤ ਸਰਕਾਰ ਤੋਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ (2019 ਵਿੱਚ) ਉੱਤੇ ਕੀਤੇ ਗਏ ਆਪਣੇ ਐਲਾਨ ਨੂੰ ਲਾਗੂ ਕਰਨ ਦੀ ਅਪੀਲ ਕਰਦਾ ਹਾਂ। ਉਨ੍ਹਾਂ ਨੂੰ ਅਮਲ ਵਿੱਚ ਲਿਆਓ ਅਤੇ ਬਿਨਾਂ ਕਿਸੇ ਦੇਰੀ ਦੇ ਉਨ੍ਹਾਂ ਦੀ ਰਿਹਾਈ ਦੇ ਹੁਕਮ ਜਾਰੀ ਕਰੋ। ਨਹੀਂ ਤਾਂ ਸਾਡੇ ਲਈ ਇਹ ਦਿਨ ਮਨਾਉਣ ਦਾ ਕੋਈ ਮਤਲਬ ਨਹੀਂ।