ਨਵੀਂ ਦਿੱਲੀ, 13 ਅਪ੍ਰੈਲ : ਭਾਰਤ ਦੇ ਮੌਸਮ ਵਿਭਾਗ ਨੇ ਕਈ ਰਾਜਾਂ ਵਿੱਚ ਲੂ ਚੱਲਣ ਦੀ ਭਵਿੱਖਬਾਣੀ ਕੀਤੀ ਹੈ । ਮੌਸਮ ਵਿਭਾਗ ਨੇ ਕਿਹਾ ਹੈ ਕਿ ਅਗਲੇ ਪੰਜ ਦਿਨਾਂ ਦੌਰਾਨ ਤਾਪਮਾਨ ਵਿੱਚ 2 ਤੋਂ 4 ਡਿਗਰੀ ਸੈਲਸੀਅਸ ਦੇ ਵਾਧੇ ਦੀ ਸੰਭਾਵਨਾ ਹੈ । ਦੱਸ ਦਈਏ ਕਿ ਮੌਸਮ ਏਜੰਸੀ ਵੱਲੋਂ ਹੀਟਵੇਵ ਲਈ ਲੋਕੇਸ਼ਨ ਵੀ ਦੱਸੀ ਗਈ ਹੈ। ਆਪਣੇ ਰੋਜ਼ਾਨਾ ਮੌਸਮ ਦੇ ਬੁਲੇਟਿਨ ਵਿੱਚ ਵਿਭਾਗ ਨੇ ਕਿਹਾ ਕਿ ਪੱਛਮੀ ਬੰਗਾਲ ਵਿੱਚ ਅੱਜ ਤੇ ਕੱਲ੍ਹ ਤੋਂ ਓਡੀਸ਼ਾ ਵਿੱਚ ਲੂ ਚੱਲਣ ਦੀ ਸੰਭਾਵਨਾ ਹੈ। ਮੌਜੂਦਾ ਸਮੇਂ ਵਿੱਚ ਮੱਧ ਪ੍ਰਦੇਸ਼, ਗੁਜਰਾਤ, ਮਹਾਰਾਸ਼ਟਰ, ਓਡੀਸ਼ਾ ਅਤੇ ਤੇਲੰਗਾਨਾ ਦੇ ਕੁਝ ਖੇਤਰਾਂ ਵਿੱਚ ਵੱਧ ਤੋਂ ਵੱਧ ਤਾਪਮਾਨ 40-42 ਡਿਗਰੀ ਸੈਲਸੀਅਸ ਦੇ ਵਿਚਕਾਰ ਹੈ ਜਦੋਂ ਕਿ ਦੇਸ਼ ਦੇ ਹੋਰ ਹਿੱਸਿਆਂ ਵਿੱਚ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਹੇਠਾਂ ਹੈ । ਇਸ ਤੋਂ ਇਲਾਵਾ ਜੰਮੂ ਤੇ ਕਸ਼ਮੀਰ, ਉੱਤਰ-ਪੂਰਬ ਅਤੇ ਨਾਲ ਲੱਗਦੇ ਪੂਰਬੀ ਭਾਰਤ ਦੇ ਕੁਝ ਖੇਤਰਾਂ ਵਿੱਚ ਤਾਪਮਾਨ ਆਮ ਸੀਮਾਵਾਂ ਤੋਂ 2-3 ਡਿਗਰੀ ਸੈਲਸੀਅਸ ਵੱਧ ਹੈ। ਮੌਸਮ ਵਿਭਾਗ ਨੇ ਭਵਿੱਖਬਾਣੀ ਕਰਦਿਆਂ ਕਿਹਾ ਹੈ ਕਿ ਅਗਲੇ ਤਿੰਨ ਦਿਨਾਂ ਵਿੱਚ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਤਾਪਮਾਨ ਵਿੱਚ 2-4 ਡਿਗਰੀ ਸੈਲਸੀਅਸ ਦਾ ਹੋਰ ਵਾਧਾ ਹੋਵੇਗਾ। ਇਸ ਤੋਂ ਇਲਾਵਾ ਆਈਐਮਡੀ ਨੇ ਇਹ ਵੀ ਕਿਹਾ ਹੈ ਕਿ 12 ਤੋਂ 16 ਅਪ੍ਰੈਲ ਤੱਕ ਗੰਗਾ ਦੇ ਪੱਛਮੀ ਬੰਗਾਲ ਤੇ 13 ਤੋਂ 15 ਅਪ੍ਰੈਲ ਤੱਕ ਉੜੀਸਾ ਦੇ ਵੱਖ-ਵੱਖ ਖੇਤਰਾਂ ਵਿੱਚ ਗਰਮੀ ਦੀ ਲਹਿਰ ਦੇ ਹਾਲਾਤ ਅਨੁਭਵ ਕੀਤੇ ਜਾਣ ਦੀ ਸੰਭਾਵਨਾ ਹੈ। IMD ਮੁਤਾਬਕ ਅਗਲੇ 2 ਦਿਨਾਂ ਦੌਰਾਨ ਓਡੀਸ਼ਾ ਦੇ ਜ਼ਿਲ੍ਹਿਆਂ ਵਿੱਚ ਬਹੁਤ ਸਾਰੀਆਂ ਥਾਵਾਂ ‘ਤੇ ਵੱਧ ਤੋਂ ਵੱਧ ਤਾਪਮਾਨ ਹੌਲੀ-ਹੌਲੀ 2-3 ਡਿਗਰੀ ਸੈਲਸੀਅਸ ਵਧਣ ਦੀ ਸੰਭਾਵਨਾ ਹੈ । ਅਗਲੇ 4 ਦਿਨਾਂ ਦੌਰਾਨ ਕੁਝ ਥਾਵਾਂ ‘ਤੇ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਅਤੇ ਓਡੀਸ਼ਾ ਦੇ ਜ਼ਿਲ੍ਹਿਆਂ ਵਿੱਚ ਆਮ ਨਾਲੋਂ 3-5 ਡਿਗਰੀ ਵੱਧ ਰਹਿਣ ਦੀ ਸੰਭਾਵਨਾ ਹੈ। ਦੱਸ ਦੇਈਏ ਕਿ ਓਡੀਸ਼ਾ ਸਰਕਾਰ ਨੇ ਸੂਬੇ ਵਿੱਚ ਲੂ ਦੀ ਸਥਿਤੀ ਦੇ ਮੱਦੇਨਜ਼ਰ 16 ਅਪ੍ਰੈਲ ਤੱਕ ਸਕੂਲ ਬੰਦ ਰੱਖਣ ਦਾ ਐਲਾਨ ਕੀਤਾ ਹੈ। ਜਾਰੀ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਭਿਆਨਕ ਲੂ ਦੇ ਹਾਲਾਤਾਂ ਦੇ ਮੱਦੇਨਜ਼ਰ ਆਂਗਣਵਾੜੀ ਕੇਂਦਰ ਅਤੇ 10ਵੀਂ ਜਮਾਤ ਤੱਕ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਬੁੱਧਵਾਰ ਤੋਂ 16 ਅਪ੍ਰੈਲ ਤੱਕ ਬੰਦ ਰਹਿਣਗੇ।