ਰਾਂਚੀ, 1 ਫ਼ਰਵਰੀ : ਝਾਰਖੰਡ ਦੇ ਧਨਬਾਦ 'ਚ ਇਕ ਅਪਾਰਟਮੈਂਟ 'ਚ ਭਿਆਨਕ ਅੱਗ ਲੱਗ ਗਈ। ਇਸ ਘਟਨਾ 'ਚ ਔਰਤਾਂ ਅਤੇ ਬੱਚਿਆਂ ਸਮੇਤ ਘੱਟੋ-ਘੱਟ 14 ਲੋਕਾਂ ਦੀ ਮੌਤ ਹੋ ਗਈ ਜਦਕਿ ਕਈ ਲੋਕ ਜ਼ਖਮੀ ਹੋ ਗਏ। ਧਨਬਾਦ ਦੇ ਡਿਪਟੀ ਕਮਿਸ਼ਨਰ ਸੰਦੀਪ ਸਿੰਘ ਨੇ ਦੱਸਿਆ ਕਿ ਸ਼ਹਿਰ ਦੇ ਜੌੜਾਫਾਟਕ ਇਲਾਕੇ 'ਚ ਆਸ਼ੀਰਵਾਦ ਟਾਵਰ ਦੀ ਦੂਜੀ ਮੰਜ਼ਿਲ 'ਤੇ ਸ਼ਾਮ 6 ਵਜੇ ਅੱਗ ਲੱਗੀ। ਅੱਗ 'ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀਆਂ 40 ਗੱਡੀਆਂ ਨੂੰ ਕੰਮ 'ਤੇ ਲਗਾਇਆ ਗਿਆ। ਝਾਰਖੰਡ ਦੇ ਮੁੱਖ ਸਕੱਤਰ ਸੁਖਦੇਵ ਸਿੰਘ ਨੇ ਦੱਸਿਆ ਕਿ ਮਰਨ ਵਾਲਿਆਂ ਦੀ ਗਿਣਤੀ 14 ਹੈ ਅਤੇ 11 ਲੋਕਾਂ ਦਾ ਇਲਾਜ ਚੱਲ ਰਿਹਾ ਹੈ। ਅੱਗ ਲੱਗਣ ਦੇ ਸਹੀ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮਰਨ ਵਾਲਿਆਂ ਵਿੱਚ 10 ਔਰਤਾਂ ਅਤੇ ਤਿੰਨ ਬੱਚੇ ਸ਼ਾਮਲ ਹਨ।ਮੁੱਖ ਮੰਤਰੀ ਹੇਮੰਤ ਸੋਰੇਨ ਨੇ ਇਸ ਭਿਆਨਕ ਅੱਗਨੀ ਕਾਂਡ 'ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਟਵੀਟ ਕੀਤਾ ਕਿ ਧਨਬਾਦ ਅੱਗਨੀਕਾਂਡ 'ਚ ਲੋਕਾਂ ਦੀ ਮੌਤ ਬੇਹੱਦ ਦਿਲ ਕੰਬਾਊ ਹੈ।ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਧਨਬਾਦ ਦੇ ਇਕ ਅਪਾਰਟਮੈਂਟ 'ਚ ਭਿਆਨਕ ਅੱਗ 'ਚ ਹੋਈਆਂ ਮੌਤਾਂ 'ਤੇ ਦੁੱਖ ਪ੍ਰਗਟਾਇਆ ਅਤੇ ਮ੍ਰਿਤਕਾਂ ਦੇ ਵਾਰਸਾਂ ਨੂੰ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ। ਘਟਨਾ 'ਚ ਜ਼ਖਮੀਆਂ ਲਈ 50-50 ਹਜ਼ਾਰ ਰੁਪਏ ਦੀ ਰਾਸ਼ੀ ਵੀ ਮਨਜ਼ੂਰ ਕੀਤੀ ਗਈ ਹੈ।